ਦੇਸ਼ ''ਚ 24 ਘੰਟਿਆਂ ਦੌਰਾਨ 3,604 ਨਵੇਂ ਕੇਸ, ਕੋਰੋਨਾ ਮਰੀਜ਼ਾਂ ਦਾ ਅੰਕੜਾ 70 ਹਜ਼ਾਰ ਤੋਂ ਪਾਰ
Tuesday, May 12, 2020 - 10:09 AM (IST)
ਨਵੀਂ ਦਿੱਲੀ (ਵਾਰਤਾ)— ਦੇਸ਼ 'ਚ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ (ਕੋਵਿਡ-19) ਦਾ ਇਨਫੈਕਸ਼ਨ ਤੇਜ਼ੀ ਨਾਲ ਫੈਲ ਰਿਹਾ ਹੈ। ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 70 ਹਜ਼ਾਰ ਪਾਰ ਕਰ ਗਿਆ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 3,604 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ 70,756 ਹੋ ਗਈ ਹੈ ਅਤੇ 87 ਲੋਕਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਮੁਤਾਬਕ 2,293 ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ। ਰਾਹਤ ਦੀ ਖ਼ਬਰ ਇਹ ਹੈ ਕਿ 22,454 ਲੋਕ ਸਿਹਤਮੰਦ ਹੋ ਚੁੱਕੇ ਹਨ। ਇਸ ਤਰ੍ਹਾਂ 46,008 ਕੇਸ ਅਜੇ ਵੀ ਸਰਗਰਮ ਹਨ। ਇਸ ਦੇ ਨਾਲ ਹੀ ਭਾਰਤ 50 ਹਜ਼ਾਰ ਤੋਂ ਵਧ ਪੀੜਤਾਂ ਦੇ ਅੰਕੜਿਆਂ ਵਾਲੇ ਦੇਸ਼ਾਂ ਦੀ ਸੂਚੀ ਵਿਚ ਭਾਰਤ 13ਵੇਂ ਸਥਾਨ 'ਤੇ ਪਹੁੰਚ ਗਿਆ ਹੈ।
ਦੇਸ਼ ਵਿਚ ਸਭ ਤੋਂ ਜ਼ਿਆਦਾ ਮਹਾਰਾਸ਼ਟਰ ਸੂਬਾ ਪ੍ਰਭਾਵਿਤ ਹੋਇਆ ਹੈ ਅਤੇ ਇਸ ਕਾਰਨ ਸੂਬੇ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਮਹਾਰਾਸ਼ਟਰ ਵਿਚ 23,401 ਲੋਕ ਇਸ ਵਾਇਰਸ ਦੀ ਲਪੇਟ 'ਚ ਆ ਚੁੱਕੇ ਹਨ ਅਤੇ 868 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਸੂਬੇ 'ਚ 4,786 ਲੋਕ ਇਸ ਵਾਇਰਸ ਨਾਲ ਠੀਕ ਹੋਏ ਹਨ। ਮਹਾਰਾਸ਼ਟਰ ਤੋਂ ਇਲਾਵਾ ਦਿੱਲੀ, ਮੱਧ ਪ੍ਰਦੇਸ਼ ਅਤੇ ਤਾਮਿਲਨਾਡੂ ਵਿਚ ਵੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਦੱਸ ਦੇਈਏ ਕਿ ਦੇਸ਼ ਦੇ 32 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਇਹ ਵਾਇਰਸ ਫੈਲਿਆ ਹੋਇਆ ਹੈ। ਦੇਸ਼ ਅਜੇ 17 ਮਈ ਤੱਕ ਲਾਕਡਾਊਨ ਹੈ ਪਰ ਫਿਰ ਵੀ ਕੋਰੋਨਾ ਦੇ ਕੇਸਾਂ 'ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ 'ਚ 24 ਮਾਰਚ ਨੂੰ ਲਾਕਡਾਊਨ ਦਾ ਐਲਾਨ ਕੀਤਾ ਗਿਆ ਸੀ, ਜੋ 25 ਮਾਰਚ ਤੋਂ ਅਜੇ ਤੱਕ ਲਾਗੂ ਹੈ। ਲਾਕਡਾਊਨ ਨੂੰ ਤਿੰਨ ਵਾਰ ਵਧਾਇਆ ਜਾ ਚੁੱਕਾ ਹੈ।