ਵੱਡਾ ਹਾਦਸਾ, ਗੰਗਾ ਇਸ਼ਨਾਨ ਲਈ ਜਾ ਰਹੇ ਸ਼ਰਧਾਲੂਆਂ ਦੀ ਟਰੈਕਟਰ ਟਰਾਲੀ ਤਾਲਾਬ 'ਚ ਪਲਟੀ, 15 ਦੀ ਮੌਤ

Saturday, Feb 24, 2024 - 12:35 PM (IST)

ਵੱਡਾ ਹਾਦਸਾ, ਗੰਗਾ ਇਸ਼ਨਾਨ ਲਈ ਜਾ ਰਹੇ ਸ਼ਰਧਾਲੂਆਂ ਦੀ ਟਰੈਕਟਰ ਟਰਾਲੀ ਤਾਲਾਬ 'ਚ ਪਲਟੀ, 15 ਦੀ ਮੌਤ

ਕਾਸਗੰਜ- ਉੱਤਰ ਪ੍ਰਦੇਸ਼ ਦੇ ਕਾਸਗੰਜ ਜ਼ਿਲੇ ਦੇ ਪਟਿਆਲੀ ਥਾਣਾ ਖੇਤਰ 'ਚ ਸ਼ਨੀਵਾਰ ਸਵੇਰੇ ਗੰਗਾ 'ਚ ਇਸ਼ਨਾਨ ਕਰਨ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਟਿਆਲੀ-ਦਰਿਆਵਗੰਜ ਰੋਡ 'ਤੇ ਇਕ ਤਾਲਾਬ 'ਚ ਪਲਟ ਗਈ, ਜਿਸ ਕਾਰਨ 7 ਬੱਚਿਆਂ ਅਤੇ 8 ਔਰਤਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਪੁਲਸ ਦੇ ਇੰਸਪੈਕਟਰ ਜਨਰਲ (ਆਈਜੀ) ਸ਼ਲਭ ਮਾਥੁਰ ਨੇ ਸ਼ਨੀਵਾਰ ਨੇ ਦੱਸਿਆ ਕਿ ਉਹ ਡਿਵੀਜ਼ਨਲ ਕਮਿਸ਼ਨਰ ਦੇ ਨਾਲ ਘਟਨਾ ਸਥਾਨ 'ਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਟਰੈਕਟਰ-ਟਰਾਲੀ 'ਤੇ ਸਵਾਰ ਸ਼ਰਧਾਲੂ ਏਟਾ ਦੇ ਜੈਥੜਾ ਤੋਂ ਕਾਸਗੰਜ ਗੰਗਾ 'ਚ ਇਸ਼ਨਾਨ ਕਰਨ ਲਈ ਜਾ ਰਹੇ ਸਨ ਕਿ ਪਟਿਆਲੀ-ਦਰਿਆਵਗੰਜ ਰੋਡ 'ਤੇ ਓਵਰਟੇਕ ਕਰਦੇ ਸਮੇਂ ਉਨ੍ਹਾਂ ਦਾ ਸੰਤੁਲਨ ਵਿਗੜ ਗਿਆ।

ਇਹ ਵੀ ਪੜ੍ਹੋ : ਬੱਚੇ ਸਮੇਤ 6 ਲੋਕਾਂ ਦੇ ਕਤਲ ਮਾਮਲੇ 'ਚ ਸਾਬਕਾ ਕੁਸ਼ਤੀ ਕੋਚ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ

ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਟਰੈਕਟਰ-ਟਰਾਲੀ 7-8 ਫੁੱਟ ਡੂੰਘੇ ਦਲਦਲੀ ਤਾਲਾਬ ਵਿਚ ਪਲਟ ਗਈ, ਜਿਸ ਕਾਰਨ 15 ਲੋਕਾਂ ਦੀ ਮੌਤ ਹੋ ਗਈ। ਹਸਪਤਾਲ ਵਿਚ 15 ਤੋਂ 20 ਦੇ ਕਰੀਬ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਜਾਣਗੀਆਂ। ਮਾਥੁਰ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਆਪਣੇ ਸ਼ੋਗ ਸੰਦੇਸ਼ ਵਿਚ ਕਿਹਾ,"ਕਾਸਗੰਜ ਜ਼ਿਲ੍ਹੇ ਵਿਚ ਸੜਕ ਹਾਦਸੇ ਵਿਚ ਜਾਨੀ ਨੁਕਸਾਨ ਬਹੁਤ ਹੀ ਦਿਲ ਦਹਿਲਾ ਦੇਣ ਵਾਲਾ ਹੈ। ਮੇਰੀ ਹਮਦਰਦੀ ਦੁਖੀ ਪਰਿਵਾਰ ਨਾਲ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸਾਰੇ ਜ਼ਖ਼ਮੀਆਂ ਦਾ ਢੁੱਕਵਾਂ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਭੂ ਸ਼੍ਰੀ ਰਾਮ ਤੋਂ ਪ੍ਰਾਰਥਨਾ ਹੈ ਕਿ ਮਰਹੂਮ ਆਤਮਾਵਾਂ ਨੂੰ ਸ਼ਾਂਤੀ ਅਤੇ ਜ਼ਖ਼ਮੀ ਜਲਦ ਠੀਕ ਹੋਣ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News