ਦਰਦਨਾਕ ਸੜਕ ਹਾਦਸੇ ''ਚ 5 ਔਰਤਾਂ ਦੀ ਮੌਤ, 17 ਜ਼ਖਮੀ
Friday, Nov 06, 2026 - 11:06 PM (IST)
ਸੀਤਾਪੁਰ : ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 5 ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 17 ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਪਿਸਾਵਾਂ ਥਾਣਾ ਖੇਤਰ ਦੇ ਹਿੰਮਤਨਗਰ ਇਲਾਕੇ ਵਿੱਚ ਉਸ ਸਮੇਂ ਵਾਪਰਿਆ, ਜਦੋਂ ਹਰਦੋਈ ਵੱਲੋਂ ਮੁੰਡਨ ਸੰਸਕਾਰ ਕਰਵਾ ਕੇ ਟਰੈਕਟਰ-ਟਰਾਲੀ 'ਚ ਵਾਪਸ ਪਰਤ ਰਹੇ ਸ਼ਰਧਾਲੂਆਂ ਨੂੰ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਟਰੈਕਟਰ-ਟਰਾਲੀ ਸੜਕ 'ਤੇ ਹੀ ਪਲਟ ਗਈ ਅਤੇ ਉਸ ਵਿੱਚ ਸਵਾਰ ਲੋਕ ਟਰਾਲੀ ਹੇਠਾਂ ਦਬ ਗਏ। ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕ-ਚਿਹਾੜਾ ਪੈ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਤੇ ਪ੍ਰਸ਼ਾਸਨਿਕ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰਵਾਏ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
ਹਾਦਸੇ ਦੀ ਜਾਣਕਾਰੀ ਮਿਲਦੇ ਹੀ ਜ਼ਿਲ੍ਹਾ ਮੈਜਿਸਟ੍ਰੇਟ (DM) ਰਾਜਾ ਗਣਪਤੀ ਆਰ. ਅਤੇ ਪੁਲਸ ਸੁਪਰਡੈਂਟ (SP) ਅੰਕੁਰ ਅਗਰਵਾਲ ਨੇ ਜ਼ਿਲ੍ਹਾ ਹਸਪਤਾਲ ਪਹੁੰਚ ਕੇ ਜ਼ਖਮੀਆਂ ਦੀ ਹਾਲਤ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਡਾਕਟਰਾਂ ਨੂੰ ਜ਼ਖਮੀਆਂ ਦੇ ਵਧੀਆ ਅਤੇ ਮੁਫ਼ਤ ਇਲਾਜ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਹਾਦਸੇ ਵਿੱਚ 5 ਔਰਤਾਂ ਦੀ ਮੌਤ ਨਾਲ ਪੂਰੇ ਇਲਾਕੇ ਵਿੱਚ ਮਾਤਮ ਛਾ ਗਿਆ ਹੈ, ਜਦਕਿ 17 ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
