ਸਰਹੱਦ ਪਾਰ ਤੋਂ ਡਰੋਨ ਰਾਹੀਂ ਨਸ਼ੇ ਦੀ ਸਪਲਾਈ, BSF ਨੇ 2 ਕਿਲੋ ਹੈਰੋਇਨ ਕੀਤੀ ਬਰਾਮਦ
Saturday, Jun 24, 2023 - 06:01 PM (IST)
ਜੈਪੁਰ (ਭਾਸ਼ਾ)- ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ 'ਚ ਪਾਕਿਸਤਾਨ ਨਾਲ ਲੱਗਦੇ ਇਲਾਕੇ 'ਚ 2 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਅਧਿਕਾਰੀਆਂ ਅਨੁਸਾਰ ਇਹ ਹੈਰੋਇਨ ਸ਼ੁੱਕਰਵਾਰ ਦੇਰ ਰਾਤ ਡਰੋਨ ਰਾਹੀਂ ਸਰਹੱਦ ਪਾਰ ਤੋਂ ਤਸਕਰੀ ਕਰ ਕੇ ਲਿਆਂਦੀ ਗਈ ਸੀ। ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਦੇ ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਬਰਾਮਦ ਨਸ਼ੀਲੇ ਪਦਾਰਥ ਦੀ ਕੀਮਤ 10 ਕਰੋੜ ਰੁਪਏ ਦੱਸੀ ਗਈ ਹੈ।
ਬੀ.ਐੱਸ.ਐੱਫ. ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਪੁਸ਼ਪੇਂਦਰ ਸਿੰਘ ਰਾਠੌੜ ਨੇ ਸ਼ਨੀਵਾਰ ਨੂੰ ਦੱਸਿਆ ਕਿ ਬੀ.ਐੱਸ.ਐੱਫ. ਜਵਾਨਾਂ ਨੇ ਸ਼ੁੱਕਰਵਾਰ ਰਾਤ ਗਸ਼ਤ ਦੌਰਾਨ ਘੜਸਾਨਾ ਸਰਹੱਦ ਖੇਤਰ 'ਚ ਡਰੋਨ ਉੱਡਣ ਦੀ ਸੂਚਨਾ ਮਿਲੀ। ਉਨ੍ਹਾਂ ਨੇ ਗੋਲੀ ਚਲਾਈ, ਜਿਸ 'ਚ ਡਰੋਨ ਹਾਦਸੇ ਦਾ ਸ਼ਿਕਾਰ ਹੋ ਗਿਆ, ਇਸ ਤੋਂ ਬਾਅਦ ਤਲਾਸ਼ੀ 'ਚ ਹੈਰੋਇਨ ਦੇ 2 ਪੈਕੇਟ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਖੇਪ ਨੂੰ ਲੈਣ ਆਏ ਲੋਕ ਹਨ੍ਹੇਰੇ 'ਚ ਦੌੜਨ 'ਚ ਸਫ਼ਲ ਰਹੇ। ਉਨ੍ਹਾਂ ਕਿਹਾ ਕਿ ਖੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਸ਼ੱਕੀਆਂ ਦੀ ਭਾਲ ਕੀਤੀ ਜਾ ਰਹੀ ਹੈ।