ਉੱਤਰਾਖੰਡ ਦੇ CM ਦੇ ਸਵਾਗਤ ਮੌਕੇ ਗੁਰਦੁਆਰੇ ’ਚ ਮਰਿਆਦਾ ਦੀ ਉਲੰਘਣਾ ਦਾ ਜਥੇਦਾਰ ਨੇ ਲਿਆ ਸਖ਼ਤ ਨੋਟਿਸ
Monday, Jul 26, 2021 - 01:32 PM (IST)
ਅੰਮ੍ਰਿਤਸਰ/ਦੇਹਰਾਦੂਨ— ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉੱਤਰਾਖੰਡ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਸ੍ਰੀ ਨਾਨਕ ਮਤਾ ਵਿਚ ਸਿੱਖ ਰਹਿਤ ਮਰਿਆਦਾ ਦੇ ਉਲੰਘਣਾ ਦਾ ਸਖ਼ਤ ਨੋਟਿਸ ਲਿਆ ਹੈ। ਦੱਸ ਦੇਈਏ ਕਿ ਇਸ ਗੁਰਦੁਆਰਾ ਸਾਹਿਬ ਵਿਚ ਹਾਲ ਹੀ ’ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਸਵਾਗਤ ਗਿਆ ਕੀਤਾ ਸੀ। ਪੁਸ਼ਕਰ ਗੁਰਦੁਆਰਾ ਸਾਹਿਬ ’ਚ ਨਤਮਸਤਕ ਹੋਣ ਲਈ ਗਏ ਸਨ ਅਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਰਿਵਾਇਤੀ ਪਹਾੜੀ ਪੋਸ਼ਾਕ ’ਚ ਬੀਬੀਆਂ ਤੋਂ ਗੁਰਦੁਆਰਾ ਕੰਪਲੈਕਸ ਅੰਦਰ ਡਾਂਸ ਕਰਵਾਇਆ ਗਿਆ ਅਤੇ ਭਾਜਪਾ ਸਮਰਥਕ ਦੇ ਨਾਅਰੇ ਲਾਏ ਗਏ ਸਨ। ਇਸ ਤੋਂ ਇਲਾਵਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ’ਚ ਗੁਰਦੁਆਰਾ ਸਾਹਿਬ ਦੇ ਅੰਦਰ ਤੱਕ ਜਾਂਦੇ ਰਸਤੇ ਦੇ ਅੱਗੇ ਬੀਬੀਆਂ ਸੰਗੀਤ ’ਤੇ ਨੱਚਦੀਆਂ ਨਜ਼ਰ ਆਉਂਦੀਆਂ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਦੀ ਜਾਂਚ ਬਾਬਤ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜੋ ਉੱਥੇ ਜਾ ਕੇ ਮਾਮਲੇ ਦੀ ਜਾਂਚ ਕਰ ਕੇ ਆਪਣੀ ਰਿਪੋਰਟ ਦੇਵੇਗੀ। ਇਸ ਗੱਲ ਦਾ ਖ਼ੁਲਾਸਾ ਜਥੇਦਾਰ ਦੇ ਨਿਜੀ ਸਹਾਇਕ ਜਸਪਾਲ ਸਿੰਘ ਵਲੋਂ ਕੀਤਾ ਹੈ। ਉਨ੍ਹਾਂ ਦੱਸਿਆ ਇਕ ਇਸ ਜਾਂਚ ਕਮੇਟੀ ’ਚ ਸ੍ਰੀ ਅਕਾਲ ਤਖ਼ਤ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਹੈੱਡ ਪ੍ਰਚਾਰਕ ਸਰਬਜੀਤ ਸਿੰਘ ਅਤੇ ਧਰਮ ਪ੍ਰਚਾਰ ਵਿੰਗ ਦੇ ਅਜੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਤਿੰਨ ਮੈਂਬਰੀ ਕਮੇਟੀ ਗੁਰਦੁਆਰਾ ਸਾਹਿਬ ਦਾ ਦੌਰਾ ਕਰੇਗੀ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਓਧਰ ਜਥੇਦਾਰ ਗਿਆਨੀ ਹਰਪ੍ਰੀਤ ਨੇ ਕਿਹਾ ਕਿ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਉਹ ਗੁਰਦੁਆਰੇ ਦੇ ਕੰਪਲੈਕਸ ’ਚ ਮਰਿਆਦਾ ਦਾ ਪਾਲਣ ਯਕੀਨੀ ਕਰੇ।