ਕੇਂਦਰ ਸਰਕਾਰ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦੈ : ਸ਼ਿਵ ਸੈਨਾ

Thursday, Jan 14, 2021 - 04:51 PM (IST)

ਕੇਂਦਰ ਸਰਕਾਰ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦੈ : ਸ਼ਿਵ ਸੈਨਾ

ਮੁੰਬਈ— ਸ਼ਿਵ ਸੈਨਾ ਨੇ ਵੀਰਵਾਰ ਯਾਨੀ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਨ ਅਤੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਸ਼ਿਵ ਸੈਨਾ ਨੇ ਕਿਹਾ ਕਿ ਉਨ੍ਹਾਂ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਕਾਨੂੰਨਾਂ ਨੂੰ ਖਤਮ ਕਰਨਾ ਚਾਹੀਦਾ ਹੈ। ਮੋਦੀ ਜੀ ਦਾ ਅੱਜ ਜਿੰਨਾ ਵੱਡਾ ਕੱਦ ਹੈ, ਅਜਿਹਾ ਕਰਨ ਨਾਲ ਉਨ੍ਹਾਂ ਦਾ ਕੱਦ ਹੋਰ ਵੱਡਾ ਹੋ ਜਾਵੇਗਾ। ਸ਼ਿਵ ਸੈਨਾ ਦੇ ਮੁੱਖ ਪੱਤਰ ‘ਸਾਮਨਾ’ ਦੇ ਸੰਪਾਦਕੀ ’ਚ ਕੇਂਦਰ ਸਰਕਾਰ ’ਤੇ ਸੁਪਰੀਮ ਕੋਰਟ ਦਾ ਇਸਤੇਮਾਲ ਕਰ ਕੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਨ ਦਾ ਵੀ ਦੋਸ਼ ਲਾਇਆ।

ਸੰਪਾਦਕੀ ਵਿਚ ਕਿਹਾ ਗਿਆ ਕਿ ਸੁਪਰੀਮ ਕੋਰਟ ਦੇ ਸਾਹਮਣੇ ਕੇਂਦਰ ਦਾ ਇਹ ਦਾਅਵਾ ਵੀ ਹੈਰਾਨ ਕਰਨ ਵਾਲਾ ਹੈ ਕਿ ਕਿਸਾਨਾਂ ਦੇ ਪ੍ਰਦਰਸ਼ਨ ’ਚ ਖ਼ਾਲਿਸਤਾਨੀ’ ਦਾਖ਼ਲ ਹੋਏ ਹਨ। ਜੇਕਰ ਖ਼ਾਲਿਸਤਾਨੀਆਂ ਨੇ ਵਿਰੋਧ ਪ੍ਰਦਰਸ਼ਨ ਵਿਚ ਘੁਸਪੈਠ ਕੀਤੀ ਹੈ, ਤਾਂ ਸਰਕਾਰ ਦੀ ਹੀ ਅਸਫ਼ਲਤਾ ਹੈ। ਸਰਕਾਰ ਵਿਰੋਧ ਨੂੰ ਖਤਮ ਨਹੀਂ ਕਰਨਾ ਚਾਹੁੰਦੀ ਹੈ ਅਤੇ ਅੰਦੋਲਨ ਨੂੰ ਦੇਸ਼ ਧਰੋਹ ਦਾ ਰੰਗ ਦੇ ਕੇ ਸਿਆਸਤ ਕਰਨਾ ਚਾਹੁੰਦੀ ਹੈ। ‘ਸਾਮਨਾ’ ਵਿਚ ਇਹ ਵੀ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੇ ਵਿਰੋਧ ਅਤੇ ਸਾਹਸ ਦਾ ਸਵਾਗਤ ਕਰਨਾ ਚਾਹੀਦਾ ਹੈ। 

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਗਲੇ ਹੁਕਮਾਂ ਤੱਕ ਖੇਤੀ ਕਾਨੂੰਨਾਂ ਦੇ ਲਾਗੂ ਹੋਣ ’ਤੇ ਰੋਕ ਲਾ ਦਿੱਤੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਉਲਝਣ ਦਾ ਹੱਲ ਕਰਨ ਲਈ 4 ਮੈਂਬਰੀ ਕਮੇਟੀ ਗਠਿਤ ਕੀਤੀ ਹੈ। 26 ਜਨਵਰੀ ਨੂੰ ਦਿੱਲੀ ’ਚ ਕਿਸਾਨਾਂ ਦਾ ਤੈਅ ਟਰੈਕਟਰ ਮਾਰਚ ਦਾ ਜ਼ਿਕਰ ਕਰਦਿਆਂ ਸੰਪਾਦਕੀ ’ਚ ਕਿਹਾ ਗਿਆ ਹੈ ਕਿ ਜੇਕਰ ਸਰਕਾਰ ਚਾਹੁੰਦੀ ਹੈ ਕਿ ਹਾਲਾਤ ਹੋਰ ਨਾ ਵਿਗੜਨ, ਤਾਂ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਲੋੜ ਹੈ। ਪ੍ਰਦਰਸ਼ਨ ਵਿਚ ਹੁਣ ਤੱਕ 60 ਤੋਂ ਵਧੇਰੇ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ। ਸ਼ਿਵ ਸੈਨਾ ਨੇ ਇਹ ਵੀ ਕਿਹਾ ਕਿ ਦੇਸ਼ ਨੇ ਆਜ਼ਾਦੀ ਤੋਂ ਬਾਅਦ ਹੁਣ ਤੱਕ ਅਜਿਹਾ ਅਨੁਸ਼ਾਸਿਤ ਅੰਦੋਲਨ ਨਹੀਂ ਵੇਖਿਆ ਹੈ। 


author

Tanu

Content Editor

Related News