ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ ਕੇਂਦਰ ਸਰਕਾਰ : ਕੇਜਰੀਵਾਲ

12/27/2020 8:27:15 PM

ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਕੇਂਦਰ ਨੂੰ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨ ਜਿਉਂਦੇ ਰਹਿਣ ਲਈ ਪ੍ਰਦਰਸ਼ਨ ਕਰ ਰਹੇ ਹਨ। ਨਵੰਬਰ ਦੇ ਆਖਰੀ ਹਫਤੇ ਤੋਂ ਦਿੱਲੀ-ਹਰਿਆਣਾ ਦੀ ਸਿੰਘੂ ਹੱਦ 'ਤੇ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਕਿਸਾਨਾਂ ਨਾਲ ਮਿਲਣ ਦੂਜੀ ਵਾਰ ਪਹੁੰਚੇ ਕੇਜਰੀਵਾਲ ਨੇ ਕਿਹਾ ਕਿ ਮੈਂ ਕਿਸੇ ਵੀ ਕੇਂਦਰੀ ਮੰਤਰੀ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਕਿਸਾਨਾਂ ਨਾਲ ਖੁੱਲ੍ਹੀ ਬਹਿਸ ਕਰਨ। ਇਸ ਰਾਹੀਂ ਪਤਾ ਲੱਗ ਜਾਵੇਗਾ ਕਿ ਇਹ ਖੇਤੀਬਾੜੀ ਕਾਨੂੰਨ ਲਾਭਦਾਇਕ ਹਨ ਜਾਂ ਹਾਨੀਕਾਰਕ।
ਕੇਜਰੀਵਾਲ ਨਾਲ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਸਨ। ਇਸ ਤੋਂ ਪਹਿਲਾਂ ਕੇਜਰੀਵਾਲ 7 ਦਸੰਬਰ ਨੂੰ ਸਿੰਘੂ ਦੀ ਹੱਦ 'ਤੇ ਕਿਸਾਨਾਂ ਨੂੰ ਮਿਲਣ ਗਏ ਸਨ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੀ ਜ਼ਮੀਨ ਖੋਹ ਲੈਣਗੇ। ਮੈਂ ਹੱਥ ਜੋੜ ਕੇ ਕੇਂਦਰ ਨੂੰ ਅਪੀਲ ਕਰਦਾ ਹਾਂ ਕਿ ਉਹ ਕਿਰਪਾ ਕਰ ਕੇ ਇਨ੍ਹਾਂ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈ ਲਵੇ।
ਸਿਸੋਦੀਆ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕਿਹਾ ਕਿ ਅਸੀਂ ਸਾਰੀਆਂ ਵਿਵਸਥਾਵਾਂ 'ਤੇ ਨਜ਼ਰ ਰੱਖ ਰਹੇ ਹਾਂ ਅਤੇ ਯਕੀਨੀ ਕਰ ਰਹੇ ਹਾਂ ਕਿ ਤੁਹਾਨੂੰ ਘੱਟ ਤੋਂ ਘੱਟ ਪਰੇਸ਼ਾਨੀ ਹੋਵੇ। ਸਿੰਘੂ ਦੀ ਹੱਦ ਦੇ ਦੌਰੇ ਦੌਰਾਨ ਕੇਜਰੀਵਾਲ ਨੇ ਦਿੱਲੀ ਸਰਕਾਰ ਵੱਲੋਂ ਕੀਤੀ ਗਈ ਵਿਵਸਥਾ ਦਾ ਵੀ ਜਾਇਜ਼ਾ ਲਿਆ। ਕੇਜਰੀਵਾਲ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਮਜ਼ਬੂਤੀ ਨਾਲ ਸਮਰਥਨ ਕਰ ਰਹੀ ਹੈ। ਪੰਜਾਬ, ਹਰਿਆਣਆ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਸਿੰਘ ਦੀ ਹੱਦ ਦੇ ਨਾਲ-ਨਾਲ ਦਿੱਲੀ ਦੀਆਂ ਵੱਖ-ਵੱਖ ਹੱਦਾਂ 'ਤੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।

 


ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News