ਰਾਹੁਲ ਗਾਂਧੀ ਦੀ ਨਾਗਰਿਕਤਾ ਦੇ ਮਾਮਲੇ ਦੀ ਸੁਣਵਾਈ ਹੁਣ ਹੋਵੇਗੀ ਲਖਨਊ ’ਚ
Thursday, Dec 18, 2025 - 12:22 AM (IST)
ਲਖਨਊ- ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀ ਨਾਗਰਿਕਤਾ ਬਾਰੇ ਦਾਇਰ ਅਪਰਾਧਿਕ ਸ਼ਿਕਾਇਤ ਦੀ ਸੁਣਵਾਈ ਹੁਣ ਰਾਏਬਰੇਲੀ ਦੀ ਬਜਾਏ ਲਖਨਊ ’ਚ ਹੋਵੇਗੀ। ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਪਟੀਸ਼ਨਰ ਦੀ ਪਟੀਸ਼ਨ ਨੂੰ ਬੁੱਧਵਾਰ ਪ੍ਰਵਾਨ ਕਰ ਲਿਆ ਤੇ ਕੇਸ ਨੂੰ ਲਖਨਊ ਤਬਦੀਲ ਕਰਨ ਦਾ ਹੁਕਮ ਦਿੱਤਾ।
ਇਹ ਹੁਕਮ ਪਟੀਸ਼ਨਰ ਐੱਸ. ਵਿਗਨੇਸ਼ ਸ਼ਿਸ਼ਿਰ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਤੋਂ ਬਾਅਦ ਜਾਰੀ ਕੀਤਾ ਗਿਆ ਸੀ। ਪਟੀਸ਼ਨ ’ਚ ਮੁਦਈ ਨੇ ਅਦਾਲਤ ਨੂੰ ਸੂਚਿਤ ਕੀਤਾ ਕਿ ਰਾਏਬਰੇਲੀ ’ਚ ਕੇਸ ਦੀ ਪੈਰਵੀ ਕਰਦੇ ਸਮੇਂ ਉਸ ਦੀ ਜਾਨ ਨੂੰ ਖ਼ਤਰਾ ਹੈ ਜਿਸ ਕਾਰਨ ਨਿਰਪੱਖ ਸੁਣਵਾਈ ਸੰਭਵ ਨਹੀਂ ਹੈ।
ਇਸ ਆਧਾਰ ’ਤੇ ਉਸ ਨੇ ਕੇਸ ਨੂੰ ਸੁਰੱਖਿਅਤ ਥਾਂ ’ਤੇ ਤਬਦੀਲ ਕਰਨ ਦੀ ਬੇਨਤੀ ਕੀਤੀ ਸੀ। ਮੁਦਈ ਦੀ ਪਟੀਸ਼ਨ ਦੀ ਸੁਣਵਾਈ ਬੁੱਧਵਾਰ ਹਾਈ ਕੋਰਟ ਦੇ ਲਖਨਊ ਬੈਂਚ ’ਚ ਜਸਟਿਸ ਬ੍ਰਿਜਰਾਜ ਸਿੰਘ ਦੇ ਸਾਹਮਣੇ ਹੋਈ। ਸੁਣਵਾਈ ਤੋਂ ਬਾਅਦ ਅਦਾਲਤ ਨੇ ਸੁਰੱਖਿਆ ਚਿੰਤਾਵਾਂ ਨੂੰ ਨੋਟ ਕੀਤਾ ਤੇ ਕੇਸ ਨੂੰ ਰਾਏਬਰੇਲੀ ਤੋਂ ਲਖਨਊ ਤਬਦੀਲ ਕਰਨ ਦਾ ਹੁਕਮ ਦਿੱਤਾ।
