ਨਿਹੱਥੇ ਕਿਸਾਨਾਂ ''ਤੇ ਤਾਕਤ ਦੀ ਵਰਤੋਂ ਮੰਦਭਾਗੀ: ਅਭੈ ਚੌਟਾਲਾ
Saturday, Dec 14, 2024 - 05:39 PM (IST)
ਸਿਰਸਾ -ਇੰਡੀਅਨ ਨੈਸ਼ਨਲ ਲੋਕ ਦਲ ਦੇ ਪ੍ਰਮੁੱਖ ਜਨਰਲ ਸਕੱਤਰ ਅਭੈ ਚੌਟਾਲਾ ਨੇ ਸ਼ਨੀਵਾਰ ਨੂੰ ਫਸਲਾਂ 'ਤੇ ਘੱਟੋ ਘੱਟ ਸਮਰਥਨ ਮੁੱਲ ( MSP) ਦੀ ਕਾਨੂੰਨੀ ਗਾਰੰਟੀ ਵਰਗੀਆਂ ਮੰਗਾਂ ਨੂੰ ਲੈ ਕੇ 101 ਅੰਦੋਲਨਕਾਰੀ ਕਿਸਾਨਾਂ ਦੇ ਸ਼ੰਭੂ ਬਾਰਡਰ ਤੋਂ ਪੈਦਲ ਦਿੱਲੀ ਜਾਣ 'ਤੇ ਹਰਿਆਣਾ ਪੁਲਸ ਵਲੋਂ ਹੰਝੂ ਗੈਸ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਦੀ ਨਿੰਦਾ ਕੀਤੀ ਹੈ। ਚੌਟਾਲਾ ਨੇ ਇੱਥੇ ਜਾਰੀ ਬਿਆਨ ਵਿਚ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਅਤੇ ਕਿਸਾਨ ਵਿਰੋਧੀ ਕਦਮ ਹੈ।
ਅਭੈ ਨੇ ਅੱਗੇ ਕਿਹਾ ਕਿ ਇਹ ਨਿਹੱਥੇ ਕਿਸਾਨਾਂ 'ਤੇ ਤਸ਼ੱਦਦ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਗੋਲੀਆਂ ਅਤੇ ਲਾਠੀਆਂ ਨਾਲ ਕੁਚਲਣ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਸ ਕਾਰਵਾਈ 'ਚ ਦੋ ਦਰਜਨ ਤੋਂ ਵੱਧ ਕਿਸਾਨ ਗੰਭੀਰ ਜ਼ਖ਼ਮੀ ਹੋ ਚੁੱਕੇ ਹਨ, ਜਦੋਂਕਿ ਆਪਣੀਆਂ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕਰਨਾ ਭਾਰਤ ਦੇ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ।
ਦੱਸ ਦੇਈਏ ਕਿ ਫਸਲਾਂ 'ਤੇ ਘੱਟੋ ਘੱਟ ਸਮਰਥਨ ਮੁੱਲ (MSP) ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਅੰਦੋਲਨ ਤੇਜ਼ ਕਰ ਦਿੱਤਾ ਹੈ। ਕਿਸਾਨਾਂ ਨੂੰ ਦਿੱਲੀ ਕੂਚ ਨਹੀਂ ਕਰਨ ਦਿੱਤਾ ਜਾ ਰਿਹਾ ਹੈ। ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ 307ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ। ਕਿਸਾਨਾਂ ਨੂੰ ਸ਼ੰਭੂ ਬਾਰਡਰ 'ਤੇ ਰੋਕੇ ਜਾਣ ਅਤੇ ਹਰਿਆਣਾ ਸਰਕਾਰ ਵਲੋਂ ਹੰਝੂ ਗੈਸ ਦੇ ਗੋਲੇ ਦਾਗੇ ਜਾਣ ਮਗਰੋਂ ਕਿਸਾਨ ਆਗੂ ਪੰਧੇਰ ਨੇ ਕਿਹਾ ਕਿ 18 ਦਸੰਬਰ ਨੂੰ ਪੰਜਾਬ ਭਰ ਵਿਚ ਰੇਲਾਂ ਰੋਕੀਆਂ ਜਾਣਗੀਆਂ। ਰੇਲਾਂ ਰੋਕਣ ਦਾ ਸਮਾਂ ਦੁਪਹਿਰ 12 ਤੋਂ 3 ਵਜੇ ਤਕ ਹੋਵੇਗਾ। ਇਸ ਸਮੇਂ ਦੌਰਾਨ ਪੰਜਾਬ ਭਰ ਵਿਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।