ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਨੇ ਸਿਰਾਥੂ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ
Thursday, Feb 03, 2022 - 02:34 PM (IST)
ਕੌਸ਼ਾਂਬੀ (ਭਾਸ਼ਾ)— ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਨੇ ਵੀਰਵਾਰ ਯਾਨੀ ਕਿ ਅੱਜ ਕੌਸ਼ਾਂਬੀ ਜ਼ਿਲ੍ਹੇ ਦੀ ਸਿਰਾਥੂ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਦੇ ਰੂਪ ’ਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਨਾਮਜ਼ਦਗੀ ਦਾਖ਼ਲ ਕਰਨ ਦੌਰਾਨ ਉਨ੍ਹਾਂ ਨਾਲ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਅਤੇ ਆਪਣਾ ਦਲ-ਸੋਨੇਲਾਲ ਦੀ ਨੇਤਾ, ਕੇਂਦਰੀ ਰਾਜ ਮੰਤਰੀ ਅਨੁਪਿ੍ਰਆ ਪਟੇਲ ਵੀ ਮੌਜੂਦ ਸਨ।
ਨੱਢਾ ਨੇ ਮੌਰੀਆ ਦਾ ਨਾਮਜ਼ਦਗੀ ਦਾਖਲ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ ਸਿਰਾਥੂ ਖੇਤਰ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਦੇ ਵਿਕਾਸ ’ਚ ਕੇਸ਼ਵ ਪ੍ਰਸਾਦ ਦੀ ਮਹੱਤਵਪੂਰਨ ਭੂਮਿਕਾ ਰਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇੱਥੇ ਭਾਜਪਾ ਵਰਕਰਾਂ ਵਿਚ ਜਿਸ ਤਰ੍ਹਾਂ ਦਾ ਉਤਸ਼ਾਹ ਵੇਖਿਆ ਜਾ ਰਿਹਾ ਹੈ, ਉਸ ਤੋਂ ਸਾਫ਼ ਜ਼ਾਹਰ ਹੈ ਕਿ ਮੌਰੀਆ ਦੀ ਇਤਿਹਾਸਕ ਜਿੱਤ ਯਕੀਨੀ ਹੈ।
ਨੱਢਾ ਨੇ ਕਿਹਾ ਕਿ ਭਾਜਪਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਵੀ ਜਿੱਤ ਦਰਜ ਕਰ ਕੇ ਸਰਕਾਰ ਬਣਾਉਣ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ‘ਸਭ ਕਾ ਸਾਥ, ਸਭ ਕਾ ਵਿਕਾਸ ਅਤੇ ਸਭ ਕਾ ਵਿਸ਼ਵਾਸ’ ਦੇ ਮੂਲ ਮੰਤਰ ’ਤੇ ਚੱਲ ਕੇ ਜਨਤਾ ਦੇ ਹਿੱਤ ਲਈ ਕੰਮ ਕਰ ਰਹੀ ਹੈ। ਆਪਣਾ ਦਲ-ਸੋਨੇਲਾਲ ਮੁਖੀ ਅਤੇ ਕੇਂਦਰੀ ਰਾਜ ਮੰਤਰੀ ਅਨੁਪਿ੍ਰਆ ਪਟੇਲ ਨੇ ਇਸ ਮੌਕੇ ’ਤੇ ਕਿਹਾ ਕਿ ਭਾਜਪਾ ਅਤੇ ਆਪਣਾ ਦਲ ਦਾ ਗਠਜੋੜ ਬਹੁਤ ਮਜ਼ਬੂਤ ਹੈ ਅਤੇ ਕੇਸ਼ਵ ਪ੍ਰਸਾਦ ਮੌਰੀਆ ਸਿਰਾਥੂ ਤੋਂ ਇਤਿਹਾਸਕ ਜਿੱਤ ਦਰਜ ਕਰਨਗੇ।