ਕੋਰੋਨਾ ਆਫ਼ਤ: ਉੱਤਰ ਪ੍ਰਦੇਸ਼ ਬੋਰਡ ਨੇ ਰੱਦ ਕੀਤੀ 12ਵੀਂ ਦੀ ਪ੍ਰੀਖਿਆ
Thursday, Jun 03, 2021 - 01:53 PM (IST)
ਲਖਨਊ— ਉੱਤਰ ਪ੍ਰਦੇਸ਼ ਬੋਰਡ ਦੀ 12ਵੀਂ ਦੀ ਪ੍ਰੀਖਿਆ ਨੂੰ ਲੈ ਕੇ ਵੱਡੀ ਖ਼ਬਰ ਹੈ। ਯੋਗੀ ਸਰਕਾਰ ਨੇ ਉੱਤਰ ਪ੍ਰਦੇਸ਼ ਬੋਰਡ ਦੀ 12ਵੀਂ ਦੀ ਪ੍ਰੀਖਿਆ ਰੱਦ ਕਰਨ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਹੋਈ ਬੈਠਕ ਵਿਚ ਸਿੱਖਿਆ ਮਹਿਕਮੇ ਨੇ ਉੱਚ ਅਧਿਕਾਰੀ ਵੀ ਸ਼ਾਮਲ ਹੋਏ। ਇਸ ਗੱਲ ਦੀ ਪੁਸ਼ਟੀ ਉੱਪ ਮੁੱਖ ਮੰਤਰੀ ਦਿਨੇਸ਼ ਸ਼ਰਮਾ ਨੇ ਕੀਤੀ। ਦੇਸ਼ ਵਿਚ ਕੋਰੋਨਾ ਮਹਾਮਾਰੀ ਦੇ ਵੱਧਦੇ ਖ਼ਤਰੇ ਨੂੰ ਵੇਖਦੇ ਹੋਏ ਸੀ. ਬੀ. ਐੱਸ. ਈ. ਸਮੇਤ ਕਈ ਸਟੇਟ ਬੋਰਡ ਨੇ ਵੀ ਆਪਣੀ 12ਵੀਂ ਦੀ ਬੋਰਡ ਪ੍ਰੀਖਿਆ ਰੱਦ ਕਰ ਦਿੱਤੀ ਹੈ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਉੱਤਰ ਪ੍ਰਦੇਸ਼ ਸੈਕੰਡਰੀ ਸਿੱਖਿਆ ਬੋਰਡ ਨੇ 12ਵੀਂ ਦੀ ਪ੍ਰੀਖਿਆ ਰੱਦ ਕਰ ਦਿੱਤੀ।
ਓਧਰ ਉੱਪ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ ’ਚ ਕੁਝ ਸਮਾਂ ਲੱਗ ਸਕਦਾ ਹੈ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਸੀ. ਬੀ. ਐੱਸ. ਈ. ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਸੀ। ਅੱਜ ਅਸੀਂ ਵੀ ਉੱਤਰ ਪ੍ਰਦੇਸ਼ ਦੀ 12ਵੀਂ ਬੋਰਡ ਪ੍ਰੀਖਿਆ ਰੱਦ ਕਰਨ ਦਾ ਫ਼ੈਸਲਾ ਲਿਆ ਹੈ। ਇਹ ਫ਼ੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਲਿਆ ਗਿਆ ਹੈ।