ਵੈਧ ਡਰਾਈਵਿੰਗ ਲਾਇਸੈਂਸ ਨਾ ਹੋਣ ''ਤੇ ਦੁਰਘਟਨਾ ਮੁਆਵਜ਼ੇ ਲਈ ਜ਼ਿੰਮੇਵਾਰ ਨਹੀਂ ਬੀਮਾ ਕੰਪਨੀ: ਸੁਪਰੀਮ ਕੋਰਟ
Friday, Jul 31, 2026 - 12:27 PM (IST)
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਹਾਦਸੇ ਦੇ ਸਮੇਂ ਡਰਾਈਵਰ ਦਾ ਡਰਾਈਵਿੰਗ ਲਾਇਸੈਂਸ ਵੈਧ ਨਹੀਂ ਸੀ ਜਾਂ ਰੀਨਿਊ ਨਹੀਂ ਹੋਇਆ, ਤਾਂ ਬੀਮਾ ਕੰਪਨੀ ਮੁਆਵਜ਼ਾ ਦੇਣ ਲਈ ਜ਼ਿੰਮੇਵਾਰ ਨਹੀਂ ਹੋਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਹਾਦਸਾ ਕਰਨ ਵਾਲਾ ਵਾਹਨ ਵੈਧ ਡਰਾਈਵਿੰਗ ਲਾਇਸੈਂਸ ਨਾਲ ਚਲਾਇਆ ਜਾ ਰਿਹਾ ਸੀ ਤਾਂ ਬੀਮਾ ਕੰਪਨੀ ਨੂੰ ਮੁਆਵਜ਼ੇ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਸੁਪਰੀਮ ਕੋਰਟ ਨੇ ਕਿਹਾ ਕਿ ਬਿਨਾਂ ਵੈਧ ਲਾਇਸੈਂਸ ਦੇ ਗੱਡੀ ਚਲਾਉਣ ਦੇ ਅਭਿਆਸ ਨਾਲ ਦੁਰਘਟਨਾ ਦੇ ਮਾਮਲਿਆਂ ਵਿੱਚ ਡਰਾਈਵਰ, ਵਾਹਨ ਮਾਲਕ ਜਾਂ ਦੋਵਾਂ ਨੂੰ ਭਾਰੀ ਮੁਆਵਜ਼ਾ ਦੇਣਾ ਪੈ ਸਕਦਾ ਹੈ।
ਅਦਾਲਤ ਨੇ ਇਸ ਸਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਦੇਸ਼ ਵਿਆਪੀ ਮੁਹਿੰਮ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ। ਜਸਟਿਸ ਸੰਜੇ ਕਰੋਲ ਅਤੇ ਐੱਨ. ਕੋਟੀਸ਼ਵਰ ਸਿੰਘ ਦੇ ਬੈਂਚ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਅਤੇ ਰਾਜ ਆਵਾਜਾਈ ਵਿਭਾਗਾਂ ਨੂੰ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਮਜ਼ਬੂਤ ਕਰਨ ਲਈ ਇੱਕ ਦੇਸ਼ ਵਿਆਪੀ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਬੈਂਚ ਨੇ ਮੰਤਰਾਲੇ ਅਤੇ ਰਾਜਾਂ ਨੂੰ ਸੋਸ਼ਲ ਮੀਡੀਆ ਸਮੇਤ ਵੱਖ-ਵੱਖ ਮਾਧਿਅਮਾਂ ਰਾਹੀਂ ਇੱਕ ਵਿਆਪਕ ਜਨਤਕ ਜਾਗਰੂਕਤਾ ਮੁਹਿੰਮ ਚਲਾਉਣ,ਤੇ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਅਤੇ ਨਵੀਨੀਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਸੁਪਰੀਮ ਕੋਰਟ ਨੇ ਡਰਾਈਵਿੰਗ ਸਕੂਲਾਂ ਨੂੰ ਨਿਯਮਤ, ਉਨ੍ਹਾਂ ਨੂੰ ਕਿਫਾਇਤੀ ਬਣਾਉਣ ਅਤੇ ਲਾਇਸੈਂਸ ਲਈ ਅਰਜ਼ੀ ਅਤੇ ਪ੍ਰੀਖਿਆ ਪ੍ਰਕਿਰਿਆ ਨੂੰ ਖੇਤਰੀ ਭਾਸ਼ਾਵਾਂ ਵਿੱਚ ਪਹੁੰਚਯੋਗ ਬਣਾਉਣ ਲਈ ਤੁਰੰਤ ਸੁਧਾਰਾਂ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ।
