350ਵੇਂ ਸ਼ਹੀਦੀ ਦਿਹਾੜੇ ਮੌਕੇ ਉਪ ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਤੇ ਮੁੱਖ ਮੰਤਰੀ ਰੇਖਾ ਗੁਪਤਾ ਹੋਏ ਨਤਮਸਤਕ
Monday, Nov 24, 2025 - 11:33 PM (IST)
ਅੰਮ੍ਰਿਤਸਰ, (ਸਰਬਜੀਤ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਦੇਸ਼ ਦੇ ਉਪ ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਇਤਿਹਾਸਕ ਜਾਣਕਾਰੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਬਾਰੇ ਦਿੱਤੀ ਗਈ ਹੈ, ਉਸ ਬਾਰੇ ਉਹ ਮਹਿਸੂਸ ਕਰਦੇ ਹਨ ਕਿ ਇਸ ਮਹਾਨ ਸ਼ਹਾਦਤ ਬਾਰੇ ਕਿਤਾਬਾਂ ਪ੍ਰਕਾਸ਼ਿਤ ਕਰਵਾ ਕੇ ਸਾਰੀ ਦੁਨੀਆਂ ਨੂੰ ਇਸ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹਾਦਤ ਦੀ ਇਤਿਹਾਸਕ ’ਚ ਕੋਈ ਬਰਾਬਰੀ ਨਹੀਂ ਮਿਲਦੀ ਤੇ ਇਸ ਮਹਾਨ ਕੁਰਬਾਨੀ ਨੂੰ ਜਿੰਨਾ ਨਮਨ ਕੀਤਾ ਜਾਵੇ ਥੋੜ੍ਹਾ ਹੈ।

ਇਸ ਮੌਕੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਵੱਡਭਾਗੀ ਸਮਝਦੇ ਹਨ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਉਣ ਦਾ ਮੌਕਾ ਉਨ੍ਹਾਂ ਦੀ ਅਗਵਾਈ ਹੇਠ ਸਰਕਾਰ ਨੂੰ ਮਿਲਿਆ ਹੈ। ਉਨ੍ਹਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਲਾਲ ਕਿਲੇ ’ਤੇ ਵੱਡੇ ਸਮਾਗਮ ਹੋ ਰਹੇ ਹਨ ਅਤੇ ਸਾਰੀ ਦਿੱਲੀ ’ਚ ਇਨ੍ਹਾਂ ਪਵਿੱਤਰ ਦਿਹਾੜਿਆਂ ਨੂੰ ਲੈ ਕੇ ਸ਼ਰਧਾ ਤੇ ਸਤਿਕਾਰ ਨਾਲ ਸਮਾਗਮ ਕੀਤੇ ਜਾ ਰਹੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਸੀਂ ਵੱਡਭਾਗੇ ਹਾਂ ਕਿ ਸਾਡੀ ਜ਼ਿੰਦਗੀ ’ਚ ਇਹ ਦਿਹਾੜਾ ਮਨਾਉਣ ਦਾ ਮੌਕਾ ਆਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਲੜ ਲੱਗ ਕੇ ਅਸੀਂ ਦੇਸ਼ ਅਤੇ ਦੁਨੀਆ ਦੀ ਸੇਵਾ ਕਰ ਸਕਦੇ ਹਾਂ, ਇਹ ਸੇਵਾ ਵੀ ਗੁਰੂ ਸਾਹਿਬ ਨੇ ਸਾਡੀ ਝੋਲੀ ਪਾਈ ਹੈ।
ਇਸ ਦੌਰਾਨ ਲਾਲ ਕਿਲੇ ’ਤੇ ਚੱਲ ਰਹੇ 3 ਰੋਜ਼ਾ ਸਮਾਗਮਾਂ ਦੌਰਾਨ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ 350 ਵਿਦਿਆਰਥੀਆਂ ਨੇ ਅੱਜ ਸਮੂਹਿਕ ਤੌਰ ’ਤੇ ਕੀਰਤਨ ਕਰ ਕੇ ਇਕ ਨਵਾਂ ਇਤਿਹਾਸ ਸਿਰਜਿਆ। ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 3 ਰੋਜ਼ਾ ਸਮਾਗਮਾਂ ’ਚ ਵੱਧ ਤੋਂ ਵੱਧ ਗਿਣਤੀ ’ਚ ਹਿੱਸਾ ਲੈਣ।
