ਝਾਰਖੰਡ ਵਿਧਾਨ ਸਭਾ ਚੋਣਾਂ ’ਚ ਪੈਸੇ ਦੀ ਤਾਕਤ ਦੀ ਵਰਤੋਂ ਨੂੰ ਬਰਦਾਸ਼ਤ ਨਹੀਂ ਕਰਾਂਗੇ: ਚੋਣ ਕਮਿਸ਼ਨ

Wednesday, Sep 25, 2024 - 04:01 AM (IST)

ਰਾਂਚੀ - ਚੋਣ ਕਮਿਸ਼ਨ ਨੇ ਕੇਂਦਰੀ ਅਤੇ ਸੂਬਾਈ ਪੱਧਰ ’ਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਸਪੱਸ਼ਟ ਕੀਤਾ ਹੈ ਕਿ ਉਹ 81 ਮੈਂਬਰੀ ਝਾਰਖੰਡ ਵਿਧਾਨ ਸਭਾ ਲਈ ਹੋਣ ਵਾਲੀਆਂ ਚੋਣਾਂ ’ਚ ਪੈਸੇ ਦੀ ਤਾਕਤ ਦੀ ਵਰਤੋਂ ਨੂੰ ਬਰਦਾਸ਼ਤ ਨਹੀਂ ਕਰੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਤੇ ਡਾ. ਐੱਸ. ਐੱਸ. ਸੰਧੂ ਨਾਲ ਇੱਥੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਸਿਆਸੀ ਪਾਰਟੀਆਂ ਦੇ ਆਗੂਆਂ, ਸੁਰੱਖਿਆ ਫੋਰਸਾਂ ਦੇ ਅਧਿਕਾਰੀਆਂ ਤੇ ਹੋਰ ਸਬੰਧਤ ਵਿਅਕਤੀਆਂ ਨਾਲ ਮੀਟਿੰਗਾਂ ਕੀਤੀਆਂ। 

ਚੋਣ ਕਮਿਸ਼ਨ ਨੇ ਇਕ ਰਿਲੀਜ਼ ’ਚ ਕਿਹਾ ਕਿ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ, ਨਾਰਕੋਟਿਕਸ ਕੰਟਰੋਲ ਬਿਊਰੋ, ਰੇਲਵੇ ਪ੍ਰੋਟੈਕਸ਼ਨ  ਫੋਰਸ, ਭਾਰਤੀ ਰਿਜ਼ਰਵ ਬੈਂਕ, ਸੂਬਾਈ  ਪੁਲਸ, ਇਨਕਮ ਟੈਕਸ ਤੇ ਇਨਫੋਰਸਮੈਂਟ ਡਾਇਰੈਕਟੋਰੇਟ ਆਦਿ ਵਰਗੀਆਂ ਲੱਗਭਗ 20 ਕੇਂਦਰੀ ਤੇ ਕਾਨੂੰਨ  ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਕਮਿਸ਼ਨ ਨੇ ਭੜਕਾਹਟ ਰਹਿਤ ਚੋਣਾਂ ’ਤੇ ਜ਼ੋਰ ਦਿੱਤਾ। ਮੁੱਖ  ਚੋਣ ਕਮਿਸ਼ਨਰ  ਨੇ ਅਧਿਕਾਰੀਆਂ ਨੂੰ ਸੁਚੇਤ ਕੀਤਾ ਕਿ ਚੋਣਾਂ ਦੌਰਾਨ ਜਾਂਚ ਦੇ ਨਾਂ ’ਤੇ ਕਿਸੇ ਵੀ ਤਰ੍ਹਾਂ ਨਾਲ ਲੋਕਾਂ  ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਕਮਿਸ਼ਨ ਨੇ ਸਾਰੀਆਂ ਇਨਫੋਰਸਮੈਂਟ ਏਜੰਸੀਆਂ ਨੂੰ  ਸੂਬੇ ’ਚ ਨਾਜਾਇਜ਼ ਸ਼ਰਾਬ, ਨਕਦੀ ਤੇ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਣ ਲਈ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।


Inder Prajapati

Content Editor

Related News