ਜੰਗ ਦੇ ਨਾਂ ''ਤੇ ਨਹੀਂ ਚੱਲੇਗੀ ਲੁੱਟ ! PM ਮੋਦੀ ਨੇ ਗੈਸ ਸਿਲੰਡਰਾਂ ਦੀ ਜਮ੍ਹਾਂਖੋਰੀ ਖ਼ਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਆਦੇਸ਼
Monday, Mar 23, 2026 - 04:34 PM (IST)
ਨਵੀਂ ਦਿੱਲੀ- ਪੱਛਮੀ ਏਸ਼ੀਆ (West Asia) 'ਚ ਚੱਲ ਰਹੇ ਜੰਗੀ ਸੰਕਟ ਕਾਰਨ ਪੈਦਾ ਹੋਈ ਊਰਜਾ ਦੀ ਕਿੱਲਤ ਦਾ ਫਾਇਦਾ ਉਠਾਉਣ ਵਾਲਿਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਖ਼ਤ ਚਿਤਾਵਨੀ ਦਿੱਤੀ ਹੈ। ਸੋਮਵਾਰ ਨੂੰ ਲੋਕ ਸਭਾ 'ਚ ਬੋਲਦਿਆਂ ਪ੍ਰਧਾਨ ਮੰਤਰੀ ਨੇ ਸਾਰੀਆਂ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਕਿ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਕਰਨ ਵਾਲੇ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
3500 ਛਾਪੇਮਾਰੀ ਅਤੇ ਵੱਡੀ ਬਰਾਮਦਗੀ
ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਅਨੁਸਾਰ, ਐਤਵਾਰ ਤੱਕ ਦੇਸ਼ ਭਰ 'ਚ 3,500 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਇਸ ਦੌਰਾਨ ਬਿਹਾਰ, ਹਰਿਆਣਾ, ਕਰਨਾਟਕ, ਤਾਮਿਲਨਾਡੂ ਅਤੇ ਉੱਤਰ ਪ੍ਰਦੇਸ਼ ਸਮੇਤ ਵੱਖ-ਵੱਖ ਰਾਜਾਂ 'ਚੋਂ 1,200 ਤੋਂ ਵੱਧ ਗੈਸ ਸਿਲੰਡਰ ਜ਼ਬਤ ਕੀਤੇ ਗਏ ਹਨ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੰਗ ਦੇ ਬਹਾਨੇ ਆਮ ਜਨਤਾ ਨੂੰ ਲੁੱਟਣ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ।
ਏਜੰਸੀਆਂ ਨੂੰ 'ਹਾਈ ਅਲਰਟ' 'ਤੇ ਰਹਿਣ ਦੇ ਨਿਰਦੇਸ਼
ਪ੍ਰਧਾਨ ਮੰਤਰੀ ਨੇ ਕਿਹਾ, "ਜਦੋਂ ਅਜਿਹੇ ਸੰਕਟ ਆਉਂਦੇ ਹਨ, ਤਾਂ ਕੁਝ ਸ਼ਰਾਰਤੀ ਅਨਸਰ ਨਾਜਾਇਜ਼ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰਦੇ ਹਨ। ਇਸ ਲਈ ਤੱਟੀ ਸੁਰੱਖਿਆ, ਸਰਹੱਦੀ ਸੁਰੱਖਿਆ ਅਤੇ ਸਾਈਬਰ ਸੁਰੱਖਿਆ ਸਮੇਤ ਸਾਰੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ।" ਉਨ੍ਹਾਂ ਕਿਹਾ ਕਿ ਦੇਸ਼ ਦੇ ਰਣਨੀਤਕ ਅਦਾਰਿਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਝੂਠ ਅਤੇ ਅਫਵਾਹਾਂ ਤੋਂ ਬਚਣ ਦੀ ਅਪੀਲ
ਸੂਬਾ ਸਰਕਾਰਾਂ ਨੂੰ ਸਖ਼ਤ ਨਿਗਰਾਨੀ ਰੱਖਣ ਲਈ ਕਹਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੇ ਸਮੇਂ 'ਚ ਝੂਠੀਆਂ ਅਫਵਾਹਾਂ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਜਿਸ ਤੋਂ ਬਚਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਜੇਕਰ ਦੇਸ਼ ਦਾ ਹਰ ਨਾਗਰਿਕ ਅਤੇ ਹਰ ਸਰਕਾਰ ਮਿਲ ਕੇ ਚੱਲਦੀ ਹੈ, ਤਾਂ ਅਸੀਂ ਹਰ ਚੁਣੌਤੀ 'ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
