ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਵਾਲਾ ਮਤਾ ਬੰਗਾਲ ਵਿਧਾਨ ਸਭਾ ’ਚ ਪਾਸ

Thursday, Jan 28, 2021 - 05:38 PM (IST)

ਕੋਲਕਾਤਾ— ਪੱਛਮੀ ਬੰਗਾਲ ਵਿਧਾਨ ਸਭਾ ਨੇ ਵੀਰਵਾਰ ਯਾਨੀ ਕਿ ਅੱਜ ਕੇਂਦਰ ਦੇ ਤਿੰਨੋਂ ਵਿਵਾਦਪੂਰਨ ਖੇਤੀ ਕਾਨੂੰਨਾਂ ਖ਼ਿਲਾਫ਼ ਇਕ ਮਤਾ ਪਾਸ ਕੀਤਾ ਅਤੇ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਵਾਪਸ ਲਏ ਜਾਣ ਦੀ ਮੰਗ ਕੀਤੀ। ਇਹ ਮਤਾ ਕਾਰਜ ਮੰਤਰੀ ਪਾਰਥ ਚੈਟਜਰੀ ਨੇ ਪੇਸ਼ ਕੀਤਾ। ਇਸ ’ਚ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜਾਂ ਤਾਂ ਇਹ ਨਵੇਂ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ ਜਾਂ ਫ਼ਿਰ ਸੱਤਾ ਤੋਂ ਹੱਟ ਜਾਣਾ ਚਾਹੀਦਾ ਹੈ। ਮਾਕਪਾ ਅਤੇ ਕਾਂਗਰਸ ਪਾਰਟੀ ਨੇ ਇਸ ਮਤੇ ਦਾ ਸਮਰਥਨ ਕੀਤਾ। ਉੱਥੇ ਹੀ ਭਾਜਪਾ ਵਿਧਾਇਕਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਉਹ ‘ਜਯ ਸ਼੍ਰੀਰਾਮ’ ਦੇ ਨਾਅਰੇ ਲਾਉਂਦੇ ਹੋਏ ਸਦਨ ਤੋਂ ਵਾਕਆਊਟ ਕਰ ਗਏ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਜਸਥਾਨ, ਛੱਤੀਸਗੜ੍ਹ, ਪੰਜਾਬ, ਕੇਰਲ ਜਿਹੇ ਸੂਬੇ ਵੀ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਕਰ ਚੁੱਕੇ ਹਨ। ਜਦਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਵਿਧਾਨ ਸਭਾ ’ਚ ਇਨ੍ਹਾਂ ਕਾਨੂੰਨਾਂ ਦੀਆਂ ਕਾਪੀਆਂ ਨੂੰ ਫਾੜ ਚੁੱਕੇ ਹਨ। 

ਓਧਰ ਮਮਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਸਾਰੀਆਂ ਪਾਰਟੀਆਂ ਦੀ ਬੈਠਕ ਬੁਲਾਉਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਇਸ ਦੇ ਨਾਲ ਹੀ ਕਿਹਾ ਕਿ ਅਸੀਂ ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰਦੇ ਹਾਂ। ਅਸੀਂ ਇਸ ਨੂੰ ਤੁਰੰਤ ਵਾਪਸ ਲਏ ਜਾਣ ਦੀ ਮੰਗ ਕਰਦੇ ਹਾਂ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਦਿੱਲੀ ਪੁਲਸ ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਸਹੀ ਢੰਗ ਨਾਲ ਕੰਟਰੋਲ ਨਹੀਂ ਕਰ ਸਕੀ, ਜਿਸ ਕਾਰਨ ਗਣਤੰਤਰ ਦਿਵਸ ਪਰੇਡ ਦੇ ਦਿਨ ਸਥਿਤੀ ਹੱਥ ਤੋਂ ਬਾਹਰ ਨਿਕਲ ਗਈ। ਦਿੱਲੀ ਪੁਲਸ ਕੀ ਕਰ ਰਹੀ ਸੀ? ਇਹ ਖ਼ੁਫੀਆ ਤੰਤਰ ਦੀ ਨਾਕਾਮੀ ਹੈ। ਅਸੀਂ ਕਿਸਾਨਾਂ ਨੂੰ ਗੱਦਾਰ ਦੱਸਿਆ ਜਾਣਾ ਬਰਦਾਸ਼ਤ ਨਹੀਂ ਕਰਾਂਗੇ। ਉਹ ਦੇਸ਼ ਦਾ ਅੰਨਦਾਤਾ ਅਤੇ ਮਾਣ ਹੈ।


Tanu

Content Editor

Related News