ਪੱਛਮੀ ਬੰਗਾਲ ਪੰਚਾਇਤੀ ਚੋਣਾਂ, ਨਾਮਜ਼ਦਗੀ ਦਾਖਲ ਕਰਨ ਜਾ ਰਹੇ 3 ਲੋਕਾਂ ਨੂੰ ਗੋਲੀਆਂ ਮਾਰੀਆਂ, 1 ਦੀ ਮੌਤ, 2 ਜ਼ਖ਼ਮੀ
Friday, Jun 16, 2023 - 11:56 AM (IST)
ਕੋਲਕਾਤਾ, (ਅਨਸ)- ਪੱਛਮੀ ਬੰਗਾਲ ਦੇ ਉੱਤਰੀ ਦਿਨਾਜਪੁਰ ਜ਼ਿਲੇ ’ਚ ਵੀਰਵਾਰ ਨੂੰ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਦਾਖਲ ਕਰਨ ਜਾ ਰਹੇ 3 ਲੋਕਾਂ ਨੂੰ ਕਥਿਤ ਤੌਰ ’ਤੇ ਗੋਲੀਆਂ ਮਾਰ ਦਿੱਤੀਆਂ ਗਈਆਂ, ਜਿਸ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ 2 ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ।
ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਦੇ ਸੂਬਾ ਸਕੱਤਰ ਮੁਹੰਮਦ ਸਲੀਮ ਨੇ ਦਾਅਵਾ ਕੀਤਾ ਕਿ ਤਿੰਨੇ ਵਿਅਕਤੀ ਖੱਬੇ ਮੋਰਚੇ ਅਤੇ ਕਾਂਗਰਸ ਦੇ ਸਮਰਥਕ ਹਨ। ਉਨ੍ਹਾਂ ਕਿਹਾ ਕਿ ਤਿੰਨਾਂ ਨੂੰ ਉਸ ਵੇਲੇ ਗੋਲੀਆਂ ਮਾਰੀਆਂ ਗਈਆਂ, ਜਦੋਂ ਉਹ ਆਪਣੀ ਨਾਮਜ਼ਦਗੀ ਦਾਖਲ ਕਰਨ ਲਈ ਚੋਪੜਾ ਬਲਾਕ ਦਫ਼ਤਰ ਜਾ ਰਹੇ ਸਨ।
ਇਕ ਅਧਿਕਾਰੀ ਨੇ ਕਿਹਾ ਕਿ ਘਟਨਾ ਤੋਂ ਬਾਅਦ ਤਿੰਨਾਂ ਜ਼ਖ਼ਮੀਆਂ ਨੂੰ ਜ਼ਿਲਾ ਹਸਪਤਾਲ ’ਚ ਭਰਤੀ ਕਰਾਇਆ ਗਿਆ, ਜਿੱਥੇ ਇਲਾਜ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਦੋ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ।
ਸੂਬਾ ਚੋਣ ਕਮਿਸ਼ਨਰ (ਐੱਸ. ਈ. ਸੀ.) ਰਾਜੀਵ ਸਿਨ੍ਹਾ ਨੇ ਘਟਨਾ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧ ’ਚ ਅਜੇ ਤੱਕ ਕੋਈ ਸੂਚਨਾ ਨਹੀਂ ਮਿਲੀ ਹੈ।
ਮਾਕਪਾ ਦੇ ਸੂਬਾ ਸਕੱਤਰ ਮੁਹੰਮਦ ਸਲੀਮ ਨੇ ਦੋਸ਼ ਲਾਇਆ ਕਿ ਇਸ ਹਮਲੇ ਦੇ ਪਿੱਛੇ ਤ੍ਰਿਣਮੂਲ ਕਾਂਗਰਸ ਦਾ ਹੱਥ ਹੈ। ਓਧਰ, ਸੱਤਾ ਧਿਰ ਤ੍ਰਿਣਮੂਲ ਕਾਂਗਰਸ ਨੇ ਦੋਸ਼ਾਂ ਨੂੰ ਖਾਰਿਜ ਕੀਤਾ ਹੈ।