ਅੱਤਵਾਦ ਖ਼ਿਲਾਫ਼ ਅਮਿਤ ਸ਼ਾਹ ਦਾ ਕੀ ਹੋਵੇਗਾ ਅਗਲਾ ਕਦਮ, ਅਮਰਨਾਥ ਯਾਤਰਾ ਤੋਂ ਪਹਿਲਾਂ ਗ੍ਰਹਿ ਮੰਤਰੀ ਨੇ ਕੀਤੀ ਬੈਠਕ

06/16/2024 2:36:06 PM

ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਦੇ ਰਿਆਸੀ 'ਚ ਸ਼ਰਧਾਲੂਆਂ ਦੀ ਬੱਸ 'ਤੇ ਹੋਏ ਹਮਲੇ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਰਾਸ਼ਟਰੀ ਰਾਜਧਾਨੀ 'ਚ ਉੱਚ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ। ਜਿਸ ਵਿੱਚ ਅਮਰਨਾਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੀ ਯੋਜਨਾ ਬਣਾਈ ਗਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਈ ਸੀ। ਜਿਸ 'ਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਗ੍ਰਹਿ ਸਕੱਤਰ ਅਜੈ ਭੱਲਾ ਅਤੇ ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਤਪਨ ਡੇਕਾ ਵੀ ਮੌਜੂਦ ਸਨ। ਗ੍ਰਹਿ ਮੰਤਰੀ ਨੇ ਸ਼ਰਧਾਲੂਆਂ 'ਤੇ ਹੋਏ ਹਮਲਿਆਂ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਆਉਣ ਵਾਲੀ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ।
ਬੈਠਕ ਵਿੱਚ ਸ਼ਰਧਾਲੂਆਂ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗੱਲਬਾਤ ਕੀਤੀ ਗਈ। ਮੀਟਿੰਗ ਵਿੱਚ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਅਤੇ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ, ਕੇਂਦਰੀ ਹਥਿਆਰਬੰਦ ਪੁਲਸ ਬਲਾਂ ਦੇ ਡਾਇਰੈਕਟਰ ਜਨਰਲ, ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਅਤੇ ਡੀਜੀਪੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਸੀਨੀਅਰ ਫ਼ੌਜੀ ਅਧਿਕਾਰੀ ਵੀ ਹਾਜ਼ਰ ਸਨ। 9 ਜੂਨ ਤੋਂ ਹੁਣ ਤੱਕ ਰਿਆਸੀ, ਕਠੂਆ ਅਤੇ ਡੋਡਾ 'ਚ ਚਾਰ ਥਾਵਾਂ 'ਤੇ ਅੱਤਵਾਦੀ ਹਮਲੇ ਹੋ ਚੁੱਕੇ ਹਨ। ਜਿਸ ਵਿੱਚ 9 ਸ਼ਰਧਾਲੂ ਮਾਰੇ ਗਏ ਸਨ। ਘਟਨਾ ਦੌਰਾਨ ਕੇਂਦਰੀ ਰਿਜ਼ਰਵ ਪੁਲਸ ਬਲ (ਸੀ.ਆਰ.ਪੀ.ਐੱਫ) ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਇੱਕ ਨਾਗਰਿਕ ਵੀ ਜ਼ਖਮੀ ਹੋ ਗਿਆ। ਇਸ ਦੇ ਨਾਲ ਹੀ ਕਰੀਬ 7 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ।
ਪੀ.ਐੱਮ. ਮੋਦੀ ਦੀ ਮੀਟਿੰਗ
ਇਸ ਬੈਠਕ ਤੋਂ ਪਹਿਲਾਂ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਘਟਨਾਵਾਂ ਤੋਂ ਬਾਅਦ ਸੁਰੱਖਿਆ ਸਥਿਤੀ 'ਤੇ ਚਰਚਾ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ ਸੀ। ਇਸ ਬੈਠਕ 'ਚ ਪੀਐੱਮ ਮੋਦੀ ਨੂੰ ਅੱਤਵਾਦੀ ਗਤੀਵਿਧੀਆਂ ਨਾਲ ਨਜਿੱਠਣ ਅਤੇ ਖੇਤਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਾਗੂ ਕੀਤੀਆਂ ਜਾ ਰਹੀਆਂ ਰਣਨੀਤੀਆਂ ਅਤੇ ਅਪਰੇਸ਼ਨਾਂ ਬਾਰੇ ਜਾਣਕਾਰੀ ਦਿੱਤੀ ਗਈ।
ਜਿਸ ਤੋਂ ਬਾਅਦ ਪੀਐੱਮ ਮੋਦੀ ਨੇ ਸੁਰੱਖਿਆ ਬਲਾਂ ਦੀ ਤਾਇਨਾਤੀ ਅਤੇ ਅੱਤਵਾਦ ਵਿਰੋਧੀ ਮੁਹਿੰਮਾਂ 'ਤੇ ਚਰਚਾ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਗੱਲ ਕੀਤੀ। ਨਾਲ ਹੀ ਉਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਵੀ ਗੱਲ ਕੀਤੀ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਲਈ ਹੈ।


Aarti dhillon

Content Editor

Related News