ਜਦੋਂ ਅਮਿਤ ਸ਼ਾਹ ਨੇ ਹਰਿਆਣਾ ਦੇ ਸੰਸਦ ਮੈਂਬਰਾਂ ਨੂੰ ਝਿੜਕਿਆ

Thursday, Dec 28, 2017 - 02:16 PM (IST)

ਨਵੀਂ ਦਿੱਲੀ — ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਰਾਜ ਸਭਾ 'ਚ ਦਾਖਲ ਹੋਣ ਪਿੱਛੋਂ ਉਨ੍ਹਾਂ ਦਾ ਪ੍ਰਭਾਵ ਸਪੱਸ਼ਟ ਨਜ਼ਰ ਆਉਂਦਾ ਹੈ। ਹੁਣ ਜਿਹੇ ਹੀ ਉਨ੍ਹਾਂ ਅਜਿਹੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਸੀ ਜੋ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਲੀਡਰਸ਼ਿਪ ਵਿਰੁੱਧ ਜਨਤਕ ਤੌਰ 'ਤੇ ਆਪਣੇ ਵਿਚਾਰ ਪੇਸ਼ ਕਰ ਰਹੇ ਸਨ। ਇਨ੍ਹਾਂ ਸੰਸਦ ਮੈਂਬਰਾਂ ਨੇ ਖੱਟੜ ਵਿਰੁੱਧ ਮੋਰਚਾ ਖੋਲ੍ਹਿਆ ਹੋਇਆ ਹੈ ਅਤੇ ਉਨ੍ਹਾਂ ਦੀ ਆਲੋਚਨਾ ਕਰਨ 'ਚ ਉਹ ਕੋਈ ਮੌਕਾ ਨਹੀਂ ਛੱਡਦੇ। ਹਾਲਾਤ ਤੋਂ ਤੰਗ ਆ ਕੇ ਮੁੱਖ ਮੰਤਰੀ ਨੇ ਇਸ ਦੀ ਸ਼ਿਕਾਇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਭਾਜਪਾ ਪ੍ਰਧਾਨ ਅਮਿਤ ਸ਼ਾਹ ਕੋਲ ਭੇਜਿਆ। ਸ਼ਾਹ ਨੇ ਲੋਕ ਸਭਾ ਦੇ ਭਾਜਪਾ ਮੈਂਬਰਾਂ ਦੀਆਂ ਸ਼ਿਕਾਇਤਾਂ ਸੁਣੀਆਂ। ਅਮਿਤ ਸ਼ਾਹ ਉਸ ਸਮੇਂ ਬਹੁਤ ਹੈਰਾਨ ਹੋਏ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਸੰਸਦ ਮੈਂਬਰਾਂ ਦੀਆਂ ਸ਼ਿਕਾਇਤਾਂ ਉਨ੍ਹਾਂ ਦੇ ਜ਼ਿਲਿਆਂ ਦੇ ਮੈਜਿਸਟ੍ਰੇਟਾਂ ਅਤੇ ਐੱਸ. ਐੱਸ. ਪੀਜ਼ ਨਾਲ ਸਬੰਧਤ ਹਨ ਜੋ ਉਨ੍ਹਾਂ ਦੀ ਗੱਲ ਨਹੀਂ ਸੁਣਦੇ। ਸੰਸਦ ਮੈਂਬਰਾਂ ਨੇ ਸ਼ਾਹ ਨੂੰ ਦੱਸਿਆ ਕਿ ਉਹ ਲੋਕਾਂ ਪ੍ਰਤੀ ਜਵਾਬਦੇਹ ਹਨ ਜੋ ਆਪਣੀਆਂ ਸ਼ਿਕਾਇਤਾਂ ਲੈ ਕੇ ਉਨ੍ਹਾਂ ਕੋਲ ਆਉਂਦੇ ਹਨ। ਲੋਕਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਦਾ ਇਕ ਹੀ ਤਰੀਕਾ ਹੈ ਕਿ ਉਨ੍ਹਾਂ ਦੇ ਜ਼ਿਲਿਆਂ ਦੇ ਅਧਿਕਾਰੀ ਉਨ੍ਹਾਂ ਦੀ ਗੱਲ ਸੁਣਨ। ਅਮਿਤ ਸ਼ਾਹ ਨੇ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਉਹ ਇਸ ਗੱਲ ਨੂੰ ਵੇਖਣਗੇ ਕਿ ਚੰਗੇ ਅਧਿਕਾਰੀਆਂ ਨੂੰ ਹੀ ਨਿਯੁਕਤ ਕੀਤਾ ਜਾਵੇ ਪਰ ਉਨ੍ਹਾਂ ਨੂੰ ਜਨਤਕ ਤੌਰ 'ਤੇ ਮੁੱਖ ਮੰਤਰੀ ਦੀ ਆਲੋਚਨਾ ਨਹੀਂ ਕਰਨੀ ਚਾਹੀਦੀ। ਸ਼ਾਹ ਨੇ ਇਨ੍ਹਾਂ ਸੰਸਦ ਮੈਂਬਰਾਂ ਨੂੰ ਸਖਤੀ ਨਾਲ ਕਿਹਾ ਕਿ ਮੈਂ ਇਹ ਸਭ ਕੁਝ ਬਰਦਾਸ਼ਤ ਨਹੀਂ ਕਰ ਸਕਦਾ। ਜੇ ਤੁਸੀਂ ਜਨਤਕ ਤੌਰ 'ਤੇ ਮੁੱਖ ਮੰਤਰੀ ਦੀ ਆਲੋਚਨਾ ਕੀਤੀ ਤਾਂ ਆਪਣੇ ਆਪ ਨੂੰ ਪਾਰਟੀ ਤੋਂ ਬਾਹਰ ਸਮਝ ਸਕਦੇ ਹੋ। ਸ਼ਾਹ ਦੀ ਇਸ ਚਿਤਾਵਨੀ ਪਿੱਛੋਂ ਸਭ ਸੰਸਦ ਮੈਂਬਰ ਤੁਰੰਤ ਖਾਮੋਸ਼ ਹੋ ਗਏ।


Related News