ਸਰਦ ਰੁੱਤ ਸੈਸ਼ਨ : ਦੋਵਾਂ ਸਦਨਾਂ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ, SIR ਦੇ ਮੁੱਦੇ 'ਤੇ ਹੋ ਰਿਹਾ ਹੰਗਾਮਾ
Tuesday, Dec 02, 2025 - 11:13 AM (IST)
ਨੈਸ਼ਨਲ ਡੈਸਕ : ਅੱਜ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਦੂਜਾ ਦਿਨ ਹੈ। ਵਿਰੋਧੀ ਧਿਰ SIR ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਦੋਂ ਕਿ ਸੱਤਾਧਾਰੀ ਧਿਰ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮਹੱਤਵਪੂਰਨ ਬਿੱਲਾਂ 'ਤੇ ਚਰਚਾ ਹੋਵੇ। ਸੋਮਵਾਰ ਨੂੰ ਲੋਕ ਸਭਾ ਸੈਸ਼ਨ ਦਾ ਪਹਿਲਾ ਦਿਨ ਹੰਗਾਮੇ ਨਾਲ ਭਰਿਆ ਰਿਹਾ। ਸੈਸ਼ਨ ਦੇ ਪਹਿਲੇ ਦਿਨ ਹੀ ਲੋਕ ਸਭਾ ਵਿੱਚ ਭਾਰੀ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਲਗਾਤਾਰ ਹੰਗਾਮੇ ਕਾਰਨ ਸਦਨ ਨੂੰ ਦੋ ਵਾਰ ਮੁਲਤਵੀ ਕਰਨਾ ਪਿਆ, ਜਿਸ ਕਾਰਨ ਅੰਤ ਵਿੱਚ ਪੂਰੇ ਦਿਨ ਦਾ ਕੰਮਕਾਜ ਠੱਪ ਰਿਹਾ। ਲੋਕ ਸਭਾ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਸੀ।
ਅੱਜ ਲੋਕਾ ਸਭਾ ਤੇ ਰਾਜ ਸਭਾ 'ਚ ਜ਼ੋਰਦਾਰ ਹੰਗਾਮਾ ਹੋ ਰਿਹਾ ਹੈ।
ਲੋਕ ਸਭਾ ਦੀ ਕਾਰਵਾਈ 15 ਮਿੰਟ ਮਗਰੋਂ ਦੁਪਹਿਰ 12 ਵਜੇ ਤੱਕ ਮੁਲਤਵੀ
ਸਰਦ ਰੁੱਤ ਸੈਸ਼ਨ ਦੇ ਦੂਜੇ ਦਿਨ ਜਦੋਂ ਸੰਸਦ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ SIR ਨੂੰ ਲੈ ਕੇ ਲੋਕ ਸਭਾ ਵਿੱਚ ਹੰਗਾਮਾ ਕੀਤਾ। ਹੰਗਾਮਾ ਕਾਰਨ ਲੋਕ ਸਭਾ ਦੀ ਕਾਰਵਾਈ 15 ਮਿੰਟ ਮਗਰੋਂ ਦੁਪਹਿਰ 12 ਵਜੇ ਤੱਕ ਮੁਲਤਵੀ ਕਰਨੀ ਪਈ।
ਵਿਰੋਧੀ ਧਿਰ ਦੇ ਮੈਂਬਰਾਂ ਨੇ ਸੰਸਦ ਭਵਨ ਕੰਪਲੈਕਸ ਦੇ ਮਕਰ ਗੇਟ ਦੇ ਸਾਹਮਣੇ ਕੀਤਾ ਪ੍ਰਦਰਸ਼ਨ
ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਸੰਸਦ ਭਵਨ ਕੰਪਲੈਕਸ ਦੇ ਮਕਰ ਗੇਟ ਦੇ ਸਾਹਮਣੇ ਵੋਟਰ ਸੂਚੀਆਂ ਦੀ ਡੂੰਘੀ ਸੋਧ (SIR) ਦੇ ਮੁੱਦੇ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਨੂੰ ਇਸ ਮਾਮਲੇ 'ਤੇ ਸੰਸਦ ਵਿੱਚ ਚਰਚਾ ਕਰਨ ਦੀ ਆਪਣੀ ਮੰਗ ਦੁਹਰਾਈ। ਕਾਂਗਰਸ ਸੰਸਦੀ ਦਲ ਦੀ ਨੇਤਾ ਸੋਨੀਆ ਗਾਂਧੀ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਉਪ ਨੇਤਾ ਗੌਰਵ ਗੋਗੋਈ, ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਕਈ ਹੋਰ ਨੇਤਾਵਾਂ ਨੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕੀਤੀ ਅਤੇ SIR 'ਤੇ ਚਰਚਾ ਦੀ ਮੰਗ ਕਰਦੇ ਹੋਏ ਤਖ਼ਤੀਆਂ ਅਤੇ ਬੈਨਰ ਫੜੇ ਹੋਏ ਸਨ।
