''ਪਿਆਰੀ ਬਹਿਨਾ ਸੁੱਖ-ਸਨਮਾਨ ਨਿਧੀ ਸਕੀਮ'' ਨਾਲ ਹੋ ਰਿਹੈ ਔਰਤਾਂ ਦਾ ਸਸ਼ਕਤੀਕਰਨ: ਸੁੱਖੂ

Saturday, Jun 29, 2024 - 05:19 PM (IST)

''ਪਿਆਰੀ ਬਹਿਨਾ ਸੁੱਖ-ਸਨਮਾਨ ਨਿਧੀ ਸਕੀਮ'' ਨਾਲ ਹੋ ਰਿਹੈ ਔਰਤਾਂ ਦਾ ਸਸ਼ਕਤੀਕਰਨ: ਸੁੱਖੂ

ਸ਼ਿਮਲਾ- ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਹੈ ਕਿ ਸੂਬਾ ਸਰਕਾਰ ਦੀ ਮਹੱਤਵਪੂਰਨ ਸਕੀਮ ਇੰਦਰਾ ਗਾਂਧੀ ਪਿਆਰੀ ਬਹਿਨਾ ਸੁੱਖ-ਸਨਮਾਨ ਨਿਧੀ ਸਕੀਮ ਔਰਤਾਂ ਦੇ ਸਮਾਜਿਕ-ਆਰਥਿਕ ਤਰੱਕੀ ਵਿਚ ਮਦਦਗਾਰ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਸੂਬਾ ਸਰਕਾਰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ। ਸੁੱਖੂ ਨੇ ਦੱਸਿਆ ਕਿ ਇਸ ਸਕੀਮ ਤਹਿਤ ਊਨਾ ਜ਼ਿਲ੍ਹੇ ਦੇ ਹਰੋਲੀ ਵਿਚ 7,280 ਔਰਤਾਂ ਨੂੰ 3.27 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ ਹੈ। ਇਸ ਸਕੀਮ ਤਹਿਤ ਸੂਬੇ ਦੀਆਂ 48,000 ਔਰਤਾਂ ਨੂੰ ਤਿੰਨ ਮਹੀਨਿਆਂ ਲਈ ਸਨਮਾਨ ਨਿਧੀ ਦੇ ਰੂਪ ਵਿਚ ਪ੍ਰਤੀ ਔਰਤ 4500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਸੂਬਾ ਸਰਕਾਰ ਵੱਲੋਂ ਔਰਤਾਂ ਦੇ ਵਿਕਾਸ ਅਤੇ ਭਲਾਈ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਇਸ ਨਿਵੇਕਲੀ ਸਕੀਮ ਤਹਿਤ 23 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਸਕੀਮ ਨਾਲ ਔਰਤਾਂ ਆਰਥਿਕ ਤੌਰ 'ਤੇ ਆਜ਼ਾਦ ਹੋ ਕੇ ਸਨਮਾਨਜਨਕ ਜੀਵਨ ਬਤੀਤ ਕਰ ਰਹੀਆਂ ਹਨ। ਸੂਬਾ ਸਰਕਾਰ ਪੇਂਡੂ ਅਰਥਚਾਰੇ ਨੂੰ ਮਜ਼ਬੂਤ ​​ਕਰਨ ਅਤੇ ਔਰਤਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਇਸ ਸਕੀਮ ਦੇ ਹਾਂ-ਪੱਖੀ ਨਤੀਜੇ ਦੇਖਣ ਨੂੰ ਮਿਲ ਰਹੇ ਹਨ। ਇਹ ਸਕੀਮ ਲਿੰਗ ਸਮਾਨਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇੰਦਰਾ ਗਾਂਧੀ ਪਿਆਰੀ ਬਹਿਨਾ ਸੁਖ-ਸਨਮਾਨ ਨਿਧੀ ਸਕੀਮ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਸਰਕਾਰ ਦੇ ਯਤਨਾਂ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਵਿੱਤੀ ਚੁਣੌਤੀਆਂ ਦੇ ਬਾਵਜੂਦ ਸੂਬਾ ਸਰਕਾਰ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ​​ਕਰਨ ਅਤੇ ਸਮਾਜ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ।


author

Tanu

Content Editor

Related News