ਵੱਡੀ ਖ਼ਬਰ: ਅਨੁਰਾਗ ਠਾਕੁਰ ਨਾਲ 7 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਪਹਿਲਵਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ

Saturday, Jan 21, 2023 - 02:01 AM (IST)

ਵੱਡੀ ਖ਼ਬਰ: ਅਨੁਰਾਗ ਠਾਕੁਰ ਨਾਲ 7 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਪਹਿਲਵਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ

ਨੈਸ਼ਨਲ ਡੈਸਕ: ਦਿੱਲੀ ਦੇ ਜੰਤਰ-ਮੰਤਰ 'ਤੇ ਦੋ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਸਰਕਾਰ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਦਾ ਭਰੋਸਾ ਮਿਲਣ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਆਪਣਾ ਧਰਨਾ ਸਮਾਪਤ ਕਰ ਦਿੱਤਾ। ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਪਹਿਲੇ ਕਦਮ ਵਜੋਂ, ਭਾਰਤੀ ਕੁਸ਼ਤੀ ਸੰਘ (WFI) ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਣ ਸਿੰਘ ਨੂੰ ਪ੍ਰਧਾਨ ਦੀਆਂ ਜ਼ਿੰਮੇਵਾਰੀਆਂ ਤੋਂ ਵੱਖਰਾ ਕੀਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਜੰਮੂ-ਕਸ਼ਮੀਰ 'ਚ ਵਾਪਰਿਆ ਭਿਆਨਕ ਹਾਦਸਾ, ਖੱਡ 'ਚ ਡਿੱਗੀ ਮਿੰਨੀ ਬੱਸ, 60 ਸਾਲਾ ਬਜ਼ੁਰਗ ਸਣੇ 5 ਸਵਾਰੀਆਂ ਦੀ ਮੌਤ

ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ 7 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਵਿਨੇਸ਼ ਫੋਗਾਟ, ਬੰਜਰਗ ਪੂਨੀਆ, ਸਾਕਸ਼ੀ ਮਲਿਕ ਅਤੇ ਰਵੀ ਦਹੀਆ ਸਮੇਤ ਪਹਿਲਵਾਨਾਂ ਨੇ ਆਪਣਾ ਧਰਨਾ ਖਤਮ ਕਰਨ ਦਾ ਫ਼ੈਸਲਾ ਕੀਤਾ। ਜ਼ਿਕਰਯੋਗ ਹੈ ਕਿ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਸੰਘ ਅਤੇ ਉਸ ਦੇ ਪ੍ਰਧਾਨ 'ਤੇ ਜਿਨਸੀ ਸ਼ੋਸ਼ਣ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ।

ਇਹ ਖ਼ਬਰ ਵੀ ਪੜ੍ਹੋ - ਨਾਬਾਲਗਾ ਨਾਲ ਜਬਰ-ਜ਼ਿਨਾਹ ਅਤੇ ਜਬਰੀ ਧਰਮ ਪਰਿਵਰਤਨ ਦੀ ਕੋਸ਼ਿਸ਼ ਦੇ ਮਾਮਲੇ 'ਚ 50 ਸਾਲਾ ਔਰਤ ਗ੍ਰਿਫ਼ਤਾਰ

ਠਾਕੁਰ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਇਕ ਨਿਗਰਾਨ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਦੇ ਨਾਵਾਂ ਦਾ ਐਲਾਨ ਅੱਜ ਕਰ ਦਿੱਤਾ ਜਾਵੇਗਾ। ਕਮੇਟੀ ਚਾਰ ਹਫ਼ਤਿਆਂ ਵਿਚ ਜਾਂਚ ਪੂਰੀ ਕਰੇਗੀ। ਇਹ WFI ਅਤੇ ਇਸ ਦੇ ਪ੍ਰਧਾਨ ਵਿਰੁੱਧ ਵਿੱਤੀ ਜਾਂ ਜਿਨਸੀ ਸ਼ੋਸ਼ਣ ਦੇ ਸਾਰੇ ਦੋਸ਼ਾਂ ਦੀ ਗੰਭੀਰਤਾ ਨਾਲ ਜਾਂਚ ਕਰੇਗੀ। ਜਾਂਚ ਪੂਰੀ ਹੋਣ ਤਕ ਫੈਡਰੇਸ਼ਨ ਦੇ ਰੋਜ਼ਾਨਾ ਕੰਮ ਨਿਗਰਾਨ ਕਮੇਟੀ ਵੇਖੇਗੀ ਤੇ ਬ੍ਰਿਜਭੂਸ਼ਣ ਸਿੰਘ ਇਸ ਤੋਂ ਅਲੱਗ ਰਹਿਣ ਦੇ ਨਾਲ-ਨਾਲ ਜਾਂਚ 'ਚ ਸਹਿਯੋਗ ਕਰਨਗੇ।

ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਕੇਂਦਰੀ ਖੇਡ ਮੰਤਰੀ ਨੇ ਸਾਡੀਆਂ ਮੰਗਾਂ ਸੁਣੀਆਂ ਅਤੇ ਸਹੀ ਜਾਂਚ ਦਾ ਭਰੋਸਾ ਦਿੱਤਾ। ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਨਿਰਪੱਖ ਜਾਂਚ ਹੋਵੇਗੀ, ਇਸ ਲਈ ਅਸੀਂ ਵਿਰੋਧ ਵਾਪਸ ਲੈ ਰਹੇ ਹਾਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News