ਯਸ਼ਵੰਤ ਸਿਨਹਾ ਨੇ ਰਾਸ਼ਟਰਪਤੀ ਚੋਣਾਂ ਲਈ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
Monday, Jun 27, 2022 - 12:47 PM (IST)
ਨਵੀਂ ਦਿੱਲੀ (ਭਾਸ਼ਾ)- ਰਾਸ਼ਟਰਪਤੀ ਅਹੁਦੇ ਲਈ 18 ਜੁਲਾਈ ਨੂੰ ਹੋਣ ਜਾ ਰਹੀਆਂ ਚੋਣਾਂ 'ਚ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਸੋਮਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਸਿਨਹਾ ਨੇ ਨਾਮਜ਼ਦਗੀ ਪੱਤਰਾਂ ਦੇ ਚਾਰ ਸੈੱਟ ਰਾਜ ਸਭਾ ਦੇ ਜਨਰਲ ਸਕੱਤਰ ਪੀ.ਸੀ. ਮੋਦੀ ਨੂੰ ਸੌਂਪੇ। ਪੀ.ਸੀ. ਮੋਦੀ ਰਾਸ਼ਟਰਪਤੀ ਚੋਣਾਂ ਲਈ ਚੋਣ ਅਧਿਕਾਰੀ ਹਨ। ਸਾਬਕਾ ਕੇਂਦਰੀ ਮੰਤਰੀ ਸਿਨਹਾ ਦੇ ਨਾਮਜ਼ਦਗੀ ਦਾਖ਼ਲ ਕਰਨ ਮੌਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਮੁੱਖ ਸ਼ਰਦ ਪਵਾਰ, ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਦਰਮੁਕ ਨੇਤਾ ਏ. ਰਾਜਾ, ਨੈਸ਼ਨਲ ਕਾਨਫਰੰਸ ਦੇ ਨੇਤਾ ਫਾਰੂਕ ਅਬਦੁੱਲਾ ਅਤੇ ਕਈ ਹੋਰ ਵਿਰੋਧੀ ਧਿਰ ਦੇ ਨੇਤਾ ਮੌਜੂਦ ਸਨ।
ਇਹ ਵੀ ਪੜ੍ਹੋ : ਅਜਬ-ਗਜਬ! ਬਰਾਤ 'ਚ ਨਹੀਂ ਲੈ ਕੇ ਗਿਆ ਲਾੜਾ ਤਾਂ ਦੋਸਤ ਨੇ ਭੇਜ ਦਿੱਤਾ 50 ਲੱਖ ਦਾ ਮਾਣਹਾਨੀ ਨੋਟਿਸ
ਵਿਰੋਧੀ ਦਲਾਂ ਨੇ ਸਿਨਹਾ ਨੂੰ 21 ਜੂਨ ਨੂੰ ਆਪਣਾ ਸਾਂਝਾ ਉਮੀਦਵਾਰ ਐਲਾਨ ਕੀਤਾ ਸੀ। ਰਾਸ਼ਟਰੀ ਜਨਤਾਂਤਰਿਕ ਗਠਜੋੜ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨੇ ਪਿਛਲੇ ਹਫ਼ਤੇ ਸ਼ੁੱਕਰਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਸੀ। ਰਾਸ਼ਟਰਪਤੀ ਚੋਣਾਂ 18 ਜੁਲਾਈ ਨੂੰ ਹੋਣੀਆਂ ਹਨ। ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ। ਮੌਜੂਦਾ ਸਮੇਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖ਼ਤਮ ਹੋ ਰਿਹਾ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ