ਯੋਗੀ ਆਦਿੱਤਿਆਨਾਥ ਨੇ UP ਦੇ ਮੁੱਖ ਮੰਤਰੀ ਵਜੋਂ ਚੁਕੀ ਸਹੁੰ, ਸਮਾਰੋਹ 'ਚ PM ਮੋਦੀ ਸਮੇਤ ਕਈ ਦਿੱਗਜਾਂ ਨੇ ਲਿਆ ਹਿੱਸਾ
Friday, Mar 25, 2022 - 04:39 PM (IST)
ਲਖਨਊ (ਭਾਸ਼ਾ)- ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਪੂਰਨ ਬਹੁਮਤ ਦਿਵਾਉਣ ਵਾਲੇ ਯੋਗੀ ਆਦਿੱਤਿਆਨਾਥ ਨੇ ਸ਼ੁੱਕਰਵਾਰ ਨੂੰ ਲਗਾਤਾਰ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਅਤੇ ਸਾਰੇ ਕੇਂਦਰੀ ਮੰਤਰੀਆਂ ਅਤੇ ਕਈ ਰਾਜਾਂ ਦੇ ਮੁੱਖ ਮੰਤਰੀਆਂ ਨੇ ਯੋਗੀ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਦੇ ਗਵਾਹ ਬਣੇ। ਰਾਜਪਾਲ ਆਨੰਦੀਬੇਨ ਪਟੇਲ ਨੇ ਲਖਨਊ ਦੇ ਸ਼ਹੀਦ ਮਾਰਗ ਨੇੜੇ 'ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਇਕਾਨਾ ਸਟੇਡੀਅਮ' 'ਚ ਸਹੁੰ ਚੁੱਕ ਸਮਾਗਮ ਦੌਰਾਨ 49 ਸਾਲਾ ਯੋਗੀ ਆਦਿੱਤਿਆਨਾਥ ਨੂੰ ਅਹੁਦੇ ਦੀ ਸਹੁੰ ਚੁਕਾਈ।
ਜ਼ਿਕਰਯੋਗ ਹੈ ਕਿ ਕੇਂਦਰੀ ਅਬਜ਼ਰਵਰ ਅਮਿਤ ਸ਼ਾਹ ਅਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਰਘੁਬਰ ਦਾਸ ਦੀ ਮੌਜੂਦਗੀ 'ਚ ਲੋਕ ਭਵਨ 'ਚ ਯੋਗੀ ਨੂੰ ਸਰਬਸੰਮਤੀ ਨਾਲ ਉੱਤਰ ਪ੍ਰਦੇਸ਼ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਜਿਸ ਤੋਂ ਬਾਅਦ ਭਾਜਪਾ ਨੇ ਯੋਗੀ ਦੀ ਅਗਵਾਈ 'ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਗੋਰਖਪੁਰ ਤੋਂ ਪੰਜ ਵਾਰ ਸਾਂਸਦ ਰਹੇ ਯੋਗੀ ਆਦਿੱਤਿਆਨਾਥ ਨੇ 2017 'ਚ ਪਹਿਲੀ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ ਅਤੇ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ 2022 ਦੀ ਵਿਧਾਨ ਸਭਾ ਵਿਚ ਮੁੜ ਤੋਂ ਪਾਰਟੀ ਨੂੰ ਪੂਰਨ ਬਹੁਮਤ ਹਾਸਲ ਹੋਇਆ ਹੈ। ਚੋਣਾਂ ਮਾਰਚ ਵਿੱਚ ਹੋਈਆਂ 403 ਮੈਂਬਰੀ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੇ ਕੁੱਲ 273 ਸੀਟਾਂ ਜਿੱਤੀਆਂ ਹਨ।