CM ਯੋਗੀ ਨੇ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਬੱਸਾਂ ਨੂੰ ਵਿਖਾਈ ਹਰੀ ਝੰਡੀ
Friday, Jan 10, 2025 - 05:41 PM (IST)
ਮਹਾਕੁੰਭਨਗਰ- ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਆਪਣੇ ਦੌਰੇ ਦੇ ਦੂਜੇ ਦਿਨ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਵਿਸ਼ੇਸ਼ ਸ਼ਟਲ ਬੱਸਾਂ ਅਤੇ ਅਟਲ ਸੇਵਾ ਨਾਂ ਦੀ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਯੋਗੀ ਮਹਾਕੁੰਭ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਪ੍ਰਯਾਗਰਾਜ ਪਹੁੰਚੇ ਸਨ। ਉਨ੍ਹਾਂ ਅਖਾੜਿਆਂ ਦੇ ਸੰਤ ਮਹਾਤਮਾ ਨਾਲ ਮੁਲਾਕਾਤ ਕੀਤੀ ਅਤੇ ਮਹਾਕੁੰਭ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ। ਕੁਝ ਬਾਕੀ ਰਹਿੰਦੇ ਕੰਮਾਂ ਬਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਜਲਦੀ ਤੋਂ ਜਲਦੀ ਮੁਕੰਮਲ ਕਰਨ।
ਉਨ੍ਹਾਂ ਦੱਸਿਆ ਕਿ ਮਹਾਕੁੰਭ ਵਿਚ ਹਿੱਸਾ ਲੈਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਨਵੀਆਂ ਬੱਸਾਂ ਨੂੰ ਟਰਾਂਸਪੋਰਟ ਕਾਰਪੋਰੇਸ਼ਨ ਬੇੜੇ ਵਿਚ ਸ਼ਾਮਲ ਕੀਤੀਆਂ ਗਈਆਂ ਹਨ। ਪਰੇਡ ਖੇਤਰ ਵਿਚ 100 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉੱਤਰ ਪ੍ਰਦੇਸ਼ ਸਰਕਾਰ ਦੇ ਟਰਾਂਸਪੋਰਟ ਮੰਤਰੀ ਦਯਾ ਸ਼ੰਕਰ ਸਿੰਘ, ਉਦਯੋਗਿਕ ਵਿਕਾਸ ਮੰਤਰੀ ਨੰਦ ਗੋਪਾਲ ਗੁਪਤਾ ਨੰਦੀ, ਨੰਦ ਗੋਪਾਲ ਨੰਦੀ ਅਤੇ ਜਲ ਸ਼ਕਤੀ ਮੰਤਰੀ ਸਵਤੰਤਰ ਦੇਵ ਸਿੰਘ ਮੌਜੂਦ ਰਹੇ।