ਭੜਕੇ ਕਾਂਗਰਸੀ, ਈ. ਡੀ. ਦਫਤਰ ਦੇ ਬਾਹਰ ਟਾਇਰਾਂ ਨੂੰ ਲਾਈ ਅੱਗ
Thursday, Jun 16, 2022 - 01:33 PM (IST)

ਨਵੀਂ ਦਿੱਲੀ– ਦਿੱਲੀ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦਫਤਰ ’ਚ ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਤੀਜੇ ਦਿਨ ਯਾਨੀ ਕਿ ਬੁੱਧਵਾਰ ਨੂੰ ਵੀ ਪੁੱਛ-ਗਿੱਛ ਹੋਈ। ਇਸ ਦੌਰਾਨ ਦਫਤਰ ਦੇ ਬਾਹਰ ਕਾਂਗਰਸੀ ਕਾਰਕੁੰਨਾਂ ਅਤੇ ਨੇਤਾਵਾਂ ਦਾ ਪ੍ਰਦਰਸ਼ਨ ਤੇਜ਼ ਹੋ ਗਿਆ ਹੈ। ਪਾਰਟੀ ਦੇ ਮੈਂਬਰਾਂ ਨੇ ਵਿਰੋਧ ਪ੍ਰਦਰਸ਼ਨ ’ਚ ਟਾਇਰਾਂ ਨੂੰ ਅੱਗ ਲਗਾ ਦਿੱਤੀ। ਉੱਧਰ ਵੱਡੀ ਗਿਣਤੀ ’ਚ ਕਾਰਕੁੰਨ ਨਾਅਰੇਬਾਜ਼ੀ ਕਰਦੇ ਹੋਏ ਸੜਕ ’ਤੇ ਧਰਨੇ ’ਤੇ ਬੈਠ ਗਏ ਹਨ।
ਮੁੱਖ ਵਿਰੋਧੀ ਪਾਰਟੀ ਨੇ ਦਾਅਵਾ ਕੀਤਾ ਕਿ ਪਾਰਟੀ ਨੇਤਾਵਾਂ ਅਤੇ ਕਾਰਕੁੰਨਾਂ ਨੂੰ ਕਾਂਗਰਸ ਹੈੱਡਕੁਆਰਟਰ ਪਹੁੰਚਣ ਤੋਂ ਰੋਕਿਆ ਜਾ ਰਿਹਾ ਹੈ ਤੇ ਸਿਰਫ 2 ਮੁੱਖ ਮੰਤਰੀਆਂ ਅਸ਼ੋਕ ਗਹਿਲੋਤ ਅਤੇ ਭੁਪੇਸ਼ ਬਘੇਲ ਨੂੰ 24 ਅਕਬਰ ਰੋਡ ਪਹੁੰਚਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਅਤੇ ਰਾਹੁਲ ਗਾਂਧੀ ਝੁਕਣ ਵਾਲੇ ਨਹੀਂ ਹਨ। ਪਾਰਟੀ ਦੇ ਇਕ ਨੇਤਾ ਨੇ ਦੱਸਿਆ ਕਿ ਭਾਰਤੀ ਯੂਥ ਕਾਂਗਰਸ ਅਤੇ ਮਹਿਲਾ ਕਾਂਗਰਸ ਦੀਆਂ ਕਈ ਮੈਂਬਰਾਂ ਨੂੰ ਪੁਲਸ ਨੇ ਹਿਰਾਸਤ ’ਚ ਲਿਆ। ਇਸ ਦੌਰਾਨ ਕਾਂਗਰਸੀ ਕਾਰਕੁੰਨਾਂ ਅਤੇ ਪੁਲਸ ਵਿਚਾਲੇ ਧੱਕਾ-ਮੁੱਕੀ ਵੀ ਹੋਈ।
ਕਾਂਗਰਸ ਅਨੁਸਾਰ ਸੰਸਦ ਮੈਂਬਰ ਮਣੀਕਮ ਟੈਗੋਰ, ਏ. ਚੇਲਾ ਕੁਮਾਰ, ਅਮਰ ਸਿੰਘ ਅਤੇ ਜੈਕੁਮਾਰ ਵਿਜੇ ਵਸੰਤ ਤੇ ਭਾਰਤੀ ਯੂਥ ਕਾਂਗਰਸ ਦੇ ਪ੍ਰਧਾਨ ਸ਼੍ਰੀਨਿਵਾਸ ਬੀ. ਵੀ. ਅਤੇ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਚੌਧਰੀ ਨੂੰ ਵੀ ਪੁਲਸ ਨੇ ਹਿਰਾਸਤ ’ਚ ਲੈ ਲਿਆ। ਸੰਸਦ ਮੈਂਬਰ ਟੈਗੋਰ ਨੇ ਕਿਹਾ ਕਿ ਪਾਰਟੀ ਦੇ ਕਈ ਸੰਸਦ ਮੈਂਬਰਾਂ ਨੂੰ ਜਦ ਕਾਂਗਰਸ ਹੈੱਡਕੁਆਰਟਰ ਨਹੀਂ ਜਾਣ ਦਿੱਤਾ ਗਿਆ ਤਾਂ ਉਨ੍ਹਾਂ ਨੇ ਸੰਸਦ ਭਵਨ ਕੰਪਲੈਕਸ ਜਾਣ ਦੀ ਕੋਸ਼ਿਸ਼ ਕੀਤੀ ਤਾਂਕਿ ਉਹ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਪ੍ਰਦਰਸ਼ਨ ਕਰ ਸਕਣ ਪਰ ਉਨ੍ਹਾਂ ਨੂੰ ਉਥੇ ਵੀ ਨਹੀਂ ਜਾਣ ਦਿੱਤਾ ਗਿਆ।
ਹੁਣ ਤੱਕ 800 ਸੀਨੀਅਰ ਨੇਤਾਵਾਂ ਅਤੇ ਕਾਰਕੁੰਨਾਂ ਨੂੰ ਹਿਰਾਸਤ ’ਚ ਲਿਆ ਗਿਆ
ਇਸ ਦੌਰਾਨ ਦਿੱਲੀ ਪੁਲਸ ਨੇ ਧਾਰਾ 144 ਦੀ ਉਲੰਘਣਾ ਕਰ ਕੇ ਪ੍ਰਦਰਸ਼ਨ ਕਰਨ ਨੂੰ ਲੈ ਕੇ ਸੋਮਵਾਰ ਤੋਂ ਹੁਣ ਤੱਕ ਪਾਰਟੀ ਦੇ ਲਗਭਗ 800 ਸੀਨੀਅਰ ਨੇਤਾਵਾਂ ਤੇ ਕਾਰਕੁੰਨਾਂ ਨੂੰ ਹਿਰਾਸਤ ’ਚ ਲਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਥੇ ਈ. ਡੀ. ਦਫਤਰ ਅਤੇ ਪਾਰਟੀ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ ਕਰਨ ਨੂੰ ਲੈ ਕੇ ਕਾਂਗਰਸ ਨੇਤਾਵਾਂ ਅਤੇ ਕਾਰਕੁੰਨਾਂ ਨੂੰ ਬੁੱਧਵਾਰ ਨੂੰ ਵੀ ਹਿਰਾਸਤ ’ਚ ਲਿਆ ਗਿਆ।