ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

06/21/2023 5:11:41 PM

ਅੰਮ੍ਰਿਤਸਰ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ। ਪਾਕਿਸਤਾਨ ਜਾਣ ਵਾਲੇ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਡਿਪਟੀ ਲੀਡਰ ਵਜੋਂ ਰਵਿੰਦਰ ਸਿੰਘ ਖ਼ਾਲਸਾ ਤੇ ਜਨਰਲ ਪ੍ਰਬੰਧਕ ਵਜੋਂ ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਗੀ ਤੋਂ ਪਹਿਲਾਂ ਜਥੇ ਦੇ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਰਵਾਇਤ ਅਨੁਸਾਰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। 

ਇਹ ਵੀ ਪੜ੍ਹੋ : ਕੇਂਦਰ ਨੇ ਦਿਖਾਈਆਂ ਅੱਖਾਂ ਤਾਂ ਪੰਜਾਬ ਸਰਕਾਰ ਨੇ ਫੜਿਆ ਕਰਨਾਟਕ ਦਾ ਹੱਥ, ਲਿਆ ਵੱਡਾ ਫ਼ੈਸਲਾ

ਜਾਣਕਾਰੀ ਦਿੰਦਿਆਂ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 276 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 205 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਕਰਨ ਵਾਲੇ ਮੈਂਬਰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਪ੍ਰਬੰਧਾਂ ਅਤੇ ਸਿੱਖ ਮਸਲਿਆਂ ਸਬੰਧੀ ਉਥੋਂ ਦੀ ਸਰਕਾਰ ਨਾਲ ਗੱਲਬਾਤ ਵੀ ਕਰਨਗੇ।

ਇਹ ਵੀ ਪੜ੍ਹੋ :  ਸ੍ਰੀ ਦਰਬਾਰ ਸਾਹਿਬ ਨੇੜੇ ਫੋਟੋਗ੍ਰਾਫਰਾਂ ਦੀ ਗੁੰਡਾਗਰਦੀ, ਸਿੱਖ ਨੌਜਵਾਨ ਦੀ ਕੁੱਟਮਾਰ ਕਰ ਤੋੜੀ ਬਾਂਹ

ਇਸੇ ਦੌਰਾਨ ਜਥੇ ਦੇ ਆਗੂ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੇ ਕਿਹਾ ਕਿ ਗੁਰੂ ਬਖ਼ਸ਼ਿਸ਼ ਸਦਕਾ ਉਨ੍ਹਾਂ ਨੂੰ ਜਥੇ ਦੀ ਅਗਵਾਈ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਅੰਦਰ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਦੀ ਤਾਂਘ ਹੁੰਦੀ ਹੈ ਪਰ ਵੀਜ਼ਾ ਨਾ ਮਿਲਣ ਕਰਕੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਸਰਕਾਰਾਂ ਪਾਕਿਸਤਾਨ ਦੇ ਗੁਰਧਾਮਾਂ ਦੀ ਖੁੱਲ੍ਹੀ ਯਾਤਰਾ ਨੂੰ ਪ੍ਰਵਾਨਗੀ ਦੇਣ। ਸ਼੍ਰੋਮਣੀ ਕਮੇਟੀ ਜਥੇ ਦੇ ਆਗੂ ਨੇ ਦੱਸਿਆ ਕਿ ਇਹ ਜਥਾ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਵਿਚ ਸ਼ਾਮਲ ਹੋਵੇਗਾ। ਇਸ ਤੋਂ ਪਹਿਲਾਂ ਜਥੇ ਦੇ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ ਸਾਹਿਬ ਮੰਡੀ ਚੂਹੜਕਾਣਾ ਸ਼ੇਖੂਪੁਰਾ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਆਦਿ ਗੁਰ-ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਨਗੇ। ਉਨ੍ਹਾਂ ਦੱਸਿਆ ਕਿ ਜਥੇ ਦੀ ਵਾਪਸੀ 30 ਜੂਨ ਨੂੰ ਹੋਵੇਗੀ।'

ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਖੇ ਜਨਾਨੀ ਦੀ ਵਾਇਰਲ ਵੀਡੀਓ ਨੇ ਪੁਲਸ ਨੂੰ ਪਾਈਆਂ ਭਾਜੜਾਂ, ਜਾਣੋ ਪੂਰਾ ਮਾਮਲਾ

Harnek Seechewal

This news is Content Editor Harnek Seechewal