ਪੰਜਾਬੀ ਯੂਨੀਵਰਸਿਟੀ ਪਹੁੰਚੇ ਖਜ਼ਾਨਾ ਮੰਤਰੀ ਹਰਪਾਲ ਚੀਮਾ, ਕਿਹਾ- ਸੂਬੇ ਦੇ ਖਾਲੀ ਖਜ਼ਾਨੇ ਨੂੰ ਭਰਨ ਲੱਗੀ ਮਾਨ ਸਰਕਾਰ

11/10/2022 3:52:49 PM

ਪਟਿਆਲਾ (ਮਨਦੀਪ ਸਿੰਘ ਜੋਸਨ) : ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਿਸੇ ਨੂੰ ਵੀ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ ਅਤੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ 'ਚ ਸ਼ਿਰਕਤ ਕਰਨ ਦੌਰਾਨ ਕੀਤਾ। ਇਸ ਦੌਰਾਨ ਸੰਬੋਧਨ ਕਰਦਿਆਂ ਮੰਤਰੀ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਵਿਰਸੇ 'ਚ ਖਾਲੀ ਖ਼ਜ਼ਾਨਾ ਮਿਲਿਆ ਪਰ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹੁਣ ਸੂਬੇ ਦਾ ਖ਼ਜ਼ਾਨਾ ਭਰਨ ਲੱਗਾ ਹੈ, ਮਾਲੀਆ ਪ੍ਰਾਪਤੀ ਵਧੀ ਹੈ ਅਤੇ ਚੋਰ ਮੋਰੀਆਂ ਬੰਦ ਕਰਕੇ ਮਾਨ ਸਰਕਾਰ ਨੇ ਲੀਡਰਾਂ ਦੇ ਘਰਾਂ 'ਚ ਜਾਂਦਾ ਪੈਸਾ ਰੋਕ ਦਿੱਤਾ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਜਲ ਸਪਲਾਈ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਟੈਂਕੀ 'ਤੇ ਚੜ੍ਹ ਕੀਤਾ ਪ੍ਰਦਰਸ਼ਨ

ਮੰਤਰੀ ਚੀਮਾ ਨੇ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ, ਪੰਜਾਬੀ ਯੂਨੀਵਰਸਿਟੀ ਦੇ ਨਾਲ ਖੜ੍ਹੀ ਹੈ ਅਤੇ ਇਸ ਨੂੰ ਕਿਸੇ ਤਰ੍ਹਾਂ ਦਾ ਵਿੱਤੀ ਸੰਕਟ ਨਹੀਂ ਆਉਣ ਦੇਵੇਗੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਅਮਲੇ ਨੂੰ ਸੱਤਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਤਨਖਾਹਾਂ ਦੇਣ ਲਈ 9 ਕਰੋੜ ਰੁਪਏ ਦੇ ਵਿੱਤੀ ਬੋਝ ਨੂੰ ਹਲਕਾ ਕਰਨ ਲਈ ਵੀ ਸਰਕਾਰ ਆਪਣਾ ਬਣਦਾ ਯੋਗਦਾਨ ਪਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਿਛਲੇ ਸਮੇਂ 'ਚ ਇਸ ਯੂਨੀਵਰਸਿਟੀ ਦੀ ਮਾੜੀ ਹਾਲਤ ਕਰਕੇ ਇਸ ਉਪਰ ਚੜ੍ਹੇ 150 ਕਰੋੜ ਰੁਪਏ ਕਰਜ਼ੇ ਨੂੰ ਲਾਹੁਣ ਲਈ ਸਰਕਾਰ ਨੇ ਗੰਭੀਰਤਾ ਦਿਖਾਉਂਦਿਆਂ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ ਨੂੰ 114 ਕਰੋੜ ਤੋਂ ਵਧਾ ਕੇ 200 ਕਰੋੜ ਰੁਪਏ ਕਰ ਦਿੱਤਾ ਸੀ।

ਇਹ ਵੀ ਪੜ੍ਹੋ- ਕਤਲ ਕੀਤੇ ਗਏ ਡੇਰਾ ਪ੍ਰੇਮੀ ਦੇ ਭਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ, ਕੀਤਾ ਵੱਡਾ ਖ਼ੁਲਾਸਾ

ਕੋਟਕਪੂਰਾ 'ਚ ਬੇਅਦਬੀ ਕਾਂਡ 'ਚ ਮੁਲਜ਼ਮ ਡੇਰਾ ਪ੍ਰੇਮੀ ਪਰਦੀਪ ਦੇ ਕਤਲ ਮਾਮਲੇ ਸਬੰਧੀ ਗੱਲ ਕਰਦਿਆਂ ਮੰਤਰੀ ਚੀਮਾ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਵਿਅਕਤੀ ਨੂੰ ਅਮਨ-ਕਾਨੂੰਨ ਆਪਣੇ ਹੱਥ 'ਚ ਲੈਣ ਅਤੇ ਆਪਸੀ ਭਾਈਚਾਰਾ ਵਿਗਾੜਨ ਦੀ ਇਜ਼ਾਜਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੀ ਸੁਰੱਖਿਆ ਬਣਾ ਕੇ ਰੱਖੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇੱਕ ਹੋਰ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਦਾਲਤਾਂ ਵਿੱਚ ਕੰਮ ਕਾਜ ਲਈ ਪੰਜਾਬੀ ਭਾਸ਼ਾ ਨੂੰ ਪਹਿਲ ਦਿੱਤੇ ਜਾਣ ਲਈ ਗੰਭੀਰ ਹੈ। ਇਸ ਦੌਰਾਨ ਵਿਧਾਇਕ ਡਾ. ਬਲਬੀਰ ਸਿੰਘ ਨੇ ਨੌਜਵਾਨਾਂ ਨੂੰ ਵਾਤਾਵਰਣ ਸੰਭਾਂਲ ਪ੍ਰਤੀ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰਵਾਇਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਿਤਵੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ 'ਚ ਨੌਜਵਾਨਾਂ ਦਾ ਵੱਡਾ ਯੋਗਦਾਨ ਹੋਵੇਗਾ। ਨੌਜਵਾਨਾਂ ਵੱਲੋਂ ਭੰਗੜੇ ਤੇ ਲੋਕ ਕਲਾਵਾਂ 'ਚ ਹਿੱਸਾ ਲੈਣ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭੰਗੜੇ ਤੇ ਲੋਕ ਨਾਚਾਂ ਨਾਲ ਨਸ਼ਿਆਂ ਨੂੰ ਬੰਦ ਕੀਤਾ ਜਾ ਸਕਦਾ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News