‘ਪਰਵਿੰਦਰ ਝੋਟਾ’ ਦੇ ਕਤਲ ਦੇ ਰੋਸ ਵਜੋਂ ਕੱਢਿਆ ਕੈਂਡਲ ਮਾਰਚ
Monday, Oct 19, 2026 - 06:18 PM (IST)
ਸਮਾਣਾ (ਦਰਦ) : ਮਾਨਸਾ ਵਿਖੇ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਰੋਸ ਵਜੋਂ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਜਗਮੀਤ ਸਿੰਘ ਹਰਿਆਊ ਦੀ ਅਗਵਾਈ ’ਚ ਕੈਂਡਲ ਮਾਰਚ ਕੱਢਿਆ ਗਿਆ। ਇਸ ਮਾਰਚ ’ਚ ਅਕਾਲੀ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ’ਚ ਇਲਾਕੇ ਦੇ ਲੋਕਾਂ ਨੇ ਹੱਥਾਂ ’ਚ ਮੋਮਬੱਤੀਆਂ ਫੜ ਕੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਸੂਬੇ ’ਚ ਡਿੱਗ ਰਹੀ ਕਾਨੂੰਨ ਵਿਵਸਥਾ ’ਤੇ ਰੋਸ ਪ੍ਰਗਟ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਖਿਲਾਫ ਲੜਾਈ ਲੜਨ ਵਾਲਾ ਇਕ ਨਿਡਰ ਯੋਧਾ ਸੀ, ਜਿਸ ਦਾ ਦਿਨ-ਦਿਹਾੜੇ ਕਤਲ ਹੋਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ’ਚ ਜੰਗਲ ਰਾਜ ਕਾਇਮ ਹੋ ਚੁੱਕਾ ਹੈ। ਮਾਨਸਾ ਦੀ ਇਸ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਮੌਜੂਦਾ ਸਰਕਾਰ ਦੇ ਰਾਜ ’ਚ ਨਸ਼ਾ ਸਮੱਗਲਰਾਂ ਦੇ ਹੌਸਲੇ ਕਿੰਨੇ ਬੁਲੰਦ ਹਨ। ਅਕਾਲੀ ਦਲ ਇਸ ਦੁੱਖ ਦੀ ਘੜੀ ’ਚ ਪਰਿਵਾਰ ਦੇ ਨਾਲ ਖੜ੍ਹਾ ਹੈ। ਇਸ ਦੌਰਾਨ ਝੋਟਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪ੍ਰਣ ਲਿਆ ਕਿ ਅਕਾਲੀ ਦਲ ਲੋਕਾਂ ਦੇ ਅਧਿਕਾਰਾਂ ਅਤੇ ਸੂਬੇ ਦੀ ਅਮਨ-ਸ਼ਾਂਤੀ ਲਈ ਆਪਣੀ ਲੜਾਈ ਜਾਰੀ ਰੱਖੇਗਾ। ਇਸ ਮੌਕੇ ਨਿਸ਼ਾਨ ਸਿੰਘ ਸੰਧੂ, ਕੁਲਦੀਪ ਸਿੰਘ ਨੱਸੂਪੁਰ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟੋਡਰਪੁਰ, ਗੋਪਾਲ ਸ਼ਰਮਾ, ਪੱਪੀ ਦਿਆਾਲਗੜ੍ਹੀਆ, ਮਦਨ ਗਰਗ, ਕੁਲਦੀਪ ਵਿਰਕ ਆਦਿ ਵੀ ਮੌਜੂਦ ਸਨ।
