ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕਰਨ ਨਾਲ ਧਰਤੀ ਦੇ ਜੈਵਿਕ ਤੇ ਖੁਰਾਕੀ ਤੱਤਾਂ ’ਚ ਹੁੰਦਾ ਹੈ ਸੁਧਾਰ : ਡਾ. ਰਾਮਪਾ
Monday, Nov 05, 2018 - 02:47 PM (IST)
ਫਤਿਹਗੜ੍ਹ ਸਾਹਿਬ (ਜਗਦੇਵ, ਬਖਸ਼ੀ)-ਹੈਪੀ ਸੀਡਰ ਪਰਾਲੀ ਨੂੰ ਬਿਨਾਂ ਅੱਗ ਲਗਾਏ ਤੇ ਘੱਟ ਲਾਗਤ ਨਾਲ ਕਣਕ ਬੀਜਣ ਦੀ ਤਕਨੀਕ ਹੈ, ਜਿਸ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ੍ਹ ਪੈਂਦੀ ਹੈ ਉਥੇ ਹੀ ਕਿਸਾਨਾਂ ਦਾ ਖਰਚਾ ਵੀ ਘੱਟਦਾ ਹੈ ਤੇ ਫਸਲ ਤੋਂ ਝਾਡ਼ ਵੀ ਵੱਧ ਮਿਲਦਾ ਹੈ। ਇਸ ਤੋਂ ਇਲਾਵਾ ਕਣਕ ਦੀ ਸਿੱਧੀ ਬਿਜਾਈ ਕਰਨ ਨਾਲ ਜ਼ਮੀਨ ਦੇ ਜੈਵਿਕ ਤੇ ਖੁਰਾਕੀ ਤੱਤਾਂ ’ਚ ਵੀ ਸੁਧਾਰ ਹੁੰਦਾ ਹੈ। ਇਹ ਪ੍ਰਗਟਾਵਾ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਮਸ਼ੇਰ ਨਗਰ ਵਿਖੇ ਕਿਸਾਨ ਗੁਰਪ੍ਰੀਤ ਸਿੰਘ ਤੇ ਮਨਵਿੰਦਰ ਸਿੰਘ ਦੇ ਖੇਤਾਂ ’ਚ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਦੀਆਂ ਖੇਤਨੀਆਂ ਲਗਾਈਆਂ ਗਈਆਂ। ਉਨ੍ਹਾਂ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਨੂੰ ਸੰਭਾਲਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਕਾਰਨ ਅੱਜ ਸਾਡਾ ਵਾਤਾਵਰਣ ਬਹੁਤ ਜ਼ਿਆਦਾ ਪ੍ਰਦੂਸ਼ਤ ਹੋ ਗਿਆ ਹੈ ਤੇ ਜੇਕਰ ਇਹ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਸਾਡੀਆਂ ਆਉਣ ਵਾਲੀਆਂ ਪੀਡ਼੍ਹੀਆਂ ਲਈ ਇਸ ਧਰਤੀ ’ਤੇ ਸਾਹ ਲੈਣਾ ਵੀ ਅੌਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਤੋਂ ਛੁਟਕਾਰੇ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨਾ ਪਵੇਗਾ ਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਹਮੇਸ਼ਾ ਲਈ ਛੱਡ ਕੇ ਆਧੁਨਿਕ ਖੇਤੀ ਮਸ਼ੀਨਰੀ ਦੀ ਮਦਦ ਨਾਲ ਪਰਾਲੀ ਨੂੰ ਖੇਤ ’ਚ ਹੀ ਵਾਹ ਕੇ ਕਣਕ ਦੀ ਸਿੱਧੀ ਬਿਜਾਈ ਕਰਨ ਨੂੰ ਹੀ ਤਰਜੀਹ ਦੇਣੀ ਚਾਹੀਦੀ ਹੈ। ®ਡਾ. ਰਾਮਪਾਲ ਨੇ ਦੱਸਿਆ ਕਿ ਪਰਾਲੀ ਕਣਕ ਦੀ ਫਸਲ ਦੌਰਾਨ ਮਲਚਿੰਗ ਦਾ ਕੰਮ ਕਰਦੀ ਹੈ, ਜਿਸ ਨਾਲ ਖੇਤ ’ਚ ਨਮੀ ਬਰਕਰਾਰ ਰਹਿੰਦੀ ਹੈ ਤੇ ਕਣਕ ਦੀ ਫਸਲ ਨੂੰ ਇਕ ਸਿੰਚਾਈ ਵੀ ਘੱਟ ਲਗਦੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਸਿੱਧੀ ਬਿਜਾਈ ਕਰਨ ਨਾਲ ਨਦੀਨ ਨਾਸ਼ਕਾਂ ਉਪਰ ਆਉਣ ਵਾਲੇ ਖਰਚਿਆਂ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ, ਕਿਉਂਕਿ ਜਿਹਡ਼ੇ ਖੇਤਾਂ ’ਚ ਪਰਾਲੀ ਨੂੰ ਖੇਤਾਂ ’ਚ ਹੀ ਵਾਹ ਕੇ ਕਣਕ ਦੀ ਸਿੱਧੀ ਬਿਜਾਈ ਕੀਤੀ ਜਾਂਦੀ ਹੈ ਉਨ੍ਹਾਂ ਖੇਤਾਂ ’ਚ ਸਿਰਫ ਤੀਜਾ ਹਿੱਸਾ ਨਦੀਨ ਹੀ ਜੰਮ ਪਾਉਂਦੇ ਹਨ। ®ਇਸ ਮੌਕੇ ਇੰਜਨੀਅਰ ਗੁਰਨਾਜ਼ ਸਿੰਘ ਗਿੱਲ ਨੇ ਦੱਸਿਆ ਕਿ ਸਮਸ਼ੇਰ ਨਗਰ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਦੋ ਕਿਸਾਨਾਂ ਦੇ ਖੇਤਾਂ ’ਚ ਹੈਪੀ ਸੀਡਰ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਕਿਸਾਨ ਕਣਕ ਦੀ ਬਿਜਾਈ ਇਸ ਮਸ਼ੀਨ ਨਾਲ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਰ ਸਕਣ। ਉਨ੍ਹਾਂ ਦੱਸਿਆ ਕਿ ਇਸ ਵਾਰ ਕਿਸਾਨਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਹੱਈਆ ਕਰਵਾਈ ਖੇਤੀ ਮਸ਼ੀਨਰੀ ਦੀ ਮਦਦ ਨਾਲ ਪਰਾਲੀ ਨੂੰ ਜ਼ਮੀਨ ’ਚ ਹੀ ਵਾਹਿਆ ਹੈ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਭਵਿੱਖ ’ਚ ਵੀ ਕਿਸਾਨਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਤਿਆਰ ਰਹੇਗਾ। ਇਸ ਮੌਕੇ ਪਿੰਡ ਦੇ ਅਗਾਂਹਵਧੂ ਕਿਸਾਨਾਂ ਨੇ ਦੱਸਿਆ ਕਿ ਪਿੰਡ ’ਚ ਹੁਣ ਤੱਕ ਲਗਭਗ 150 ਏਕਡ਼ ਤੋਂ ਵੱਧ ਰਕਬੇ ’ਚ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾ ਚੁੱਕੀ ਹੈ।
