ਪੰਜਾਬ ਪੁਲਸ ਦੀ ਵੱਡੀ ਕਾਰਵਾਈ, 10 ਕਿੱਲੋ ਭੁੱਕੀ ਸਮੇਤ ਦੋ ਗ੍ਰਿਫ਼ਤਾਰ
Saturday, Dec 07, 2024 - 06:14 PM (IST)
ਪਟਿਆਲਾ (ਬਲਜਿੰਦਰ) : ਥਾਣਾ ਬਖਸ਼ੀਵਾਲ ਦੀ ਪੁਲਸ ਨੇ ਐੱਸ. ਐੱਚ. ਓ. ਸੁਖਦੇਵ ਸਿੰਘ ਦੀ ਅਗਵਾਈ ਹੇਠ 10 ਕਿਲੋ ਭੁੱਕੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਐੱਸ. ਐੱਸ. ਪੀ. ਡਾ. ਨਾਨਕ ਸਿੰਘ, ਐੱਸ. ਪੀ. ਸਿਟੀ ਮੁਹੰਮਦ ਸਰਫਰਾਜ ਆਲਮ ਅਤੇ ਡੀ. ਐੱਸ. ਪੀ. ਸਿਟੀ 2 ਮਨੋਜ ਗੋਰਸੀ ਦੀ ਅਗਵਾਈ ਹੇਠ ਕੁਲਦੀਪ ਸਿੰਘ ਅਤੇ ਹਰਜਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਦਿਲਾਵਰਪੁਰ ਥਾਣਾ ਪਸਿਆਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੌਂਕੀ ਇੰਚਾਰਜ ਏ. ਐੱਸ. ਆਈ. ਗੁਰਪਿੰਦਰ ਸਿੰਘ ਪੁਲਸ ਪਾਰਟੀ ਸਮੇਤ ਟੀ ਪੁਆਇੰਟ ਧਬਲਾਨ ਮੋੜ ਵਿਖੇ ਮੌਜੂਦ ਸੀ, ਜਿਥੇ ਉਕਤ ਵਿਅਕਤੀਆਂ ਨੂੰ ਮੋਟਰਸਾਈਕਲ ’ਤੇ ਆਉਂਦੇ ਨੂੰ ਜਦੋਂ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈਕ ਕੀਤਾ ਗਿਆ ਤਾਂ ਉਨ੍ਹਾਂ ਤੋਂ 10 ਕਿੱਲੋ ਭੁੱਕੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੋਵਾਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐੱਸ. ਐੱਚ. ਓ. ਸੁਖਦੇਵ ਸਿੰਘ ਨੇ ਕਿਹਾ ਕਿ ਦੋਵਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਵਿਚ ਜੇਕਰ ਕਿਸੇ ਹੋਰ ਦੀ ਸ਼ਮੂਲੀਅਤ ਪਾਈ ਗਈ ਤਾਂ ਉਸ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸੇ ਤਰ੍ਹਾਂ ਥਾਣਾ ਅਨਾਜ ਮੰਡੀ ਦੀ ਪੁਲਸ ਨੇ ਐੱਸ. ਐੱਚ. ਓ. ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸੁੱਖਾ ਰਾਮ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਧਰਮਕੋਟ ਥਾਣਾ ਸਨੌਰ ਨੂੰ ਸ਼ਰਾਬ ਦੀਆਂ 36 ਬੋਤਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਅਨੁਸਾਰ ਏ. ਐੱਸ. ਆਈ. ਹਰਦੀਪ ਸਿੰਘ ਪੁਲਸ ਪਾਰਟੀ ਸਮੇਤ ਟੀ ਪੁਆਇੰਟ ਕਸਿਆਣਾ ਵਿਖੇ ਮੌਜੂਦ ਸੀ, ਜਿਥੇ ਉਕਤ ਵਿਅਕਤੀ ਨੂੰ ਜਦੋਂ ਮੋਟਰਸਾਈਕਲ ’ਤੇ ਆਉਂਦੇ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਤੋਂ ਸ਼ਰਾਬ ਦੀਆਂ 36 ਬੋਤਲਾਂ ਬਰਾਮਦ ਹੋਈਆਂ। ਜਿਸ ਖਿਲਾਫ ਐਕਸਾਈਜ਼ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।