ਸਬ-ਇੰਸਪੈਕਟਰ ਨੂੰ 50000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Saturday, Feb 28, 2026 - 06:29 PM (IST)

ਸਬ-ਇੰਸਪੈਕਟਰ ਨੂੰ 50000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਪਟਿਆਲਾ (ਬਲਜਿੰਦਰ, ਸੁਖਦੀਪ ਸਿੰਘ ਮਾਨ): ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਾਈਬਰ ਸੈੱਲ, ਸੰਗਰੂਰ ਵਿਖੇ ਤਾਇਨਾਤ ਸਬ-ਇੰਸਪੈਕਟਰ ਮੇਵਾ ਸਿੰਘ ਨੂੰ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਪਿੰਡ ਕੋਠੇ ਮਹਾਂ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਦੇ ਇਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਤੇ ਉਸਦੀ ਪਤਨੀ ਵਿਰੁੱਧ ਥਾਣਾ ਸਾਈਬਰ ਕ੍ਰਾਈਮ ਸੰਗਰੂਰ ਵਿਖੇ ਇਕ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਵਿਚ ਦੋਸ਼ੀ ਸਬ-ਇੰਸਪੈਕਟਰ ਜਾਂਚ ਅਧਿਕਾਰੀ ਸੀ। ਇਸ ਸਬੰਧ ਵਿਚ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸਬ-ਇੰਸਪੈਕਟਰ ਨੇ ਉਸਦੀ ਪਤਨੀ ਨੂੰ ਇਸ ਕੇਸ ਵਿੱਚੋਂ ਬਰੀ ਕਰਵਾਉਣ ਵਿਚ ਮਦਦ ਕਰਨ ਬਦਲੇ 50000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਸਬ-ਇੰਸਪੈਕਟਰ ਮੇਵਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


author

Gurminder Singh

Content Editor

Related News