ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸਾਹਿਲ ਗੋਇਲ ਨੇ ਰਾਜਪਾਲ ਨੂੰ ਮੰਗ-ਪੱਤਰ ਸੌਂਪਿਆ

06/17/2023 7:56:32 PM

ਪਟਿਆਲਾ (ਬਲਜਿੰਦਰ) : ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸਾਹਿਲ ਗੋਇਲ ਨੇ ਪੰਜਾਬ ਦੇ ਰਾਜਪਾਲ ਨੂੰ ਮੰਗ-ਪੱਤਰ ਸੌਂਪ ਕੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ’ਤੇ ਸਵਾਲ ਖੜ੍ਹੇ ਕੀਤੇ ਹਨ। ਰਾਜਪਾਲ ਨੂੰ ਦਿੱਤੇ ਮੰਗ-ਪੱਤਰ ਵਿਚ ਸਾਹਿਲ ਗੋਇਲ ਨੇ ਕਿਹਾ ਕਿ ਜਦੋਂ ਉਹ ਲੋਕਾਂ ਦੇ ਹਿੱਤਾਂ ਦੀ ਗੱਲ ਕਰਦਿਆਂ ਮੀਡੀਆ ਤੇ ਸੋਸ਼ਲ ਮੀਡੀਆ ਰਾਹੀਂ ਇਹ ਸਵਾਲ ਉਠਾਉਂਦੇ ਹਨ ਤਾਂ ਪਟਿਆਲਾ ਪੁਲਸ ਉਸ ਨਾਲ ਮਾੜਾ ਵਤੀਰਾ ਕਰਦੀ ਹੈ। ਉਨ੍ਹਾਂ ਕਿਹਾ ਕਿ ਮੈਂ ਤੁਹਾਡੇ ਧਿਆਨ ’ਚ ਲਿਆਉਣਾ ਚਾਹੁੰਦਾ ਹਾਂ ਕਿ ਪੰਜਾਬ ਦੇ ਹਾਲਾਤ ਦਿਨ-ਬ-ਦਿਨ ਵਿਗੜਦੇ ਜਾ ਰਹੇ ਹਨ। ਆਏ ਦਿਨ ਲੁੱਟ-ਖੋਹ ਤੇ ਕਤਲੋਗਾਰਤ ਦੀਆਂ ਘਟਨਾਵਾਂ ਹੋ ਗਈਆਂ ਹਨ।

ਗੈਰ-ਕਾਨੂੰਨੀ ਅਨਸਰਾਂ ਵੱਲੋਂ ਕਾਨੂੰਨ ਦਾ ਮਜ਼ਾਕ ਬਣਾ ਦਿੱਤਾ ਗਿਆ ਹੈ ਅਤੇ ਜਦੋਂ ਤੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਕਾਬਜ਼ ਹੋਈ ਹੈ, ਲੋਕਾਂ ਨੂੰ ਜਾਨ-ਮਾਲ ਦਾ ਖ਼ਤਰਾ ਮਹਿਸੂਸ ਹੋਣ ਲੱਗਾ ਹੈ, ਜਦਕਿ ਮੁੱਖ ਮੰਤਰੀ ਅਤੇ ਡੀ.ਜੀ.ਪੀ. ਇਸ ਮਾਮਲੇ ’ਤੇ ਚੁੱਪ ਧਾਰੀ ਬੈਠੇ ਹਨ। ਸਾਹਿਲ ਗੋਇਲ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਨੂੰ ਦੇਖਦੇ ਹੋਏ ਕੋਈ ਵੀ ਨਿਵੇਸ਼ਕ ਪੰਜਾਬ ਵਿਚ ਨਹੀਂ ਆ ਰਿਹਾ ਅਤੇ ਪੰਜਾਬ ਵਿਚ ਉਦਯੋਗਾਂ ਦਾ ਵਿਕਾਸ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ, ਜਿਸ ਕਾਰਨ ਸਾਡੀ ਆਰਥਿਕਤਾ ਨੂੰ ਨੁਕਸਾਨ ਹੋ ਰਿਹਾ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ। ਉਨ੍ਹਾਂ ਰਾਜਪਾਲ ਤੋਂ ਮੰਗੀ ਕੀਤੀ ਕਿ ਇਸ ਮਾਮਲੇ ’ਚ ਨੋਟਿਸ ਲੈਣ, ਜਿਸ ਨਾਲ ਪੰਜਾਬ ਦੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ ਤੇ ਇਥੇ ਬਾਹਰ ਤੋਂ ਨਿਵੇਸ਼ਕ ਆਉਣ ਤੇ ਸਨਅਤ ਦਾ ਵਿਕਾਸ ਹੋਵੇ ਅਤੇ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ।

Manoj

This news is Content Editor Manoj