ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ

2/19/2018 7:25:02 AM

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਿੱਖਾਂ ਦਾ ਉਹ ਮੁਕੱਦਸ ਅਸਥਾਨ ਹੈ, ਜਿਥੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਹੋਇਆ। ਗੁਰੂ ਸਾਹਿਬ ਜੀ ਦੇ ਆਗਮਨ ਸਮੇਂ ਇਹ ਨਗਰ ਰਾਏ ਭੋਇ ਦੀ ਤਲਵੰਡੀ ਕਰਕੇ ਜਾਣਿਆ ਜਾਂਦਾ ਸੀ। ਗੁਰੂ ਸਾਹਿਬ ਦੇ ਮੁਬਾਰਕ ਪ੍ਰਕਾਸ਼ ਤੋਂ ਬਾਅਦ ਇਸ ਦਾ ਨਾਂ ਸ੍ਰੀ ਨਨਕਾਣਾ ਸਾਹਿਬ ਕਰਕੇ ਮਸ਼ਹੂਰ ਹੋਇਆ। ਭਾਰਤ-ਪਾਕਿਸਤਾਨ ਵੰਡ ਸਮੇਂ ਬੇਸ਼ੱਕ ਇਹ ਅਸਥਾਨ ਪਾਕਿਸਤਾਨ 'ਚ ਚਲਾ ਗਿਆ ਪਰ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਇਸ ਇਤਿਹਾਸਕ ਅਸਥਾਨ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਨਤਮਸਤਕ ਹੁੰਦੀਆਂ ਹਨ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਿੱਖੀ ਦਾ ਮੂਲ ਇਤਿਹਾਸਕ ਅਸਥਾਨ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ 20 ਫਰਵਰੀ 1921 ਨੂੰ ਵਾਪਰੇ ਸ਼ਹੀਦੀ ਸਾਕੇ ਨੂੰ 'ਸਾਕਾ ਨਨਕਾਣਾ ਸਾਹਿਬ' ਕਰਕੇ ਜਾਣਿਆ ਜਾਂਦਾ ਹੈ। ਇਸ ਸਾਕੇ ਸਮੇਂ ਵੱਡੀ ਗਿਣਤੀ 'ਚ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ।
ਉਸ ਸਮੇਂ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਅਕਸਰ ਉਦਾਸੀ, ਨਿਰਮਲੇ ਸਾਧੂ, ਸੰਪਰਦਾਵਾਂ ਕਰਦੀਆਂ ਸਨ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਸ਼ਾਸਨ ਦੌਰਾਨ ਗੁਰਦੁਆਰਾ ਸਾਹਿਬਾਨ ਦੇ ਨਾਂ ਜ਼ਮੀਨਾਂ ਤੇ ਜਾਗੀਰਾਂ ਆਦਿ ਲਗਵਾਈਆਂ ਅਤੇ ਗੁਰਦੁਆਰਾ ਸਾਹਿਬਾਨ ਦੀਆਂ ਨਵੀਆਂ ਇਮਾਰਤਾਂ ਵੀ ਤਿਆਰ ਕਰਵਾਈਆਂ। ਪੰਜਾਬ ਉੱਤੇ ਅੰਗਰੇਜ਼ਾਂ ਦੇ ਕਾਬਜ਼ ਹੋਣ ਪਿੱਛੋਂ ਗੁਰਦੁਆਰਿਆਂ ਦੇ ਪ੍ਰਬੰਧ 'ਚ ਵਿਗਾੜ ਆਉਣੇ ਸ਼ੁਰੂ ਹੋ ਗਏ। ਅੰਗਰੇਜ਼ਾਂ ਦੁਆਰਾ ਗੁਰਦੁਆਰਿਆਂ ਦੇ ਪ੍ਰਬੰਧ ਵਿਚ ਸਿੱਧੀ ਦਖ਼ਲਅੰਦਾਜ਼ੀ ਹੋਣ ਲੱਗੀ। ਪ੍ਰਬੰਧਕ ਮਨਮਾਨੀਆਂ ਅਤੇ ਗੁਰਮਤਿ ਵਿਰੋਧੀ ਕਾਰਵਾਈਆਂ ਕਰਨ ਲੱਗ ਪਏ। ਇਸ ਨਾਲ ਸਿੱਖਾਂ 'ਚ ਰੋਸ ਤੇ ਰੋਹ ਪੈਦਾ ਹੋ ਗਿਆ ਅਤੇ ਇਸੇ ਰੋਸ ਨੇ 'ਗੁਰਦੁਆਰਾ ਸੁਧਾਰ ਲਹਿਰ' ਨੂੰ ਜਨਮ ਦਿੱਤਾ। ਇਸ ਲਹਿਰ ਦੌਰਾਨ ਸਿੱਖ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਪ੍ਰਬੰਧ 'ਚ ਸੁਧਾਰ ਹਿੱਤ ਗੁਰਦੁਆਰਾ ਸਾਹਿਬ 'ਤੇ ਮਹੰਤਾਂ ਦੇ ਕਬਜ਼ੇ ਨੂੰ ਹਟਾਉਣ ਲਈ ਸ਼ਾਂਤਮਈ ਰੋਸ ਪ੍ਰਗਟ ਕਰਨ ਲਈ ਇਕੱਠੇ ਹੋਏ।
ਸ੍ਰੀ ਨਨਕਾਣਾ ਸਾਹਿਬ 'ਤੇ ਕਾਬਜ਼ ਮਹੰਤ ਨਾਰਾਇਣ ਦਾਸ ਗੁਰਮਤਿ ਵਿਰੋਧੀ ਕਾਰਵਾਈਆਂ ਕਾਰਨ ਬਹੁਤ ਬਦਨਾਮ ਹੋ ਚੁੱਕਾ ਸੀ। ਇਸ ਮਹੰਤ ਨੇ ਗੁਰਮਤਿ ਦੇ ਉਲਟ ਕੰਜਰੀਆਂ ਦਾ ਨਾਚ ਕਰਾਇਆ, ਜਿਸ ਦਾ ਸੰਗਤਾਂ ਨੇ ਬਹੁਤ ਬੁਰਾ ਮਨਾਇਆ। ਅਖ਼ਬਾਰਾਂ ਵਿਚ ਵੀ ਖ਼ਬਰਾਂ ਛਪੀਆਂ ਅਤੇ ਸਿੰਘ ਸਭਾਵਾਂ ਨੇ ਰੋਸ ਮਤੇ ਪਾਸ ਕੀਤੇ ਤੇ ਸਰਕਾਰ ਤੋਂ ਮਹੰਤ ਨੂੰ ਹਟਾਉਣ ਦੀ ਮੰਗ ਕੀਤੀ ਗਈ। 1918 ਈ. 'ਚ ਸਿੰਧ ਦਾ ਰਹਿਣ ਵਾਲਾ ਇਕ ਰਿਟਾਇਰਡ ਅਫ਼ਸਰ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਆਪਣੇ ਪਰਿਵਾਰ ਨਾਲ ਆਇਆ, ਮਹੰਤ ਨੇ ਉਸ ਦੇ ਪਰਿਵਾਰ ਨਾਲ ਦੁਰਵਿਵਹਾਰ ਕੀਤਾ। ਪੁਜਾਰੀਆਂ ਦੀਆਂ ਅਜਿਹੀਆਂ ਹਰਕਤਾਂ ਤੋਂ ਲੋਕ ਤੰਗ ਆ ਚੁੱਕੇ ਸਨ ਅਤੇ ਉਨ੍ਹਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਸੀ।
ਅਕਤੂਬਰ 1920 ਈ. ਵਿਚ ਜ਼ਿਲਾ ਸ਼ੇਖੂਪੁਰਾ ਦੇ ਪਿੰਡ ਧਾਰੋਵਾਲੀ ਵਿਖੇ ਇਕ ਸਜੇ ਦੀਵਾਨ 'ਚ ਸੰਗਤਾਂ ਦੇ ਇਕੱਠ 'ਚ ਸ੍ਰੀ ਨਨਕਾਣਾ ਸਾਹਿਬ ਦੇ ਪ੍ਰਬੰਧ ਦੇ ਸੁਧਾਰ ਲਈ ਮਤਾ ਪਾਸ ਕੀਤਾ, ਜਿਸ ਦੀ ਜਾਣਕਾਰੀ ਮਹੰਤ ਨੂੰ ਵੀ ਪਹੁੰਚ ਗਈ ਸੀ, ਇਸ ਲਈ ਉਸ ਨੇ ਚਾਰ-ਪੰਜ ਸੌ ਭਾੜੇ ਦੇ ਆਦਮੀ ਆਪਣੀ ਰਾਖੀ ਲਈ ਸੱਦ ਲਏ। 1920 ਈ. ਨੂੰ ਕੱਤਕ ਦੀ ਪੂਰਨਮਾਸ਼ੀ ਦੇ ਮੇਲੇ 'ਤੇ ਮਹੰਤ ਨਾਰਾਇਣ ਦਾਸ ਨੇ ਚਾਰ-ਪੰਜ ਸੌ ਆਦਮੀਆਂ ਦਾ ਮੁਜ਼ਾਹਰਾ ਕੀਤਾ। ਸੰਗਤਾਂ ਵਿਚੋਂ ਜਿਸ ਉਤੇ ਵੀ ਅਕਾਲੀ ਹੋਣ ਦਾ ਸ਼ੱਕ ਪਿਆ, ਉਸ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ। ਇਸ ਪਿੱਛੋਂ 23 ਜਨਵਰੀ ਅਤੇ 6 ਫਰਵਰੀ 1921 ਈ. ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਇਸ ਸਬੰਧੀ ਵਿਚਾਰਾਂ ਹੋਈਆਂ। ਉਸ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸੁੰਦਰ ਸਿੰਘ ਰਾਮਗੜ੍ਹੀਆ ਤੇ ਮੀਤ ਪ੍ਰਧਾਨ ਹਰਬੰਸ ਸਿੰਘ ਵਲੋਂ ਕਮੇਟੀ ਦੀ ਰਾਏ ਅਨੁਸਾਰ ਮਹੰਤ ਦੇ ਨਾਂ ਉਸ ਦੇ ਆਚਰਣ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ 'ਚ ਸੁਧਾਰ ਲਈ ਖੁੱਲ੍ਹੀ ਚਿੱਠੀ ਲਿਖੀ ਗਈ ਸੀ। ਇਸ ਦੇ ਨਾਲ ਹੀ ਸ੍ਰੀ ਨਨਕਾਣਾ ਸਾਹਿਬ ਵਿਖੇ ਦੀਵਾਨ ਤੇ ਲੰਗਰ ਦੇ ਪ੍ਰਬੰਧ ਲਈ ਭਾਈ ਲਛਮਣ ਸਿੰਘ, ਸ. ਦਲੀਪ ਸਿੰਘ, ਸ. ਤੇਜਾ ਸਿੰਘ ਸਮੁੰਦਰੀ, ਸ. ਕਰਤਾਰ ਸਿੰਘ ਝੱਬਰ ਅਤੇ ਸ. ਬਖਸ਼ੀਸ਼ ਸਿੰਘ 'ਤੇ ਆਧਾਰਿਤ ਇਕ ਕਮੇਟੀ ਬਣਾ ਦਿੱਤੀ। ਦੂਜੇ ਪਾਸੇ ਮਹੰਤ ਨਾਰਾਇਣ ਦਾਸ ਨੇ 7 ਫਰਵਰੀ ਨੂੰ ਆਪਣੇ ਹਮਾਇਤੀਆਂ ਦੀ ਇਕੱਤਰਤਾ ਬੁਲਾਈ।
ਸਿੱਖ ਸੰਗਤਾਂ ਨੇ ਮਹੰਤ ਦੀਆਂ ਘਟੀਆ ਕਾਰਵਾਈਆਂ ਨੂੰ ਰੋਕਣ ਲਈ 19 ਫਰਵਰੀ ਨੂੰ ਨਨਕਾਣਾ ਸਾਹਿਬ ਪਹੁੰਚਣ ਦਾ ਫੈਸਲਾ ਕੀਤਾ। ਸਿੱਖ ਸੰਗਤਾਂ ਦੇ ਮੁਖੀਆਂ ਨੇ ਅਕਾਲੀ ਅਖ਼ਬਾਰ ਦੇ ਦਫਤਰ 'ਚ ਫੈਸਲਾ ਕੀਤਾ ਕਿ ਕੋਈ ਪੱਕੀ ਤਰੀਕ ਨਿਸ਼ਚਿਤ ਕੀਤੇ ਬਿਨਾਂ ਕੋਈ ਜਥਾ ਨਨਕਾਣਾ ਸਾਹਿਬ ਨਾ ਜਾਵੇ ਪਰ ਭਾਈ ਲਛਮਣ ਸਿੰਘ ਧਾਰੋਵਾਲੀ ਤੇ ਸ. ਕਰਤਾਰ ਸਿੰਘ ਝੱਬਰ ਆਪਣੇ-ਆਪਣੇ ਜਥੇ ਲੈ ਕੇ ਨਨਕਾਣਾ ਸਾਹਿਬ ਪੁੱਜਣਾ ਚਾਹੁੰਦੇ ਸਨ। ਦੋਹਾਂ ਜਥਿਆਂ ਨੂੰ ਰੋਕਣ ਦਾ ਯਤਨ ਕੀਤਾ। ਭਾਈ ਕਰਤਾਰ ਸਿੰਘ ਝੱਬਰ ਦਾ ਜਥਾ ਰੋਕ ਲਿਆ ਗਿਆ ਪਰ ਭਾਈ ਲਛਮਣ ਸਿੰਘ ਦਾ ਜਥਾ ਨਾ ਰੁਕਿਆ ਅਤੇ ਇਹ ਜਥਾ 20 ਫਰਵਰੀ ਨੂੰ ਨਨਕਾਣਾ ਸਾਹਿਬ ਪਹੁੰਚ ਗਿਆ। ਮਹੰਤ ਨਾਰਾਇਣ ਦਾਸ ਨੇ ਸਿੰਘਾਂ 'ਤੇ ਹਮਲੇ ਦੀ ਪੂਰੀ ਤਿਆਰੀ ਕੀਤੀ ਹੋਈ ਸੀ।
ਜਦੋਂ ਸਿੰਘਾਂ ਦਾ ਜਥਾ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਇਆ ਤਾਂ ਮਹੰਤ ਨੇ ਬਾਹਰਲੇ ਦਰਵਾਜ਼ੇ ਬੰਦ ਕਰਵਾ ਦਿੱਤੇ ਅਤੇ ਉਸ ਦੇ ਭਾੜੇ ਦੇ ਗੁੰਡਿਆਂ ਨੇ ਸਿੰਘਾਂ 'ਤੇ ਵਾਰ ਕਰਨੇ ਸ਼ੁਰੂ ਕਰ ਦਿੱਤੇ, ਛੱਤ ਦੇ ਉਪਰੋਂ ਗੋਲੀਆਂ ਚਲਾਈਆਂ ਗਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸਿੰਘ ਨੂੰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਵਿਚ ਕਈ ਗੋਲੀਆਂ ਲੱਗੀਆਂ। ਜ਼ਖ਼ਮੀ ਸਿੰਘਾਂ ਨੂੰ ਤੇਲ ਪਾ ਕੇ ਸਾੜਿਆ ਗਿਆ। ਇਸ ਖ਼ੂਨੀ ਸਾਕੇ ਸਬੰਧੀ ਸ. ਉੱਤਮ ਸਿੰਘ ਕਾਰਖਾਨੇ ਵਾਲਿਆਂ ਨੇ ਪੰਥਕ ਜਥੇਬੰਦੀ ਤੇ ਸਰਕਾਰੀ ਅਫ਼ਸਰਾਂ ਨੂੰ ਤਾਰਾਂ ਭੇਜੀਆਂ। 21 ਫਰਵਰੀ 1921 ਈ. ਨੂੰ ਸਿੱਖ ਮੁਖੀ ਤੇ ਅਣਗਿਣਤ ਸੰਗਤਾਂ ਨਨਕਾਣਾ ਸਾਹਿਬ ਪੁੱਜੀਆਂ। ਉਸੇ ਦਿਨ ਸ਼ਾਮ ਨੂੰ ਸ੍ਰੀ ਨਨਕਾਣਾ ਸਾਹਿਬ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਥਾਂ 'ਚ ਆ ਗਿਆ। 22 ਫਰਵਰੀ ਦੀ ਸ਼ਾਮ ਨੂੰ ਸ਼ਹੀਦ ਸਿੰਘਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੇ ਸਿੱਖ ਜਗਤ 'ਚ ਰੋਹ ਤੇ ਜੋਸ਼ ਪੈਦਾ ਕਰ ਦਿੱਤਾ। ਸਿੱਖ ਸੰਗਤਾਂ ਨੇ ਸਮੂਹ ਗੁਰਦੁਆਰਾ ਸਾਹਿਬਾਨ ਨੂੰ ਪੰਥਕ ਪ੍ਰਬੰਧ ਹੇਠ ਲਿਆਉਣ ਲਈ ਕਮਰ ਕੱਸੇ ਕਰ ਲਏ। ਇਸ ਲਹਿਰ ਨੇ ਗੁਰਦੁਆਰਾ ਪ੍ਰਬੰਧਾਂ 'ਚ ਗੁਰਮਤਿ ਮਰਿਆਦਾ ਦੀ ਇਕਸੁਰਤਾ ਦਾ ਮੁੱਢ ਬੰਨ੍ਹਿਆ। ਇਥੇ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਤੋਂ ਬਾਅਦ ਸਿੱਖ ਕੌਮ ਨੇ ਪ੍ਰਚਾਰ ਲਹਿਰ ਵਿੱਢਣ ਲਈ ਇਕ ਅਹਿਮ ਫੈਸਲਾ ਲਿਆ, ਜਿਸ ਤਹਿਤ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਹੋਂਦ 'ਚ ਆਇਆ। 1927 'ਚ ਸਥਾਪਿਤ ਹੋਈ ਇਸ ਮਿਸ਼ਨਰੀ ਸੰਸਥਾ ਨੇ ਕੌਮ ਨੂੰ ਅਨੇਕਾਂ ਪ੍ਰਚਾਰਕ, ਰਾਗੀ ਤੇ ਤਬਲਾ ਵਾਦਕ ਦਿੱਤੇ। ਅੱਜ ਵੀ ਇਹ ਪ੍ਰਚਾਰਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਸ੍ਰੀ ਅੰਮ੍ਰਿਤਸਰ ਵਿਖੇ ਚੱਲ ਰਹੀ ਹੈ। ਇਥੇ ਹਰ ਸਾਲ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਕੀਤਾ ਜਾਂਦਾ ਹੈ। ਇਸ ਵਾਰ ਵੀ 20 ਤੇ 21 ਫਰਵਰੀ ਨੂੰ ਇਥੇ ਦੋ ਰੋਜ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ 'ਚ ਕੌਮ ਦੇ ਮਹਾਨ ਵਿਦਵਾਨ ਖੋਜ ਭਰਪੂਰ ਪਰਚੇ ਪੜ੍ਹਨਗੇ।