ਫਸਲਾਂ ਦਾ ਪੰਛੀਆਂ ਤੋਂ ਬਚਾਅ ਤੇ ਰਵਾਇਤੀ ਤਰੀਕੇ

03/21/2018 1:31:48 PM

ਜਲੰਧਰ : ਪੰਛੀ ਖੇਤੀ ਨੂੰ ਫਾਇਦਾ ਵੀ ਕਰਦੇ ਹਨ ਤੇ ਨੁਕਸਾਨ ਵੀ। ਪੰਜਾਬ ਵਿਚ ਮਿਲਣ ਵਾਲੇ 300 ਕਿਸਮ ਦੇ ਪੰਛੀਆਂ ਵਿਚੋਂ ਕੁਝ ਹੀ ਫਸਲਾਂ ਤੇ ਫਲਾਂ ਦਾ ਤੇ ਗੋਦਾਮਾਂ, ਸ਼ੈਲਰਾਂ ਤੇ ਮੰਡੀਆਂ ਵਿਚ ਦਾਣਿਆਂ ਨੁਕਸਾਨ ਕਰਦੇ ਹਨ। ਸਿਰਫ ਤੋਤਾ ਹੀ ਇਕ ਅਜਿਹਾ ਪੰਛੀ ਹੈ ਜੋ ਖੇਤੀ ਨੂੰ ਕੋਈ ਫਾਇਦਾ ਨਹੀਂ ਕਰਦਾ, ਨੁਕਸਾਨ ਹੀ ਕਰਦਾ ਹੈ। 
ਹਾਨੀਕਾਰਕ ਪੰਛੀ 
ਤੋਤਾ ਸਭ ਤੋਂ ਜ਼ਿਆਦਾ ਹਾਨੀਕਾਰਕ ਪੰਛੀ ਹੈ ਜੋ ਤਕਰੀਬਨ ਸਾਰੀਆਂ ਫਸਲਾਂ ਤੇ ਫਲਾਂ ਨੂੰ ਨੁਕਾਸਨ ਕਰਦਾ ਹੈ। ਇਹ ਪੰਛੀ ਸੂਰਜਮੁਖੀ ਲਈ ਖਾਸ ਤੌਰ 'ਤੇ ਹਾਨੀਕਾਰਕ ਹੈ। ਕਾਂ ਪੁੰਗਰਦੀ ਕਣਕ, ਮੱਕੀ ਤੇ ਸੂਰਮੁਖੀ ਤੇ ਪੱਕਦੀ ਮੱਕੀ ਲਈ ਹਾਨੀਕਾਰਕ ਹੈ। ਘੁੱਗੀਆਂ ਤੇ ਕਬੂਤਰ ਦਾਲਾਂ ਨੂੰ ਬਹੁਤ ਨੁਕਸਾਨ ਕਰਦੇ ਹਨ ਤੇ ਚਿੜੀਆਂ ਬਿਜੜਿਆ ਨਾਲ ਰਲ ਕੇ ਗੋਦਾਮਾਂ ਤੇ ਸ਼ੈਲਰਾਂ ਤੋਂ ਤਕਰੀਬਨ 2.4 ਕਰੋੜ ਰੁਪਏ ਸਲਾਨਾ ਦੇ ਮੁੱਲ ਦਾ ਝੋਨਾ ਖਾ ਜਾਂਦੇ ਹਨ। ਚਿੜੀਆਂ ਤੇ ਬਿਜੜੇ ਝੋਨੇ ਦੀ ਪਨੀਰੀ ਤੇ ਪੱਕਦੇ ਬਾਜਰੇ ਤੇ ਚਰ੍ਹੀ ਦਾ ਨੁਕਸਾਨ ਕਰਦੇ ਹਨ। 
ਹਾਨੀਕਾਰਕ ਪੰਛੀਆਂ ਤੋਂ ਬਚਾਅ ਦੇ ਤਰੀਕੇ 
ਯਾਂਤਰਿਕ ਵਿਧੀ 
1. ਬੰਦੂਕ ਦੇ ਧਮਾਕੇ ਨਾਲ ਵੱਖ-ਵੱਖ ਵਕਫੇ ਤੇ ਪੰਛੀ ਉਡਾਉਣ ਲਈ ਕਰੋ। 
2. ਡਰਨੇ ਦੀ ਵਰਤੋਂ ਕਰੋਂ : ਡਰਨੇ ਦੀ ਵਰਤੋਂ ਬਹੁਤ ਪੁਰਾਣੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇਕ ਪੁਰਾਣੀ ਮਿੱਟੀ ਦੀ ਹਾਂਡੀ ਆਦਿ ਲੈ ਕੇ ਉਸ 'ਤੇ ਰੰਗ ਨਾਲ ਮਨੁੱਖੀ ਸਿਰ ਉਲੀਕ ਦਿੱਤਾ ਜਾਂਦਾ ਹੈ ਤੇ ਉਸ ਨੂੰ ਖੇਤ ਵਿਚ ਗੱਡੇ ਡੰਡਿਆਂ 'ਤੇ ਟਿਕਾ ਕੇ ਮਨੁੱਖੀ ਪੋਸ਼ਾਕ ਪੁਆ ਦਿੱਤੀ ਜਾਂਦੀ ਹੈ। ਇਸ ਨੂੰ ਮਨੁੱਖ ਸਮਝ ਕੇ ਪੰਛੀ ਖੇਤ ਦੇ ਨੇੜੇ ਨਹੀਂ ਆਉਂਦੇ ਡਰਨੇ ਦੀ ਥਾਂ, ਦਿਸ਼ਾ ਤੇ ਪੁਸ਼ਾਕ ਦਸ ਦਿਨ ਦੇ ਵਕਫੇ 'ਤੇ ਬਦਲ ਦੇਣੀ ਚਾਹੀਦੀ ਹੈ। ਡਰਨਾ ਫਸਲ ਦੀ ਉਚਾਈ ਤੋਂ ਘੱਟੋਂ-ਘੱਟ ਇਕ ਮੀਟਰ ਉੱਚਾ ਹੋਣਾ ਚਾਹੀਦਾ ਹੈ। 
3. ਸਵੇਚਾਲਕ ਪੰਛੀ ਉਡਾਉਣ ਵਾਲੀ ਮਸ਼ੀਨ ਦੇ ਨਾਲ-ਨਾਲ ਬੰਦੂਕ ਦੇ ਧਮਾਕੇ ਕਰਕੇ ਮਸ਼ੀਨ ਦੀ ਥਾਂ ਲਗਾਤਾਰ ਬਦਲ ਕੇ ਪੰਛੀਆਂ ਨੂੰ ਉਡਾਉਣ ਵਿਚ ਕਾਫੀ ਸਹਾਈ ਹੁੰਦੀ ਹੈ। ਇਕ ਹੋਰ ਆਸਾਨ ਤਰੀਕਾ ਹੈ ਜਿਸ ਵਿਚ ਅਸੀਂ ਰੱਸੀ ਨਾਲ ਹਰ ਛੇ ਤੋਂ ਅੱਠ ਇੰਚ ਦੀ ਦੂਰੀ ਦੇ 'ਤੇ ਪਟਾਕਿਆਂ ਦੇ ਛੋਟੇ-ਛੋਟੇ ਬੰਡਲ ਬੰਨ੍ਹ ਦਿੰਦੇ ਹਾਂ ਤੇ ਰੱਸੀ ਨੂੰ ਥੱਲੜੇ ਹਿੱਸੇ ਤੋਂ ਧੁਖਾ ਦਿੰਦੇ ਹਾਂ। ਇਸ ਤਰ੍ਹਾਂ ਪਟਾਕਿਆਂ ਦੇ ਅੱਗ ਫੜਨ ਨਾਲ ਵੱਖ-ਵੱਖ ਸਮੇਂ 'ਤੇ ਧਮਾਕੇ ਹੁੰਦੇ ਹਨ, ਜਿਸ ਨਾਲ ਪੁੰਗਰ ਰਹੀ ਤੇ ਪੱਕ ਰਹੀ ਫਸਲ ਤੋਂ ਪੰਛੀਆਂ ਨੂੰ ਉਡਾਇਆ ਜਾ ਸਕਦਾ ਹੈ। ਬੀਜ ਦੇ ਪੁੰਗਰਣ ਦੀ ਅਵਸਥਾ ਸਮੇਂ ਪਟਾਕਿਆਂ ਦੀ ਰੱਸੀ ਖੇਤ ਵਿਚਕਾਰ ਲਟਕਾਓ ਜਦ ਕਿ ਫਸਲ ਦੇ ਪੱਕਣ ਵੇਲੇ ਖੇਤ ਦੇ ਕੰਢੇ ਥੋੜੀ ਦੂਰ ਲਟਕਾਣੀ ਚਾਹੀਦੀ ਹੈ। 
ਰਵਾਇਤੀ ਤਰੀਕੇ
1. ਸੂਰਜਮੁਖੀ ਅਤੇ ਮੱਕੀ ਵਰਗੀਆਂ ਕੀਮਤੀ ਫ਼ਸਲਾਂ ਦੇ ਆਲੇ-ਦੁਆਲੇ ਬਾਹਰਲੀਆਂ ਦੋ ਤਿੰਨ ਲਾਈਨਾਂ ਵਿਚ ਘੱਟ ਕੀਮਤੀ ਫ਼ਸਲਾਂ ਜਿਵੇਂ ਕਿ ਢੈਂਚਾ ਜਾਂ ਬਾਜਰਾ ਜਿਹੜਾ ਕਿ ਪੰਛੀਆਂ ਦੁਆਰਾ ਖਾਣ ਲਈ ਪਸੰਦ ਵੀ ਕੀਤਾ ਜਾਂਦਾ ਹੈ ਖੇਤ ਵਿਚ ਬੀਜੀਆਂ ਫ਼ਸਲਾਂ ਨੂੰ ਨੁਕਸਾਨ ਤੋਂ ਬਚਾ ਸਕਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਫ਼ਸਲਾਂ ਦਾ ਕੱਦ ਲੰਬਾ ਹੋਣ ਕਰਕੇ ਇਹ ਹਵਾ ਰੋਕਣ ਦਾ ਕੰਮ ਵੀ ਕਰਦੀਆਂ ਹਨ ਅਤੇ ਹਨੇਰੀ-ਝੱਖੜ ਜਾਂ ਬੱਦਲਵਾਈ ਸਮੇਂ ਖੇਤ ਅੰਦਰਲੀ ਫਸਲ ਨੂੰ ਡਿੱਗਣ ਤੋਂ ਵੀ ਬਚਾਉਂਦੀਆਂ ਹਨ।
2. ਜਿਥੋਂ ਤੱਕ ਸੰਭਵ ਹੋ ਸਕੇ ਮੱਕੀ ਅਤੇ ਸੂਰਜਮੁਖੀ ਦੀ ਬਿਜਾਈ ਪੰਛੀਆਂ ਦੇ ਅਕਸਰ ਬੈਠਣ ਵਾਲੀਆਂ ਥਾਵਾਂ ਜਾਂ ਸੰਘਣੇ ਬਿਰਖਾਂ ਅਤੇ ਫ਼ਸਲ ਦੇ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਆਦਿ ਤੋਂ ਦੂਰ ਕਰਨੀ ਚਾਹੀਦੀ ਹੈ।
3. ਸੂਰਜਮੁਖੀ ਅਤੇ ਮੱਕੀ ਦੀ ਫ਼ਸਲ ਨੂੰ ਤੋਤੇ ਦੇ ਨੁਕਸਾਨ ਤੋਂ ਬਚਾਉਣ ਲਈ ਇਨ੍ਹਾਂ ਦੀ ਬਿਜਾਈ ਵੱਡੇ ਰਕਬੇ (ਘੱਟੋ ਘੱਟ ਦੋ ਤਿੰਨ ਏਕੜ) ਵਿਚ ਕਰਨੀ ਚਾਹੀਦੀ ਹੈ ਕਿਉਂਕਿ ਤੋਤਾ ਫ਼ਸਲ ਦੇ ਅੰਦਰ ਜਾ ਕੇ ਖਾਣ ਤੋਂ ਗੁਰੇਜ਼ ਕਰਦਾ ਹੈ।
ਚਿਤਾਵਨੀ : ਅਵਾਜ਼ਾਂ
ਤੋਤੇ ਅਤੇ ਕਾਵਾਂ ਦੀਆਂ ਚਿਤਾਵਨੀ ਭਰੀਆਂ ਅਤੇ ਪੰਛੀਆਂ ਦੇ ਝੁੰਡਾਂ ਦੀਆਂ ਅਵਾਜਾਂ ਇਕ ਕੈਸਿਟ ਵਿੱਚ ਭਰੀਆਂ ਹੋਈਆਂ ਹਨ। ਇਹ ਕੈਸਿਟਾਂ ਬਿਨਜਸ ਮੈਨੇਜਰ, ਸੰਚਾਰ ਕੇਂਦਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਉਪਲਬਧ ਹਨ। ਇਨ੍ਹਾਂ ਕੈਸਟਾਂ ਵਿੱਚ ਭਰੀਆਂ ਅਵਾਜਾਂ ਨੂੰ ਟੇਪ-ਰਿਕਾਰਡ ਵਿਚ ਉੱਚੀ ਅਵਾਜ਼ ਵਿਚ ਇਕ ਘੰਟੇ ਦੇ ਵਕਫੇ ਨਾਲ, ਅੱਧੇ ਘੰਟੇ ਵਾਸਤੇ ਦੋ ਵਾਰੀ ਸਵੇਰੇ 7.00 ਤੋਂ 9.00 ਅਤੇ ਸ਼ਾਮ ਨੂੰ 5.00 ਤੋਂ 7.00 ਵਜੇ ਦੌਰਾਨ ਵਜਾਉਣ ਨਾਲ ਨਵੀਂ ਬੀਜੀ ਫਸਲ, ਪੁੰਗਰ ਰਹੀ ਫਸਲ ਜਾਂ ਪੱਕ ਰਹੀ ਫ਼ਸਲ ਵਾਲੇ ਖੇਤਾਂ ਅਤੇ ਬਾਗਾਂ ਵਿਚੋਂ ਪੰਛੀ ਪੂਰੇ ਦਿਨ ਵਾਸਤੇ ਉੱਡ ਜਾਂਦੇ ਹਨ ਅਤੇ ਮੁੜ ਵਾਪਸ ਨਹੀਂ ਆਉਂਦੇ। ਚਿਤਾਵਨੀ ਆਵਾਜ਼ਾਂ ਜਾਂ ਪੰਛੀਆਂ ਦੇ ਝੁੰਡਾਂ ਦੀਆਂ ਅਵਾਜਾਂ ਦੇ ਵਜਾਉਣ ਦਾ ਅਸਰ ਪੰਦਰਾਂ ਤੋਂ ਵੀਹ ਦਿਨ ਤੱਕ ਰਹਿੰਦਾ ਹੈ। ਇਸ ਵਿਧੀ ਨੂੰ ਤਰਤੀਬਵਾਰ ਜਾਂ ਇਕ ਤੋਂ ਵੱਧ ਤਰੀਕਿਆਂ ਨਾਲ, ਇਕ ਸੰਯੋਜਕ ਵਿਧੀ ਅਨੁਸਾਰ ਵਰਤਣ ਨਾਲ ਚੰਗੇ ਨਤੀਜੇ ਹਾਸਲ ਕੀਤੇ ਜਾ ਸਕਦੇ ਹਨ। ਜ਼ਿਆਦਾ ਰਕਬੇ ਵਿਚ ਪੰਛੀਆਂ ਨੂੰ ਉਡਾਉਣ ਲਈ ਐਮਪਲੀਫਾਇਰ ਅਤੇ ਜ਼ਰੂਰਤ ਅਨੁਸਾਰ ਵੱਧ ਸਪੀਕਰਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।
ਲਾਭਦਾਇਕ ਪੰਛੀ
ਸ਼ਿਕਾਰੀ ਪੰਛੀ ਜਿਵੇਂ ਕਿ ਉੱਲੂ, ਬਾਜ਼, ਉਕਾਬ, ਇੱਲਾਂ ਆਦਿ ਬਹੁਤ ਮਾਤਰਾ ਵਿਚ ਚੂਹੇ ਖਾਂਦੇ ਹਨ। ਆਮ ਤੌਰ ਤੇ ਇਕ ਉੱਲੂ ਇਕ ਦਿਨ ਵਿੱਚ 4-5 ਚੂਹੇ ਖਾ ਜਾਂਦਾ ਹੈ। ਕੀੜੇ-ਮਕੌੜੇ ਖਾਣ ਵਾਲੇ ਪੰਛੀ ਜਿਵੇਂ ਕਿ ਕੋਤਵਾਲ, ਸੇਹੜੀਆਂ, ਬੁੱਚੜ ਪੰਛੀ, ਟਟੀਹਰੀਆਂ, ਗੁਟਾਰਾਂ ਅਤੇ ਕਈ ਹੋਰ ਛੋਟੇ ਪੰਛੀ ਅਣਗਣਿਤ ਹਾਨੀਕਾਰਕ ਕੀੜੇ-ਮਕੌੜਿਆਂ ਨੂੰ ਖਾ ਜਾਂਦੇ ਹਨ। ਇਥੋਂ ਤੱਕ ਕਿ ਅਨਾਜ਼ ਖਾਣ ਵਾਲੇ ਚਿੜੀਆਂ ਅਤੇ ਬਿਜੜਿਆਂ ਵਰਗੇ ਪੰਛੀ ਵੀ ਆਪਣੇ ਬੱਚਿਆਂ ਨੂੰ ਬਹੁਤ ਸਾਰੇ ਕੀੜੇ-ਮਕੌੜੇ ਖੁਆਉਂਦੇ ਹਨ। ਚਿੜੀਆਂ ਦਾ ਇਕ ਜੋੜਾ ਇਕ ਦਿਨ ਵਿਚ ਤਕਰੀਬਨ 250 ਵਾਰ ਆਪਣੇ ਬੱਚਿਆਂ ਨੂੰ ਚੋਗਾ ਖੁਆਉਂਦਾ ਹੈ। ਇਸ ਕਰਕੇ ਲਾਭਦਾਇਕ ਪੰਛੀਆਂ ਨੂੰ ਮਾਰਨਾ ਨਹੀਂ ਚਾਹੀਦਾ। ਸਗੋਂ ਉਨ੍ਹਾਂ ਨੂੰ ਫ਼ਸਲਾਂ ਵੱਲ ਕਈ ਤਰੀਕਿਆਂ ਨਾਲ ਆਕਰਸ਼ਿਤ ਕੀਤਾ ਜਾ ਸਕਦਾ ਹੈ।


Related News