ਭਾਰਤ ''ਤੇ ਹਮਲੇ ਲਈ ਪਾਕਿ ''ਚ ISI ਸਿੱਖ ਨੌਜਵਾਨਾਂ ਨੂੰ ਕਰ ਰਿਹੈ ਟਰੈਂਡ

03/22/2018 10:45:01 AM

ਇਸਲਾਮਾਬਾਦ (ਬਿਊਰੋ)— ਪਾਕਿ ਵੱਲੋਂ ਅੱਤਵਾਦੀ ਗਤੀਵਿਧੀਆਂ ਵਿਰੁੱਧ ਕੋਈ ਕਾਰਵਾਈ ਹੁੰਦੀ ਨਜ਼ਰ ਨਹੀਂ ਆ ਰਹੀ। ਗ੍ਰਹਿ ਮੰਤਰਾਲੇ ਨੇ ਕੱਲ ਇਕ ਹੈਰਾਨ ਕਰ ਦੇਣ ਵਾਲਾ ਖੁਲਾਸਾ ਕੀਤਾ। ਇਸ ਖੁਲਾਸੇ ਵਿਚ ਗ੍ਰਹਿ ਮੰਤਰਾਲੇ ਨੇ ਸੰਸਦੀ ਕਮੇਟੀ ਨੂੰ ਦੱਸਿਆ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਭਾਰਤ ਵਿਚ ਅੱਤਵਾਦੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਸਿੱਖ ਨੌਜਵਾਨਾਂ ਨੂੰ ਟਰੇਂਡ ਕਰ ਰਹੀ ਹੈ। ਇੱਥੋਂ ਤੱਕ ਕਿ ਕੈਨੇਡਾ ਅਤੇ ਦੂਜੀਆਂ ਥਾਵਾਂ 'ਤੇ ਰਹਿਣ ਵਾਲੇ ਸਿੱਖ ਨੌਜਵਾਨਾਂ ਨੂੰ ਉਕਸਾਉਣ ਲਈ ਭਾਰਤ ਵਿਰੁੱਧ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ ਵਿਚ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਮੁਰਲੀ ਮਨੋਹਰ ਜੋਸ਼ੀ ਦੀ ਪ੍ਰਧਾਨਗੀ ਵਾਲੀ ਮੁਲਾਂਕਣ ਕਮੇਟੀ ਨੂੰ ਦੱਸਿਆ ਕਿ ਅੱਤਵਾਦੀ ਸੰਗਠਨ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਦੀ ਗਲਤ ਤਰੀਕੇ ਨਾਲ ਵਰਤੋਂ ਕਰ ਕੇ ਨੌਜਵਾਨਾਂ ਨੂੰ ਭੜਕਾ ਰਹੇ ਹਨ। ਸਰਕਾਰ ਲਈ ਇਹ ਵੱਡੀ ਚੁਣੌਤੀ ਬਣ ਗਈ ਹੈ। 
ਸੰਸਦ ਵਿਚ ਸੋਮਵਾਰ ਨੂੰ ਕਮੇਟੀ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਮੁਤਾਬਕ ਸਿੱਖ ਅੱਤਵਾਦ ਨੂੰ ਵਧਾਵਾ ਦੇਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਪਾਕਿਸਤਾਨ ਆਧਾਰਿਤ ਅੱਤਵਾਦੀ ਸੰਗਠਨਾਂ ਦੇ ਕਮਾਂਡਰਾਂ 'ਤੇ ਆਈ. ਐੱਸ. ਆਈ. ਦਾ ਦਬਾਅ ਹੈ ਕਿ ਉਹ ਪੰਜਾਬ ਵਿਚ ਹੀ ਨਹੀਂ ਬਲਕਿ ਭਾਰਤ ਦੇ ਦੂਜੇ ਹਿੱਸਿਆਂ ਵਿਚ ਵੀ ਆਪਣੀ ਦਹਿਸ਼ਤ ਫੈਲਾਏ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਆਧਾਰਿਤ ਸਿੱਖ ਅੱਤਵਾਦੀ ਸੰਗਠਨ ਬੇਰੁਜ਼ਗਾਰ ਨੌਜਵਾਨਾਂ, ਮੁਜਰਮਾਂ, ਤਸਕਰਾਂ ਅਤੇ ਜੇਲ ਗਏ ਕੈਦੀਆਂ ਨੂੰ ਟਰੇਂਡ ਕਰ ਰਹੇ ਹਨ। ਕਮੇਟੀ ਦੀ ਰਿਪੋਰਟ ਮੁਤਾਬਕ ਇਨ੍ਹਾਂ ਗਤੀਵਿਧੀਆਂ 'ਤੇ ਕੇਂਦਰ ਅਤੇ ਰਾਜ ਦੀ ਸੁਰੱਖਿਆ ਏਜੰਸੀਆਂ ਦੀ ਨਜ਼ਰ ਹੈ ਅਤੇ ਲੋੜ ਪੈਣ 'ਤੇ ਉਹ ਉਨ੍ਹਾਂ ਦਾ ਸਾਹਮਣਾ ਕਰਨ ਲਈ ਤਿਆਰ ਹਨ। ਹਾਲਾਂਕਿ ਕਮੇਟੀ ਨੇ ਆਪਣੀ ਰਿਪੋਰਟ ਵਿਚ ਕਿਹਾ ਕਿ ਨੌਜਵਾਨਾਂ ਨੂੰ ਜੇਹਾਦੀ ਬਣਾਉਣ ਲਈ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ, ਜੋ ਕਿ ਚਿੰਤਾ ਦਾ ਮੁੱਦਾ ਹੈ।


Related News