ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

03/22/2018 11:38:46 AM


ਮੋਗਾ (ਗਰੋਵਰ, ਗੋਪੀ) - ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਕੰਮਾਂ ਦਾ ਜਾਇਜ਼ਾ ਲੈਣ ਲਈ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਬਕਾਇਆ ਵਸੂਲੀ ਦੇ ਕੰਮਾਂ 'ਚ ਤੇਜ਼ੀ ਲਿਆਉਣ ਅਤੇ ਜ਼ਮੀਨੀ ਵੰਡ ਦੇ ਕੇਸਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕਰਨ ਨੂੰ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ। 
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਸਮੂਹ ਮਾਲ ਅਧਿਕਾਰੀਆਂ ਨੂੰ ਜ਼ਮੀਨਾਂ ਦੀਆਂ ਜਮ੍ਹਾਬੰਦੀਆਂ, ਇੰਤਕਾਲ, ਨਿਸ਼ਾਨਦੇਹੀਆਂ ਤੇ ਤਕਸੀਮਾਂ ਦੇ ਮਾਮਲੇ ਜਲਦੀ ਨਿਪਟਾਉਣ, ਲੰਬਿਤ ਪਏ ਕੋਰਟ ਕੇਸਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਕਰਵਾਉਣ ਦੇ ਹੁਕਮ ਦਿੱਤੇ। ਉਨ੍ਹਾਂ ਲੰਬਿਤ ਪਏ ਬਕਾਇਆ ਕੇਸਾਂ ਦੀ ਵਸੂਲੀ ਸਬੰਧੀ ਕਿਹਾ ਕਿ ਸਮੂਹ ਮਾਲ ਅਧਿਕਾਰੀ ਸਬੰਧਿਤ ਵਿਭਾਗਾਂ ਨਾਲ ਤਾਲ-ਮੇਲ ਕਰ ਕੇ ਡਿਫਾਲਟਰ ਕਰਜ਼ਦਾਰਾਂ ਤੋਂ ਵਸੂਲੀ ਤੁਰੰਤ ਕਰਨੀ ਯਕੀਨੀ ਬਣਾਉਣ ਤੇ ਲੋਕਾਂ ਜਾਂ ਅਦਾਰਿਆਂ ਵੱਲ ਲੰਬਿਤ ਬਕਾਇਆ ਕਰਜ਼ਿਆਂ ਦੀ ਵਸੂਲੀ ਕਰਵਾਉਣ ਦੇ ਕੰਮ 'ਚ ਤੇਜ਼ੀ ਲਿਆਂਦੀ ਜਾਵੇ। 
ਜ਼ਿਲੇ ਦੇ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਕਿਹਾ ਕਿ ਉਹ ਆਪਣੇ ਇਲਾਕੇ ਦੇ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ 'ਤੇ ਨਿਗਰਾਨੀ ਰੱਖਣ ਅਤੇ ਸਮੇਂ-ਸਮੇਂ 'ਤੇ ਪ੍ਰਗਤੀ ਦਾ ਜਾਇਜ਼ਾ ਲੈਣ। ਇਸ ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਮੋਗਾ ਸੁਖਪ੍ਰੀਤ ਸਿੰਘ ਸਿੱਧੂ, ਐੱਸ. ਡੀ. ਐੱਮ. ਧਰਮਕੋਟ ਗੁਰਵਿੰਦਰ ਸਿੰਘ ਜੌਹਲ ਆਦਿ ਮੌਜੂਦ ਸਨ।  


Related News