ਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ 758 ਪਾਸਪੋਰਟ ਦੂਤਘਰ ਨੂੰ ਭੇਜੇ

03/22/2018 1:38:46 PM

ਅੰਮ੍ਰਿਤਸਰ (ਦੀਪਕ/ ਮਮਤਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ 11 ਅਪ੍ਰੈਲ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋਣ ਵਾਲੇ ਜਥੇ ਦੇ 758 ਪਾਸਪੋਰਟ ਪਾਕਿਸਤਾਨ ਦੂਤਘਰ ਨੂੰ ਵੀਜ਼ੇ ਲਈ ਭੇਜੇ ਗਏ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਅਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁ. ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ 12 ਅਪ੍ਰੈਲ ਨੂੰ ਹੋਵੇਗੀ, ਜਿਸ ਦੇ ਭੋਗ 14 ਅਪ੍ਰੈਲ ਨੂੰ ਪੈਣਗੇ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਮੀਤ ਸਿੰਘ ਬੂਹ ਕਰਨਗੇ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 20 ਅਪ੍ਰੈਲ ਨੂੰ ਵਾਪਸ ਆਵੇਗਾ।
ਉਨ੍ਹਾਂ ਦੱਸਿਆ ਕਿ ਇਹ ਜਥਾ ਗੁ. ਸ੍ਰੀ ਪੰਜਾ ਸਾਹਿਬ ਤੋਂ ਇਲਾਵਾ ਗੁ. ਸ੍ਰੀ ਨਨਕਾਣਾ ਸਾਹਿਬ, ਗੁ. ਸ੍ਰੀ ਸੱਚਾ ਸੌਦਾ ਮੰਡੀ ਚੂਹੜਕਾਨਾ, ਗੁ. ਡੇਹਰਾ ਸਾਹਿਬ ਲਾਹੌਰ, ਗੁ. ਰੋੜੀ ਸਾਹਿਬ ਐਮਨਾਬਾਦ ਤੇ ਗੁ. ਕਰਤਾਰਪੁਰ ਸਾਹਿਬ ਦੇ ਵੀ ਦਰਸ਼ਨ ਕਰੇਗਾ। ਵਿਸਾਖੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ 871 ਸ਼ਰਧਾਲੂਆਂ ਵੱਲੋਂ ਪਾਸਪੋਰਟ ਜਮ੍ਹਾ ਕਰਵਾਏ ਗਏ ਸਨ, ਜਿਨ੍ਹਾਂ 'ਚੋਂ 113 ਦਰਖਾਸਤਾਂ ਮੁਕੰਮਲ ਨਾ ਹੋਣ ਕਾਰਨ 758 ਪਾਸਪੋਰਟ ਪਾਕਿਸਤਾਨ ਦੀ ਅੰਬੈਸੀ ਕੋਲ ਜਮ੍ਹਾ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਪ੍ਰਾਪਤ ਹੋਣਗੇ ਉਹ 10 ਅਪ੍ਰੈਲ ਨੂੰ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੁੱਜ ਕੇ ਆਪਣੇ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ।


Related News