ਮਜ਼ਦੂਰ ਸਭਾ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

03/23/2018 1:58:26 AM

ਨਥਾਣਾ,   (ਬੱਜੋਆਣੀਆਂ)-  ਸਥਾਨਕ ਨਗਰ ਵਾਸੀਆਂ ਦੇ ਵੱਡੀ ਗਿਣਤੀ 'ਚ ਆਟਾ-ਦਾਲ ਵਾਲੇ ਕਾਰਡ ਕੱਟੇ ਜਾਣ ਦੇ ਵਿਰੋਧ ਕਰ ਕੇ ਮਜ਼ਦੂਰ ਸਭਾ ਦੇ ਆਗੂਆਂ ਨੇ ਬੀ. ਡੀ. ਪੀ. ਓ. ਦਫਤਰ ਨਥਾਣਾ ਅੱਗੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਕੂਕਾ ਸਿੰਘ ਰੁਪਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ 'ਚ ਕਾਂਗਰਸ ਸਰਕਾਰ ਬਣਨ 'ਤੇ ਗਰੀਬ ਵਰਗ, ਮੁਲਾਜ਼ਮ ਵਰਗ, ਕਿਸਾਨ ਆਦਿ ਨਾਲ ਸਰਕਾਰ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਕਿਸ਼ਾਨ ਖੁਦਕੁਸ਼ੀਆਂ ਦਾ ਮਾਮਲਾ ਠੱਲ੍ਹਣ ਦਾ ਨਾਂ ਨਹੀਂ ਲੈ ਰਿਹਾ ਤੇ ਥਰਮਲ ਬੰਦ ਕਰ ਕੇ ਮੁਲਾਜ਼ਮਾਂ ਨੂੰ ਸੜਕਾਂ 'ਤੇ ਰੁਲਣ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗਰੀਬਾਂ ਦੇ ਆਟਾ-ਦਾਲ ਵਾਲੇ ਕਾਰਡ ਕੱਟੇ ਜਾਣ ਦਾ ਸਵਾਲ ਆਉਣ ਵਾਲੀਆਂ 2019 ਦੀਆਂ ਚੋਣਾਂ ਵਿਚ ਕਾਂਗਰਸ ਤੋਂ ਪੁੱਛਿਆ ਜਾਵੇਗਾ ਤੇ ਕਾਂਗਰਸ ਪਾਰਟੀ ਨੂੰ ਇਸ ਦਾ ਨਤੀਜਾ ਵੀ ਭੁਗਤਣਾ ਪਵੇਗਾ। ਸੁਖਦੇਵ ਸਿੰਘ ਕਾਮਰੇਡ, ਮਲਕੀਤ ਸਿੰਘ ਅਤੇ ਸੱਤਪਾਲ ਗੋਇਲ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਚੋਣਾਂ ਸਮੇਂ ਕੀਤੇ ਵਾਅਦਿਆਂ ਘਰ-ਘਰ ਨੌਕਰੀ, ਮਜ਼ਦੂਰਾਂ ਤੇ ਕਿਸਾਨਾਂ ਦਾ ਕਰਜ਼ਾ ਮੁਆਫ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਆਦਿ ਤੋਂ ਭੱਜਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਵਾਅਦੇ ਤਾਂ ਪੂਰੇ ਕੀ ਕਰਨੇ ਸੀ, ਸਗੋਂ ਥਰਮਲ ਪਲਾਂਟ ਬੰਦ ਕਰ ਕੇ ਮੁਲਾਜ਼ਮਾਂ ਨੂੰ ਬੇਰੋਜ਼ਗਾਰ ਕਰ ਕੇ ਰੱਖ ਦਿੱਤਾ ਹੈ। 


Related News