ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਦਫਤਰਾਂ ਦੀ ਅਚਨਚੇਤ ਚੈਕਿੰਗ

03/23/2018 7:02:28 AM

ਤਰਨਤਾਰਨ,   (ਰਾਜੂ, ਬਲਵਿੰਦਰ ਕੌਰ)-  ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਸਵੇਰੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਸੈਨੀਟੇਸ਼ਨ ਤੇ ਜਲ ਸਪਲਾਈ ਵਿਭਾਗ ਦੇ ਦਫ਼ਤਰ ਅਤੇ ਐੱਸ. ਡੀ. ਓ. ਪੀ. ਡਬਲਯੂ. ਡੀ. ਦਫ਼ਤਰ ਦੇ 7 ਕਰਮਚਾਰੀ ਗੈਰਹਾਜ਼ਰ ਪਾਏ ਗਏ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਦੱਸਿਆ ਕਿ ਅੱਜ ਸਵੇਰੇ ਦਫਤਰਾਂ ਦੀ ਅਚਨਚੇਤ ਚੈਕਿੰਗ ਦੌਰਾਨ ਸੈਨੀਟੇਸ਼ਨ ਤੇ ਜਲ ਸਪਲਾਈ ਵਿਭਾਗ ਦੇ ਐਕਸੀਅਨ ਰਜਤ ਗੋਪਾਲ, ਜੂਨੀਅਰ ਸਹਾਇਕ ਰਾਜੇਸ਼ ਬਾਵਾ, ਗੁਰਲਾਲ ਸਿੰਘ ਸੇਵਾਦਾਰ, ਹਰਦੀਪ ਸਿੰਘ ਪੰਪ ਆਪ੍ਰੇਟਰ ਅਤੇ ਐੱਸ. ਡੀ. ਓ. ਪੀ. ਡਬਲਯੂ ਡੀ. ਦਫ਼ਤਰ ਦੇ ਕੁਲਦੀਪ ਸਿੰਘ ਐੱਸ. ਡੀ. ਓ., ਬਲਬੀਰ ਸਿੰਘ ਐੱਸ. ਡੀ. ਸੀ. ਅਤੇ ਦਲਬੀਰ ਸਿੰਘ ਸੇਵਾਦਾਰ ਗੈਰਹਾਜ਼ਰ ਪਾਏ ਗਏ। ਉਨ੍ਹਾਂ ਦੱਸਿਆ ਕਿ ਗੈਰਹਾਜ਼ਰ ਪਾਏ ਜਾਣ ਵਾਲੇ ਕਰਮਚਾਰੀਆਂ ਵਿਰੁੱਧ ਅਗਲੇਰੀ ਕਾਰਵਾਈ ਲਈ ਵਿਭਾਗ ਨੂੰ ਲਿਖਿਆ ਜਾਵੇਗਾ।
 ਡਿਪਟੀ ਕਮਿਸ਼ਨਰ ਵੱਲੋਂ ਗੈਰਹਾਜ਼ਰ ਪਾਏ ਗਏ ਕਰਮਚਾਰੀਆਂ ਨੂੰ ਸਖਤ ਤਾੜਨਾ ਕੀਤੀ ਗਈ ਅਤੇ ਇਹ ਹਦਾਇਤ ਕੀਤੀ ਗਈ ਕਿ ਜੇਕਰ ਕਿਸੇ ਕਰਮਚਾਰੀ ਨੇ ਛੁੱਟੀ ਲੈਣੀ ਹੈ ਤਾਂ ਉਹ ਸਬੰਧਤ ਅਫਸਰ ਤੋਂ ਪਹਿਲਾਂ ਮਨਜ਼ੂਰ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀ ਦਫ਼ਤਰਾਂ 'ਚ ਸਮੇਂ ਸਿਰ ਹਾਜ਼ਰ ਨਾ ਹੋਣ ਦੀ ਅਣਗਹਿਲੀ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਵਿੱਖ ਵਿਚ ਦਫ਼ਤਰਾਂ 'ਚ ਲੇਟ ਆਉਣ ਵਾਲੇ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਮੁਲਾਜ਼ਮ ਦਫ਼ਤਰਾਂ 'ਚ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਆਪਣੀ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ 'ਚ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਫ਼ਤਰ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਨੇ ਚਾਹੀਦੇ ਹਨ। ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦਫਤਰਾਂ 'ਚ ਸਮੇਂ ਸਿਰ ਹਾਜ਼ਰ ਹੋ ਕੇ ਸਮਰਪਿਤ ਭਾਵਨਾ ਨਾਲ ਕੰਮ ਕਰਨ।


Related News