ਵਿਧਾਨ ਸਭਾ ਦੀ ਕਾਰਵਾਈ ਦੇ ਸੋਸ਼ਲ ਮੀਡੀਆ ''ਤੇ ਸਿੱਧੇ ਪ੍ਰਸਾਰਣ ਦੀ ਜਾਂਚ ਦੇ ਹੁਕਮ

03/23/2018 7:15:22 AM

ਜਲੰਧਰ/ਚੰਡੀਗੜ੍ਹ (ਧਵਨ, ਰਮਨਜੀਤ) - ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਦਨ ਦੀ ਕਾਰਵਾਈ ਦੇ ਲਾਈਵ ਪ੍ਰਸਾਰਣ ਹੋਣ 'ਤੇ ਉਠਾਏ ਗਏ ਇਤਰਾਜ਼ ਨੂੰ ਦੇਖਦਿਆਂ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਮੁੱਖ ਮੰਤਰੀ ਨੇ ਵਿਧਾਨ ਸਭਾ ਦੇ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਉਠਾਇਆ, ਜਿਸ 'ਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਘਟਨਾ ਦੀ ਜਾਂਚ ਦੀ ਮੰਗ ਕੀਤੀ, ਜਿਸ ਨਾਲ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਸਹਿਮਤ ਹੋ ਗਏ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਰੋਧੀ ਧਿਰ ਦੇ ਕੁਝ ਮੈਂਬਰਾਂ ਨੇ ਵਿਧਾਨ ਸਭਾ ਦੀ ਕਾਰਵਾਈ ਦਾ ਫੇਸਬੁੱਕ 'ਤੇ ਲਾਈਵ ਪ੍ਰਸਾਰਣ ਕੀਤਾ। ਉਨ੍ਹਾਂ ਕਿਹਾ ਕਿ ਸਦਨ ਦੇ ਸਾਰੇ ਮੈਂਬਰਾਂ ਨੂੰ ਵਿਧਾਨ ਸਭਾ ਲਈ ਬਣੇ ਨਿਯਮਾਂ ਦੀ ਪਾਲਣਾ ਸਖ਼ਤੀ ਨਾਲ ਕਰਨੀ ਚਾਹੀਦੀ ਹੈ ਤੇ ਸਦਨ ਦੀ ਮਰਿਆਦਾ ਨਾਲ ਖਿਲਵਾੜ ਨਹੀਂ ਹੋਣਾ ਚਾਹੀਦਾ। ਮੁੱਖ ਮੰਤਰੀ ਨੇ ਕਿਸੇ ਮੈਂਬਰ ਦਾ ਨਾਂ ਲਏ ਬਿਨਾਂ ਕਿਹਾ ਕਿ ਸਰਕਾਰ ਦੇ ਧਿਆਨ ਵਿਚ ਇਹ ਗੱਲ ਆਈ ਹੈ ਕਿ ਕੁਝ ਵਿਰੋਧੀ ਮੈਂਬਰ ਵਿਧਾਨ ਸਭਾ ਦੀ ਕਾਰਵਾਈ ਨੂੰ ਫੇਸਬੁੱਕ 'ਤੇ ਲਾਈਵ ਦਿਖਾ ਰਹੇ ਹਨ। ਇਸ 'ਤੇ ਚੰਨੀ ਨੇ ਦਖਲ ਦਿੰਦਿਆਂ ਕਿਹਾ ਕਿ ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਵਿਧਾਨ ਸਭਾ ਸਪੀਕਰ ਨੇ ਸਾਰੇ ਮੈਂਬਰਾਂ ਨੂੰ ਸਦਨ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਨਿਯਮ 90 ਦੇ ਤਹਿਤ ਸਦਨ ਵਿਚ ਆਉਣ ਤੋਂ ਪਹਿਲਾਂ ਸਾਰੇ ਮੈਂਬਰਾਂ ਨੂੰ ਆਪਣੇ ਮੋਬਾਈਲ ਫੋਨ ਬੰਦ ਕਰਨੇ ਚਾਹੀਦੇ ਹਨ। ਇਹ ਮੁੱਦਾ ਮੀਡੀਆ ਵਲੋਂ ਵੀ ਉਛਾਲਿਆ ਗਿਆ ਸੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਵਿਧਾਨ ਸਭਾ ਦੀ ਕਾਰਵਾਈ ਦਾ ਲਾਈਵ ਪ੍ਰਸਾਰਣ ਕਰਨ ਦੇ ਦੋਸ਼ ਲੱਗੇ ਸਨ। ਸਪੀਕਰ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਹੋਵੇਗੀ।


Related News