ਧਰਨਿਆਂ ਨਾਲ ''ਗਰਮਾਇਆ'' ਮੋਹਾਲੀ

03/23/2018 12:11:55 PM

ਮੋਹਾਲੀ (ਨਿਆਮੀਆਂ) : ਮੋਹਾਲੀ ਵਿਚ ਅੱਜ ਧਰਨਿਆਂ ਦਾ ਦਿਨ ਰਿਹਾ। ਕਿਤੇ ਪੈਨਸ਼ਨਰ ਧਰਨਾ ਤੇ ਰੋਸ ਮਾਰਚ ਕਰ ਰਹੇ ਸਨ ਤੇ ਕਿਤੇ ਕਿਸਾਨ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਅੱਜ ਆਪਣੀਆਂ ਮੰਗਾਂ ਦੇ ਹੱਕ ਵਿਚ ਫੇਜ਼ 8 ਵਿਚ ਰੋਸ ਰੈਲੀ ਕੀਤੀ ਤੇ ਇਸ ਤੋਂ ਬਾਅਦ ਵਿਧਾਨ ਸਭਾ ਵੱਲ ਰੋਸ ਮਾਰਚ ਸ਼ੁਰੂ ਕਰ ਦਿੱਤਾ। ਜਿਵੇਂ ਹੀ ਕਿਸਾਨ ਵਾਈ. ਪੀ. ਐੱਸ. ਚੌਕ ਕੋਲ ਚੰਡੀਗੜ੍ਹ ਪੰਜਾਬ ਦੀ ਹੱਦ 'ਤੇ ਪੁੱਜੇ ਤਾਂ ਚੰਡੀਗੜ੍ਹ ਪੁਲਸ ਨੇ ਉਨ੍ਹਾਂ ਨੂੰ ਰੋਕ ਲਿਆ ਗਿਆ, ਜਿਸ ਕਰਕੇ ਕਿਸਾਨਾਂ ਨੇ ਸੜਕ 'ਤੇ ਬੈਠ ਕੇ ਜਾਮ ਲਾ ਦਿੱਤਾ। ਪੰਜਾਬ ਭਰ ਤੋਂ ਆਏ ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਵਿਚ ਸਥਾਨਕ ਫੇਜ਼-8 ਵਿਚ ਸਥਿਤ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਇਕੱਠੇ ਹੋਏ। ਕਿਸਾਨਾਂ ਨੇ ਬਾਅਦ ਦੁਪਹਿਰ ਡੇਢ ਵਜੇ ਦੇ ਕਰੀਬ ਚੰਡੀਗੜ੍ਹ ਵੱਲ ਮਾਰਚ ਸ਼ੁਰੂ ਕਰ ਦਿੱਤਾ। ਜਦੋਂ ਕਿਸਾਨਾਂ ਦਾ ਇਹ ਕਾਫਲਾ ਚੰਡੀਗੜ੍ਹ ਦੀ ਹੱਦ 'ਤੇ ਪਹੁੰਚਿਆ ਤਾਂ ਉਥੇ ਚੰਡੀਗੜ੍ਹ ਪੁਲਸ ਵਲੋਂ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ।
ਇਸ ਮੌਕੇ ਕਿਸਾਨਾਂ ਨੇ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਉਥੇ ਹੀ ਧਰਨਾ ਲਾ ਦਿੱਤਾ ਤੇ ਇਸ ਕਾਰਨ ਵਾਈ. ਪੀ. ਐੱਸ. ਚੌਕ 'ਚ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਧਰਨੇ 'ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਤੇ ਲੋਕਤੰਤਰਿਕ ਤਰੀਕੇ ਨਾਲ ਆਪਣਾ ਵਿਰੋਧ ਪ੍ਰਗਟਾਉਣਾ ਉਨ੍ਹਾਂ ਦਾ ਅਧਿਕਾਰ ਹੈ ਪਰ ਚੰਡੀਗੜ੍ਹ ਪੁਲਸ ਵਲੋਂ ਉਨ੍ਹਾਂ ਨੂੰ ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਰੋਕਿਆ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਨੂੰ ਚੰਡੀਗੜ੍ਹ ਵਿਚ ਦਾਖਲ ਨਾ ਹੋਣ ਦਿੱਤਾ ਗਿਆ ਤਾਂ ਉਹ ਚੰਡੀਗੜ੍ਹ ਨੂੰ ਪੰਜਾਬ ਤੋਂ ਹੋਣ ਵਾਲੀ ਦੁੱਧ ਤੇ ਹੋਰ ਸਾਮਾਨ ਦੀ ਸਪਲਾਈ ਵੀ ਠੱਪ ਕਰਨਗੇ ਤੇ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤਕ ਕਿਸਾਨ ਇਸੇ ਥਾਂ 'ਤੇ ਸ਼ਾਂਤਮਈ ਢੰਗ ਨਾਲ ਧਰਨਾ ਦੇਣਗੇ। ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਤੋਂ ਭੱਜ ਰਹੀ ਹੈ ਤੇ ਦੂਜੇ ਪਾਸੇ ਪੰਜਾਬ ਸਰਕਾਰ ਵਲੋਂ ਵੀ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਟਾਲ-ਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੂਹ ਕਿਸਾਨਾਂ ਦਾ ਕਰਜ਼ਾ ਮੁਆਫ ਹੋਣਾ ਚਾਹੀਦਾ ਹੈ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਜਿਹੜੀਆਂ ਸ਼ਰਤਾਂ ਲਾਈਆਂ ਜਾ ਰਹੀਆਂ ਹਨ, ਉਨ੍ਹਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੇ ਬਾਕੀ ਮਸਲੇ ਵੀ ਹੱਲ ਕੀਤੇ ਜਾਣ। ਇਸ ਮੌਕੇ ਕਿਸਾਨਾਂ ਨੇ ਸਰਕਾਰ ਦੇ ਵਿਰੁੱਧ ਡਟ ਕੇ ਨਾਅਰੇਬਾਜ਼ੀ ਵੀ ਕੀਤੀ। 
ਕਿਸਾਨਾਂ ਵਲੋਂ ਚੌਕ 'ਚ ਧਰਨਾ ਲਾ ਦਿੱਤੇ ਜਾਣ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਤੇ ਪੁਲਸ ਵਲੋਂ ਚੰਡੀਗੜ੍ਹ ਨੂੰ ਜਾਣ ਵਾਲਾ ਟ੍ਰੈਫਿਕ ਅੰਬਾਂ ਵਾਲਾ ਚੌਕ ਨੂੰ ਹੀ ਬਦਲਵੇਂ ਰੂਟ ਤਹਿਤ ਮੋੜਿਆ ਜਾਂਦਾ ਰਿਹਾ। ਇਸ ਦੌਰਾਨ ਚੰਡੀਗੜ੍ਹ ਤੋਂ ਆਉਣ ਵਾਲੇ ਟ੍ਰੈਫਿਕ ਨੂੰ ਚੰਡੀਗੜ੍ਹ ਪੁਲਸ ਵਲੋਂ ਸੈਕਟਰ 52 ਦੀਆਂ ਲਾਈਟਾਂ ਤੋਂ ਬਦਲਵੇਂ ਰਸਤਿਆਂ ਵੱਲ ਮੋੜ ਦਿੱਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਸੰਦੀਪ ਸਿੰਘ ਬਰਾੜ ਵਲੋਂ ਧਰਨੇ ਵਾਲੀ ਥਾਂ 'ਤੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤੇ ਕਿਸਾਨਾਂ ਨੂੰ ਧਰਨਾ ਖਤਮ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਸੋਮਵਾਰ ਨੂੰ ਕਿਸਾਨਾਂ ਦੀ ਮੁਲਾਕਾਤ ਮੁੱਖ ਮੰਤਰੀ ਨਾਲ ਕਰਵਾਉਣ ਲਈ ਸਮਾਂ ਦਿਵਾਇਆ ਜਾਵੇਗਾ। ਇਸ ਮੌਕੇ ਕਿਸਾਨ ਆਗੂਆਂ ਨੇ ਬਰਾੜ ਨੂੰ ਮੰਗ ਪੱਤਰ ਦਿੰਦਿਆਂ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਤਕ ਧਰਨਾ ਖਤਮ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ।


Related News