ਨਸ਼ੇ ਖਿਲਾਫ ਮੁਹਿੰਮ ਜ਼ੋਰਾਂ ''ਤੇ, ਜਲਾਲਾਬਾਦ ''ਚ ਵੀ ਚੁਕਾਈ ਨੌਜਵਾਨਾਂ ਨੂੰ ਸਹੁੰ

03/23/2018 2:14:38 PM

ਜਲਾਲਾਬਾਦ (ਸੇਤੀਆ) : ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਸ਼ੁੱਕਰਵਾਰ ਨੂੰ ਸ਼ਹੀਦੀ ਦਿਹਾੜੇ 'ਤੇ ਜਿੱਥੇ ਪੂਰੇ ਪੰਜਾਬ ਭਰ ਵਿਚ ਨਸ਼ੇ ਖਿਲਾਫ ਸਹੁੰ ਚੁੱਕ ਸਮਾਗਮ ਕਰਵਾਏ ਗਏ, ਉਥੇ ਹੀ ਜਲਾਲਾਬਾਦ ਦੀ ਅਨਾਜ ਮੰਡੀ ਵਿਚ ਸਿਵਲ ਅਤੇ ਪੁਲਸ ਪ੍ਰਸ਼ਾਸਨ ਵਲੋਂ ਡੈਪੋ ਮੁਹਿੰਮ ਦੇ ਤਹਿਤ ਕਰੀਬ 2 ਹਜ਼ਾਰ ਲੋਕਾਂ ਦੇ ਇਕੱਠ ਨੂੰ ਸਹੁੰ ਚੁਕਾਈ ਗਈ। ਸਹੁੰ ਚੁੱਕ ਸਮਾਗਮ ਦੀ ਅਗਵਾਈ ਐੱਸ. ਡੀ. ਐੱਮ ਜਲਾਲਾਬਾਦ ਪਿਰਥੀ ਸਿੰਘ ਅਤੇ ਡੀ. ਐੱਸ. ਪੀ. ਅਮਰਜੀਤ ਸਿੰਘ ਸਿੱਧੂ ਤੋਂ ਇਲਾਵਾ ਹੋਰ ਅਧਿਕਾਰੀਆਂ ਵਲੋਂ ਕੀਤੀ ਗਈ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸਕੂਲਾਂ, ਕਾਲਜਾਂ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਤੋਂ ਲੋਕਾਂ ਦੀ ਸ਼ਮੂਲੀਅਤ ਇਸ ਗੱਲ ਨੂੰ ਦਰਸ਼ਾ ਰਹੀ ਸੀ ਕਿ ਲੋਕ ਨਸ਼ੇ ਖਿਲਾਫ ਇੱਕਜੁੱਟ ਹੋਣਾ ਚਾਹੁੰਦੇ ਹਨ ਅਤੇ ਨਸ਼ੇ ਦੇ ਕੋਹੜ ਨੂੰ ਖਤਮ ਵੀ ਕਰਨਾ ਚਾਹੁੰਦੇ ਹਨ।
ਇਸ ਦੌਰਾਨ ਐੱਸ. ਡੀ. ਐੱਮ ਪਿਰਥੀ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਤੋਂ ਨੌਜਵਾਨਾਂ ਨੂੰ ਦੂਰ ਕਰਨ ਅਤੇ ਚੰਗੀ ਸੇਧ ਦੇਣ ਦੇ ਮਕਸਦ ਨਾਲ ਡੈਪੋ ਪ੍ਰੋਗਾਮ ਉਲੀਕਿਆ ਗਿਆ ਹੈ ਜਿਸ ਵਿਚ ਸੂਝਵਾਨ ਲੋਕਾਂ ਨੂੰ ਨਸ਼ੇ ਖਿਲਾਫ ਖੜੇ ਹੋਣ ਲਈ ਬਤੌਰ ਮੈਂਬਰ ਲਿਆ ਜਾ ਰਿਹਾ ਹੈ ਅਤੇ ਉਥੇ ਆਮ ਲੋਕਾਂ ਅਤੇ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਨਸ਼ੇ ਖਿਲਾਫ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਜਲਾਲਾਬਾਦ ਹਲਕੇ ਦੇ ਅੰਦਰ 8 ਹਜ਼ਾਰ ਲੋਕਾਂ ਦੇ ਹੁਣ ਤੱਕ ਫਾਰਮ ਭਰੇ ਜਾ ਚੁੱਕੇ ਹਨ ਅਤੇ ਇਹ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ।
ਇਸ ਮੌਕੇ ਡੀ. ਐੱਸ. ਪੀ ਅਮਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਆਮ ਲੋਕਾਂ ਨੂੰ ਡਰਨ ਦੀ ਲੋੜ ਨਹੀਂ ਅਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਲੋਕਾਂ ਦੇ ਨਾਲ ਹੈ ਅਤੇ ਲੋਕ ਨਿਧੱੜਕ ਹੋ ਕੇ ਸਰਕਾਰ ਦੇ ਇਸ ਪ੍ਰੋਗਰਾਮ ਨੂੰ ਸਫਲ ਬਨਾਉਣ ਲਈ ਸਹਿਯੋਗ ਕਰਨ ਅਤੇ ਜੇਕਰ ਕੋਈ ਨਸ਼ਾ ਵੇਚਦਾ ਹੈ ਜਾਂ ਕਰਦਾ ਹੈ ਤਾਂ ਪਹਿਲਾਂ ਉਸਨੂੰ ਨਿੱਜੀ ਤੌਰ 'ਤੇ ਸਮਝਾਇਆ ਜਾਵੇ ਅਤੇ ਜੇਕਰ ਉਹ ਨਹੀਂ ਸਮਝਦੇ ਤਾਂ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਅ ਪਤਾ ਗੁਪਤ ਰੱਖਿਆ ਜਾਵੇਗਾ।


Related News