35 ਹਜ਼ਾਰ ਦੀ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ

03/23/2018 4:34:52 PM

ਫਿਰੋਜ਼ਪੁਰ (ਕੁਮਾਰ) - ਪੰਜਾਬ ਵਿਜੀਲੈਂਸ ਦੀ ਟੀਮ ਨੇ ਪੰਜਾਬ ਪੁਲਸ ਫਿਰੋਜ਼ਪੁਰ ਦੇ ਏ. ਐੱਸ. ਆਈ. ਗੁਰਮੇਲ ਸਿੰਘ ਨੂੰ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਵਿਜੀਲੈਂਸ ਫਿਰੋਜ਼ਪੁਰ ਦੇ ਹਰਗੋਬਿੰਦ ਸਿੰਘ ਨੇ ਕਿਹਾ ਕਿ ਇੰਸਪੈਕਟਰ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਸ਼੍ਰੀ ਸਤਿਪ੍ਰੇਮ ਸਿੰਘ ਦੀ ਅਗਵਾਈ 'ਚ ਪੰਜਾਬ ਪੁਲਸ ਦੇ ਏ. ਐੱਸ. ਆਈ. ਗੁਰਮੇਲ ਸਿੰਘ ਨੂੰ ਕਥਿਤ ਤੌਰ 'ਤੇ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਗਵਾਹ ਕਰਨਵੀਰ ਸਿੰਘ ਮੈਡੀਕਲ ਅਫਸਰ, ਅੰਮ੍ਰਿਤਪਾਲ ਸਿੰਘ ਸਹਾਇਕ ਖੁਰਾਕ ਅਤੇ ਸਪਲਾਈ ਅਫਸਰ ਫਿਰੋਜ਼ਪੁਰ ਅਤੇ ਪ੍ਰਾਇਵੇਟ ਗਵਾਹ ਬੋਹੜ ਸਿੰਘ ਪੁੱਤਰ ਜਗੀਰ ਸਿੰਘ ਦੀ ਮੌਜ਼ੂਦਗੀ 'ਚ ਗ੍ਰਿਫਤਾਰ ਕੀਤਾ ਗਿਆ ਹੈ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਿਜੀਲੈਂਸ ਫਿਰੋਜ਼ਪੁਰ ਨੇ ਕਿਹਾ ਕਿ ਮਲਕੀਅਤ ਸਿੰਘ ਪੁੱਤਰ ਸਵਰਣ ਸਿੰਘ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਭਰਾ ਜਗਦੀਸ਼ ਸਿੰਘ ਪਤਨੀ ਸੁਰਜੀਤ ਰਾਣੀ ਵੱਲੋਂ ਆਪਣੇ ਪਹਿਲੇ ਪਤੀ ਅਰਜੁਨ ਖਿਲਾਫ ਦਿੱਤੀ ਸ਼ਿਕਾਇਤ ਦੀ ਜਾਂਚ ਪੜਤਾਲ ਕਰ ਰਹੇ ਏ.ਐੱਸ.ਆਈ. ਗੁਰਮੇਲ ਸਿੰਘ ਸ਼ਿਕਾਇਤ ਕਰਤਾ ਦੇ ਭਰਾ ਜਗਦੀਸ਼ ਸਿੰਘ ਖਿਲਾਫ ਮਾਮਲਾ ਦਰਜ ਨਾ ਕਰਨ ਅਤੇ ਜਗਦੀਸ਼ ਸਿੰਘ ਦੇ ਪੱਖ 'ਚ ਰਿਪੋਰਟ ਲਿਖਣ ਦੇ ਬਦਲੇ 35 ਹਜ਼ਾਰ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅੱਜ ਜਿਵੇਂ ਹੀ ਏ. ਐੱਸ. ਆਈ. ਰਿਸ਼ਵਤ ਲੈ ਰਿਹਾ ਸੀ, ਉਸ ਨੂੰ ਵਿਜੀਲੈਂਸ ਵਿਭਾਗ ਦੀ ਟੀਮ ਨੇ ਮੌਕੇ 'ਤੇ ਕਾਬੂ ਕਰ ਲਿਆ। ਉਨ੍ਹਾਂ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।


Related News