ਸੁਖਪਾਲ ਖਹਿਰਾ ਅਤੇ ਅਮਨ ਅਰੋੜਾ ਨੇ ਹੁਸੈਨੀਵਾਲਾ ਬਾਰਡਰ ''ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

03/23/2018 5:00:01 PM

ਫ਼ਿਰੋਜ਼ਪੁਰ (ਕੁਮਾਰ) : ਆਮ ਆਦਮੀ ਪਾਰਟੀ ਦੇ ਆਗੂ ਤੇ ਵਿਧਾਇਕ ਸੁਖਪਾਲ ਖਹਿਰਾ ਸ਼ੁੱਕਰਵਾਰ ਨੂੰ ਹੁਸੈਨੀਵਾਲਾ ਸਥਿਤ ਸ਼ਹੀਦਾਂ ਦੀਆਂ ਸਮਾਰਕਾਂ 'ਤੇ ਪਹੁੰਚੇ, ਜਿਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਸ਼ਹੀਦ ਬੀ.ਕੇ. ਦੱਤ ਦੀਆਂ ਸਮਾਧੀਆਂ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ 'ਆਪ' ਆਗੂ ਅਮਨ ਅਰੋੜਾ ਵੀ ਮੌਜੂਦ ਸਨ।
ਖੈਹਿਰਾ ਅਤੇ ਅਰੋੜਾ ਨੇ ਕਿਹਾ ਕਿ ਜਿਸ ਆਜ਼ਾਦ ਭਾਰਤ ਦੇ ਸੁਪਨਿਆਂ ਨੂੰ ਲੈ ਕੇ ਸਾਡੇ ਦੇਸ਼ ਭਗਤਾਂ ਨੇ ਸ਼ਹਾਦਤਾਂ ਦਿੱਤੀਆਂ ਸਨ, ਉਨ੍ਹਾਂ ਦੇ ਸੁਪਨੇ ਅੱਜ ਤੱਕ ਪੂਰੇ ਨਹੀਂ ਹੋਏ ਅਤੇ ਜੇਕਰ ਇਹ ਦੇਸ਼ ਭਗਤ ਅੱਜ ਜ਼ਿੰਦਾ ਹੁੰਦੇ ਤਾਂ ਉਨ੍ਹਾਂ ਨੂੰ ਦੇਸ਼ ਵਿਚ ਵੱਧਦੇ ਭ੍ਰਿਸ਼ਟਾਚਾਰ, ਅਣਪੜ੍ਹਤਾ ਅਤੇ ਨਸ਼ੇ ਆਦਿ ਨੂੰ ਦੇਖ ਕੇ ਭਾਰੀ ਦੁੱਖ ਹੋਣਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਇਸੇ ਲੋਕ ਸਭਾ ਦੇ ਸੈਸ਼ਨ ਵਿਚ ਇਨ੍ਹਾਂ ਸ਼ਹੀਦਾਂ ਨੂੰ ਰਾਸ਼ਟਰੀ ਸ਼ਹੀਦ ਦਾ ਦਰਜਾ ਦੇਵੇ ਅਤੇ ਮੋਹਾਲੀ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਿਆ ਜਾਵੇ।
ਖਹਿਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੱਥ ਵਿਚ ਗੁਟਕਾ ਸਾਹਿਬ ਲੈ ਕੇ ਸਹੁੰ ਚੁੱਕੀ ਸੀ ਕਿ ਸਰਕਾਰ ਬਨਣ ਦੇ 7 ਦਿਨਾਂ ਦੇ ਅੰਦਰ ਪੰਜਾਬ 'ਚੋਂ ਨਸ਼ਾ ਖਤਮ ਕਰ ਦਿੱਤਾ ਜਾਵੇਗਾ ਪਰ ਕੈਪਟਨ ਅਮਰਿੰਦਰ ਸਿੰਘ ਨਸ਼ੇ ਨੂੰ ਅੱਜ ਤੱਕ ਖਤਮ ਨਹੀਂ ਕਰ ਸਕੇ।


Related News