ਖਾਦਾਂ ਦੀ ਬੇਲੋੜੀ ਵਰਤੋਂ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼

06/07/2018 7:06:00 AM

ਚੰਡੀਗੜ੍ਹ (ਬਿਊਰੋ) - ਸੂਬੇ 'ਚ ਖਾਦਾਂ ਦੀ ਬੇਲੋੜੀ ਵਰਤੋਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਾਗ ਨੂੰ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਸੰਜਮ ਤੇ ਸੁਚੱਜੇ ਢੰਗ ਨਾਲ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਾਜੀਤ ਖੰਨਾ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਸਾਉਣੀ ਦੀਆਂ ਫਸਲਾਂ ਦੀ ਬੀਜਾਈ ਦੇ ਮੱਦੇਨਜ਼ਰ ਹੇਠਲੇ ਪੱਧਰ ਤੱਕ ਕਿਸਾਨਾਂ ਨੂੰ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ, ਜਿਸ ਨਾਲ ਕਿਸਾਨਾਂ ਦਾ ਲਾਗਤ ਖਰਚਾ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸਾਨ ਸਿਖਲਾਈ ਕੈਂਪ ਅਤੇ ਇਸ਼ਤਿਹਾਰੀ ਮੁਹਿੰਮ ਰਾਹੀਂ ਕਿਸਾਨਾਂ ਨੂੰ ਵਿਸਥਾਰਤ ਜਾਣਕਾਰੀ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਖੰਨਾ ਨੇ ਕਿਸਾਨਾਂ ਨੂੰ ਵੀ ਸਾਉਣੀ ਰੁੱਤ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਵਲੋਂ ਸਮੇਂ-ਸਮੇਂ ਸਿਰ ਦਿੱਤੀ ਜਾਂਦੀ ਸਲਾਹ 'ਤੇ ਗੌਰ ਕਰਨ ਦੀ ਅਪੀਲ ਕੀਤੀ, ਕਿਉਂਕਿ ਇਸ ਨਾਲ ਜਿੱਥੇ ਫਸਲ ਦੀ ਪੈਦਾਵਾਰ ਵਧੇਗੀ, ਉਥੇ ਹੀ ਜ਼ਮੀਨ ਦੀ ਸਿਹਤ 'ਚ ਵੀ ਸੁਧਾਰ ਹੋਵੇਗਾ। ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਜਿਨ੍ਹਾਂ ਖੇਤਾਂ ਵਿਚ ਪਹਿਲਾਂ ਹਾੜ੍ਹੀ ਦੌਰਾਨ ਕਣਕ ਦੀ ਫਸਲ ਬੀਜੀ ਗਈ ਸੀ ਤੇ ਉਸ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਿਫਾਰਸ਼ ਅਨੁਸਾਰ ਪੂਰੀ ਡੀ. ਏ. ਪੀ. ਪਾਈ ਗਈ ਸੀ, ਉਨ੍ਹਾਂ ਖੇਤਾਂ ਵਿਚ ਬੀਜੀਆਂ ਜਾਣ ਵਾਲੀਆਂ ਸਾਉਣੀ ਦੀਆਂ ਫਸਲਾਂ ਭਾਵ ਝੋਨਾ, ਨਰਮਾ, ਮੱਕੀ ਆਦਿ ਨੂੰ ਡੀ. ਏ. ਪੀ. ਖਾਦ ਪਾਉਣ ਦੀ ਲੋੜ ਨਹੀਂ ਹੈ।


Related News