ਬ੍ਰਿਸਬੇਨ ''ਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ

06/18/2018 9:11:01 AM

ਬ੍ਰਿਸਬੇਨ, (ਸੁਰਿੰਦਰਪਾਲ ਸਿੰਘ ਖੁਰਦ) — ਦੇਸ਼ ਅਤੇ ਵਿਦੇਸ਼ ਵਿਚ ਹਰ ਪਾਸੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੇ ਵੱਖ-ਵੱਖ ਗੁਰਦੁਆਰਾ ਸਹਿਬਾਨ (ਗੁਰਦੁਆਰਾ ਸਿੰਘ ਸਭਾ ਟੈਂਗਮ, ਗੁਰਦੁਆਰਾ ਸਾਹਿਬ ਬ੍ਰਿਸਬੇਨ ਸਿੱਖ ਟੈਂਪਲ ਲੋਗਨ ਰੋਡ, ਗੁਰੂ ਨਾਨਕ ਸਿੱਖ ਟੈਂਪਲ ਇਨਾਲਾ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨੁੱਖਤਾ ਦੇ ਹਮਦਰਦ, ਨਿਮਰਤਾ ਦੇ ਪੁੰਜ, ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਪੁਰਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬੜੀ ਸ਼ਰਧਾ ਨਾਲ ਮਨਾਇਆ ਗਿਆ।
ਸ੍ਰੀ ਅਖੰਠ ਪਾਠ ਜੀ ਦੇ ਭੋਗ ਪਾਏ ਜਾਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ। ਭਾਈ ਅਮਰਜੀਤ ਸਿੰਘ ਨਾਗਰਾ, ਗਿਆਨੀ ਹਰਕੀਰਤ ਸਿੰਘ, ਗਿਆਨੀ ਹਰਮਿੰਦਰ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਗੱਜਣ ਸਿੰਘ, ਭਾਈ ਪਰਮਜੀਤ ਸਿੰਘ ਨਾਮਧਾਰੀ, ਭਾਈ ਜਸਵੀਰ ਸਿੰਘ ਜਮਾਲਪੁਰੀ, ਭਾਈ ਦਿਆਲ ਸਿੰਘ ਅਤੇ ਗਿਆਨੀ ਕੁਲਦੀਪ ਸਿੰਘ ਆਦਿ ਦੇ ਪੰਥ ਪ੍ਰਸਿੱਧ ਜੱਥਿਆਂ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ, ਵੀਰ ਰਸੀ ਵਾਰਾਂ ਤੇ ਕਥਾ ਵਿਚਾਰਾਂ ਰਾਹੀਂ ਗੁਰੂ ਸਾਹਿਬਾਨ ਜੀ ਵੱਲੋਂ ਦਰਸਾਏ ਗਏ ਜੀਵਨ ਫ਼ਲਸਫੇ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ ਗਿਆ। 
ਉਨ੍ਹਾਂ ਸੰਗਤਾਂ ਨੂੰ ਦੱਸਿਆ ਕਿ ਜਿੱਥੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੇ ਸਿੱਖ ਇਤਿਹਾਸ ਵਿੱਚ ਇੱਕ ਨਵੇਂ ਯੁੱਗ ਅਤੇ ਕ੍ਰਾਂਤੀ ਦੀ ਨੀਂਹ ਰੱਖੀ ਸੀ, ਉੱਥੇ ਹੀ ਮਾਨਵਤਾ ਦੀ ਭਲਾਈ ਲਈ ਜਬਰ ਅਤੇ ਜ਼ੁਲਮ ਦੇ ਖਿਲਾਫ ਅਵਾਜ਼ ਬੁਲੰਦ ਕਰ ਕੇ ਅਣਖ ਨਾਲ ਜਿਊਣ ਲਈ ਪ੍ਰੇਰਨਾ ਵੀ ਦਿੱਤੀ। ਗੁਰੂ ਸਾਹਿਬਾਨ ਨੇ ਸਰਬ-ਸਾਂਝੀਵਾਲਤਾ, ਕ੍ਰਾਂਤੀਕਾਰੀ ਵਿਚਾਰਧਾਰਾ, ਕਿਰਤ ਕਰੋ ਤੇ ਵੰਡ ਕੇ ਛਕੋ, ਸੱਚਾ ਸੁੱਚਾ ਜੀਵਨ ਜਿਊਣ, ਸਮਾਜਿਕ ਬਰਾਬਰੀ ਦੀ ਜੀਵਨ ਜਾਚ, ਨਾਮ ਸਿਮਰਨ, ਹੰਕਾਰ ਤਿਆਗ ਕੇ ਸਾਦਗੀ ਵਾਲਾ ਜੀਵਨ ਬਤੀਤ ਕਰਨ ਆਦਿ ਦੇ ਸੰਦੇਸ਼ ਦਿੱਤੇ ਹਨ ਜੋ ਕਿ ਹਮੇਸ਼ਾ ਹੀ ਜੀਵਨ ਵਿਚ ਮਾਰਗਦਰਸ਼ਨ ਦਾ ਕਾਰਜ ਕਰਦੇ ਹਨ। ਉਪਰੰਤ ਗੁਰੂ ਘਰ ਦੇ ਸੇਵਾਦਾਰ ਰਣਦੀਪ ਸਿੰਘ ਜੌਹਲ, ਸੁਖਦੇਵ ਸਿੰਘ ਗਰਚਾ ਪ੍ਰਧਾਨ, ਪਰਮਿੰਦਰ ਸਿੰਘ, ਜਸਜੋਤ ਸਿੰਘ ਪ੍ਰਧਾਨ, ਅਵਨਿੰਦਰ ਸਿੰਘ ਲਾਲੀ, ਸੁਖਰਾਜਵਿੰਦਰ ਸਿੰਘ, ਮਨਦੀਪ ਸਿੰਘ, ਸੁਖਦੇਵ ਸਿੰਘ ਵਿਰਕ, ਅਮਰਜੀਤ ਸਿੰਘ ਮਾਹਲ ਪ੍ਰਧਾਨ, ਜਰਨੈਲ ਸਿੰਘ ਬਾਸੀ, ਦਲਬੀਰ ਸਿੰਘ ਹਲਵਾਰਵੀ, ਬਾਬਾ ਬਲਵੰਤ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਸੇਵਾਦਾਰਾਂ ਨੇ ਸੰਗਤਾਂ ਨੂੰ ਆਪਣੇ ਸੰਬੋਧਨ 'ਚ ਕਿਹਾ ਕਿ ਗੁਰੂ ਜੀ ਦੀ ਸ਼ਹੀਦੀ ਦੇ ਮਹਾਨ ਬਲਿਦਾਨ ਅਤੇ ਜੀਵਨ ਵਿੱਚ ਦਰਸਾਏ ਮਾਰਗ ਤੋਂ ਸੇਧ ਲੈ ਕੇ ਗੁਰੂ ਵਾਲੇ ਬਣਨ ਅਤੇ ਬਾਣੇ ਅਤੇ ਬਾਣੀ ਦੇ ਧਾਰਨੀ ਬਣਨਾ ਚਾਹੀਦਾ ਹੈ। ਇਸ ਮੌਕੇ ਗੁਰੂ ਦੀਆਂ ਸੰਗਤਾਂ ਨੇ ਹੁੰਮ-ਹੁਮਾ ਕੇ ਹਾਜ਼ਰੀ ਭਰੀ।ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।


Related News