ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਐਕਸੀਅਨ ਦਫਤਰ ਮੂਹਰੇ ਲਗਾਇਆ ਧਰਨਾ

06/18/2018 4:23:53 PM

ਬਾਘਾਪੁਰਾਣਾ (ਰਾਕੇਸ਼) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 16 ਘੰਟੇ ਬਿਜਲੀ ਦੀ ਨਿਰਵਿਘਨ ਸਪਲਾਈ ਲੈਣ ਲਈ ਪਿਛਲੇ ਕਈ ਦਿਨਾਂ ਤੋਂ ਬਾਘਾਪੁਰਾਣਾ ਡਵੀਜ਼ਨ ਮੂਹਰੇ ਧਰਨਾ ਲਗਾਇਆ ਜਾ ਰਿਹਾ ਹੈ। ਉਕਤ ਜੱਥੇਬੰਦੀ ਨੇ ਮੰਗਾਂ ਪੂਰੀਆਂ ਨਾ ਹੋਣ 'ਤੇ ਬਲਾਕ ਪ੍ਰਧਾਨ ਗੁਰਦਾਸ ਸਿੰਘ ਦੀ ਅਗਵਾਈ 'ਚ 5ਵੇਂ ਦਿਨ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਲਾ ਕੇ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨ ਕੀਤਾ। 
ਇਸ ਧਰਨੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਨੇ 20 ਜੂਨ ਤੋਂ ਰੋਜ਼ਾਨਾਂ 8 ਘੰਟੇ ਬਿਜਲੀ ਸਪਲਾਈ ਨਿਰਵਿਘਨ ਦੇਣ ਦਾ ਐਲਾਨ ਕੀਤਾ ਸੀ ਪਰ ਪੰਜਾਬ 'ਚ ਮੀਂਹ ਪੈਣ ਦੇ ਬਾਵਜੂਦ ਕਿਸਾਨਾਂ ਨੂੰ 4 ਘੰਟੇ ਦੀ ਬਿਜਲੀ ਸਪਲਾਈ ਵੀ ਪੂਰੀ ਨਹੀਂ ਦਿੱਤੀ ਜਾ ਰਹੀ। ਇਸੇ ਕਾਰਨ ਕਿਸਾਨਾਂ ਨੂੰ ਝੋਨਾ ਲਗਾਉਣ ਲਈ ਖੇਤਾਂ ਨੂੰ ਤਿਆਰ ਕਰਨ 'ਚ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 
ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ 16 ਘੰਟੇ ਨਿਰਵਿਘਨ ਸਪਲਾਈ ਲੈਣ ਲਈ 19 ਜੂਨ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਦਿੱਤੇ ਜਾ ਰਹੇ ਧਰਨੇ 'ਚ ਬਾਘਾਪੁਰਾਣਾ ਤੋਂ ਜਥੇਬੰਦੀ ਦੇ ਆਗੂ ਅਤੇ ਕਿਸਾਨ ਵੱਡੀ ਗਿਣਤੀ 'ਚ ਹਿੱਸਾ ਲੈਣਗੇ। ਇਸ ਧਰਨੇ 'ਚ ਨਿਰਭੈ ਸਿੰਘ, ਅਜੀਤ ਸਿੰਘ, ਸੋਹਣ ਸਿੰਘ, ਜਗਦੀਪ ਸਿੰਘ, ਹਰਮੰਦਰ ਸਿੰਘ, ਗੁਰਤੇਜ ਸਿੰਘ ਆਦਿ ਹਾਜ਼ਰ ਸਨ।


Related News