ਸਰਕਾਰੀ ਸਕੂਲ ਛੀਟਾਂਵਾਲਾ ਅੱਗੇ ਪਿੰਡ ਵਾਸੀਆਂ ਦਾ ਧਰਨਾ ਦੂਜੇ ਦਿਨ ਵੀ ਜਾਰੀ (ਵੀਡੀਓ)

07/19/2018 3:53:59 PM

ਨਾਭਾ(ਬਿਊਰੋ)—ਨਾਭਾ ਬਲਾਕ ਦੇ ਪਿੰਡ ਛੀਟਾਂਵਾਲਾ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਦ ਕਰਕੇ ਪਿੰਡ ਵਾਸੀਆਂ ਵਲੋਂ ਲਗਾਇਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਤੇ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਕਈ ਦਾਅਵੇ ਕੀਤੇ ਜਾਂਦੇ ਹਨ ਪਰ ਇਸ ਸਰਕਾਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਤੇ ਪਿੰਡ ਵਾਸੀਆਂ ਵਲੋਂ ਅਣਮਿੱਥੇ ਸਮੇਂ ਲਈ ਲਗਾਇਆ ਧਰਨਾ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਿਹਾ ਹੈ। ਇਸ ਸਬੰਧੀ ਪਿੰਡ ਦੇ ਸਾਬਕਾ ਸਰਪੰਚ ਸਮੇਤ ਵਿਦਿਆਰਥੀਆਂ ਤੇ ਪਿੰਡ ਵਾਸੀਆਂ ਨੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਕੇ ਜਮ ਕੇ ਭੜਾਸ ਕੱਢੀ।
ਜਦੋਂ ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਬਹਾਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿੱਖਿਆ ਵਿਭਾਗ ਨੂੰ ਲਿਖਤੀ ਰੂਪ 'ਚ ਸੂਚਿਤ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸਕੂਲ 'ਚ ਅਧਿਆਪਕਾਂ ਦੀਆਂ 9 ਅਸਾਮੀਆਂ ਖਾਲੀ ਹਨ ਤੇ ਇਸ ਸਕੂਲ 'ਚ 12 ਪਿੰਡਾਂ ਤੋਂ ਵਿਦਿਆਰਥੀ ਪੜ੍ਹਨ ਲਈ ਆਉਂਦੇ ਹਨ। ਅਧਿਆਪਕਾਂ ਦੀ ਘਾਟ ਕਾਰਨ ਤੇ ਸਕੂਲ ਨੂੰ ਜਿੰਦਰਾ ਲੱਗਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਦਿਨ-ਬ-ਦਿਨ ਗੰਭੀਰ ਹੁੰਦੇ ਜਾ ਰਹੇ ਇਸ ਮਸਲੇ ਨੂੰ ਸਿੱਖਿਆ ਵਿਭਾਗ ਕਦੋਂ ਤੱਕ ਹੱਲ ਕਰਦਾ ਹੈ।


Related News