ਕੈਪਟਨ ਸਰਕਾਰ ਦੇਸ਼ ਧ੍ਰੋਹੀਆਂ ਨਾਲ ਮਿਲ ਕੇ ਸਿੱਖ ਕੌਮ ਨੂੰ ਬਦਨਾਮ ਕਰਨ ''ਤੇ ਤੁਲੀ : ਭੂੰਦੜ

09/16/2018 11:14:41 AM

ਮਾਨਸਾ (ਮਿੱਤਲ)— ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਰਜਕਾਲ ਦੌਰਾਨ ਸਿੱਖ ਕੌਮ 'ਤੇ ਜੋ ਅੱਤਿਆਚਾਰ ਕੀਤੇ ਸਨ, ਉਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਹਮੇਸ਼ਾ ਨਿਰਪੱਖਤਾ ਦਾ ਰਾਗ ਅਲਾਪਣ ਵਾਲੀ ਕਾਂਗਰਸ ਪਾਰਟੀ ਨੇ ਸਿੱਖ ਕੌਮ ਨੂੰ ਖਤਮ ਕਰਨ 'ਚ ਕੋਈ ਕਸਰ ਨਹੀਂ ਛੱਡੀ। ਇਹ ਦੋਸ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਪਿੰਡ ਬਰਨਾਲਾ ਵਿਖੇ ਅਕਾਲੀ ਆਗੂ ਅਵਤਾਰ ਸਿੰਘ ਰਾੜਾ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਲਾਉਂਦੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੁਰਸੀ ਦੇ ਲਾਲਚ 'ਚ ਸਿੱਖ ਹੋÎਣ ਦੇ ਨਾਤੇ ਭੁੱਲ ਬੈਠੇ ਹਨ ਕਿ ਸੰਨ 1984 'ਚ ਦਿੱਲੀ 'ਚ ਸਿੱਖ ਕਤਲੇਆਮ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 'ਤੇ ਹਮਲਾ, ਸਿੱਖਾਂ ਦੀ ਸਰਬ ਉੱਚ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਜੀ ਨੂੰ ਗੋਲੀਆਂ ਨਾਲ ਛੱਲਣੀ ਕਰ ਕੇ ਢਹਿ-ਢੇਰੀ ਕਰਨ, ਪੰਜਾਬ ਦੇ ਪਾਣੀਆਂ ਦੀ ਲੁੱਟ ਕਰਨਾ ਕਾਂਗਰਸ ਪਾਰਟੀ ਦੀ ਵੱਡੀ ਦੇਣ ਹਨ। ਇਸ ਤੋਂ ਸਾਫ ਸਾਬਤ ਹੋ ਚੁੱਕਾ ਹੈ ਕਿ ਕਾਂਗਰਸ ਪਾਰਟੀ ਹੀ ਸਿੱਖ ਕੌਮ ਦੀ ਅਸਲ ਦੁਸ਼ਮਣ ਹੈ।

ਸ਼੍ਰੀ ਭੂੰਦੜ ਨੇ ਕਿਹਾ ਕਿ ਸੰਨ 1984 ਦੇ ਕਤਲੇਆਮ ਦੇ ਸਿੱਖ ਪੀੜਤ ਪਰਿਵਾਰ ਤਿੰਨ ਦਹਾਕਿਆਂ ਤੋਂ ਕਾਂਗਰਸ ਦੇ ਦੋਸ਼ੀ ਨੇਤਾ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਤੇ ਹੋਰਨਾਂ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਭਟਕ ਰਹੇ ਹਨ। ਉਨ੍ਹਾਂ ਕਿਹਾ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਹਿੱਤਾਂ ਦੀ ਕੋਈ ਪ੍ਰਵਾਹ ਨਹੀਂ। ਉਹ ਪੰਜਾਬ ਦੇ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦਿਆਂ ਤੋਂ ਭੱਜ ਚੁੱਕੇ ਹਨ। ਆਕਾਲੀ-ਭਾਜਪਾ ਸਰਕਾਰ ਦੇ ਵਲੋਂ ਗਰੀਬ ਵਰਗ ਨੂੰ ਦਿੱਤੀਆਂ ਗਈਆਂ ਅਨੇਕਾਂ ਸਹੂਲਤਾਂ ਕੈਪਟਨ ਸਰਕਾਰ ਨੇ ਬੰਦ ਕਰ ਦਿੱਤੀਆਂ।

ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਆਪਣੀਆਂ ਗਲਤੀਆਂ ਛੁਪਾਉਣ ਲਈ ਦੇਸ਼ ਧ੍ਰੋਹੀਆਂ ਨਾਲ ਮਿਲ ਕੇ ਸਿੱਖ ਕੌਮ ਨੂੰ ਬਦਨਾਮ ਕਰਨ ਲਈ ਪੰਜਾਬ ਦਾ ਮਾਹੌਲ ਖਰਾਬ ਕਰਨ 'ਤੇ ਤੁਲੀ ਹੋਈ ਹੈ। ਇਸ ਵੇਲੇ ਪੰਜਾਬ 'ਚ ਮੁੜ ਐਮਰਜੈਂਸੀ ਵਰਗੇ ਹਾਲਾਤ ਪੈਦਾ ਹੋ ਰਹੇ ਹਨ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਣਾਉਣ ਸਬੰਧੀ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਪਾਰਟੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਮਜ਼ਬੂਤ ਹੈ।


Related News